ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1.25 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ

ਕਿਸਾਨਾਂ ਨੂੰ 172 ਕਰੋੜ 41 ਲੱਖ ਰੁਪਏ ਝੋਨੇ ਦੀ ਅਦਾਇਗੀ ਕੀਤੀ: ਡੀਸੀ ਗਿਰੀਸ਼ ਦਿਆਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1 ਲੱਖ 25 ਹਜ਼ਾਰ 398 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਕ ਪਾਸੇ ਜਿੱਥੇ ਪੰਜਾਬ ਦਾ ਅੰਨਦਾਤਾ ਕਿਸਾਨ ਵਿਰੋਧੀ ਖੇਤੀ ਬਿੱਲਾਂ ਦੇ ਖ਼ਿਲਾਫ਼ ਸੰਘਰਸ਼ ਦੀ ਰਾਹ ’ਤੇ ਹੈ, ਉੱਥੇ ਕਿਸਾਨ ਝੋਨਾ ਕੱਟ ਕੇ ਮੰਡੀਆਂ ਵਿੱਚ ਪੁੱਜਦਾ ਕਰਨ ਦੇ ਕੰਮ ਵਿੱਚ ਡਟੇ ਹੋਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਛੁੱਟੀ ਵਾਲੇ ਦਿਨਾਂ ਵਿੱਚ ਵੀ ਝੋਨੇ ਦੀ ਸਰਕਾਰੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਗਿਆ।
ਡੀਸੀ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ ਅਤੇ ਕਿਸਾਨਾਂ ਨੂੰ ਖ਼ਰੀਦੇ ਗਏ ਝੋਨੇ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਕਿਸਾਨਾਂ ਨੂੰ 172 ਕਰੋੜ 41 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਹੁਣ ਤੱਕ 1 ਲੱਖ 25 ਹਜ਼ਾਰ 398 ਮੀਟਰਿਕ ਟਨ ਦੀ ਆਮਦ ਹੋ ਈ ਹੈ। ਜਿਸ ’ਚੋਂ 1 ਲੱਖ 25 ਹਜ਼ਾਰ 258 ਮੀਟਰਿਕ ਟਨ ਝੋਨਾ ਖ਼ਰੀਦਿਆਂ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਨੇ 30 ਹਜ਼ਾਰ 460 ਮੀਟਰਿਕ ਟਨ, ਮਾਰਕਫੈੱਡ ਨੇ 48 ਹਜ਼ਾਰ 850 ਮੀਟਰਿਕ ਟਨ, ਪਨਸਪ ਨੇ 21 ਹਜ਼ਾਰ 260 ਮੀਟਰਿਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 15 ਹਜ਼ਾਰ 535 ਮੀਟਰਿਕ ਟਨ, ਐਫ਼ਸੀਆਈ ਨੇ 8 ਹਜ਼ਾਰ 985 ਮੀਟਰਿਕ ਟਨ ਝੋਨਾ ਖ਼ਰੀਦਿਆਂ ਗਿਆ ਹੈ ਜਦੋਂਕਿ ਆੜ੍ਹਤੀਆਂ ਨੇ 168 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡੀਸੀ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਝੋਨੇ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ’ਚੋਂ 1 ਲੱਖ 1 ਹਜ਼ਾਰ 771 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ ਅਤੇ ਬਾਕੀ ਰਹਿੰਦੀ ਫਸਲ ਨੂੰ ਮੰਡੀਆਂ ਨੂੰ ਚੁੱਕਣ ਦਾ ਕੰਮ ਜਾਰੀ ਹੈ।
ਸ੍ਰੀ ਦਿਆਲਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੇਵਲ ਸੁਪਰ ਐਸਐਮਐਸ ਲੱਗੀ ਕੰਬਾਈਨ ਨਾਲ ਹੀ ਕਰਵਾਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ ਕਿਉਂਕਿ ਰਾਤ ਨੂੰ ਫਸਲ ਕੱਟਣ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਵੱਧ ਹੁੰਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾ ਕੇ ਨਾ ਸਾੜਿਆ ਜਾਵੇ, ਕਿਉਂਕਿ ਅਜਿਹਾ ਕਰਨ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ, ਉੱਥੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

Load More Related Articles

Check Also

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਪੰਜਾ…