ਪੰਜਾਬ ਦੀ ਤਰੱਕੀ ਲਈ ਕਾਰਜਸ਼ੀਲ ਹਨ ਖ਼ੁਸ਼ਹਾਲੀ ਦੇ ਰਾਖੇ: ਲੈਫ਼. ਜਨਰਲ ਟੀ.ਐਸ. ਸ਼ੇਰਗਿੱਲ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਪ੍ਰਸ਼ਾਸਨ ਵੱਲੋਂ ਮਿਲੇਗਾ ਪੂਰਨ ਸਹਿਯੋਗ: ਡੀਸੀ ਸ੍ਰੀਮਤੀ ਸਪਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਲਈ ‘ਗਾਰਡੀਅਨਜ਼ ਆਫ਼ ਗਵਰਨੈਂਸ’ ਪੰਜਾਬ ਸਰਕਾਰ ਦੇ ਅੱਖ ਅਤੇ ਕੰਨ ਬਣ ਕੇ ਕੰਮ ਕਰ ਰਹੇ ਹਨ। ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਸੈਨਿਕਾਂ ਦੀ ਇਮਾਨਦਾਰੀ ਅਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣ ਦੀ ਭਾਵਨਾ ਦੇ ਮੱਦੇਨਜ਼ਰ ਹੀ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼. ਜਨਰਲ ਟੀ.ਐਸ. ਸ਼ੇਰਗਿੱਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਗਾਰਡੀਅਨਜ਼ ਆਫ ਗਵਰਨੈਂਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੌਕੇ ਸ੍ਰੀ ਸ਼ੇਰਗਿਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚੋਂ ਇਸ ਢੰਗ ਨਾਲ ਸੇਵਾ ਕਰਨ ਦਾ ਮੌਕਾ ਸਾਬਕਾ ਫ਼ੌਜੀਆਂ ਨੂੰ ਪਹਲਿੀ ਵਾਰ ਪੰਜਾਬ ਵਿੱਚ ਹੀ ਮਿਲਿਆ ਹੈ। ਜੋ ਇੱਜ਼ਤ ਤੇ ਮਾਣ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਨੂੰ ਦਿੱਤਾ ਗਿਆ ਹੈ, ਗਾਰਡੀਅਨਜ਼ ਆਫ਼ ਗਵਰਨੈਂਸ ਉਸ ਨੂੰ ਅੱਗੇ ਲੋਕਾਂ ਤੱਕ ਪੁੱਜਦਾ ਕਰਨ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਾਬਕਾ ਸੈਨਿਕ ਯੋਧੇ ਹਨ ਤੇ ਯੋਧੇ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਦਾ ਮੁੱਖ ਟੀਚਾ ਪੰਜਾਬ ਨੂੰ ਦੇਸ਼ ਵਿੱਚੋਂ ਪਹਿਲੇ ਨੰਬਰ ’ਤੇ ਲੈ ਕੇ ਆਉਣਾ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਦਿਆਂ ਪੰਜਾਬ ਦੀ ਤਰੱਕੀ ਲਈ ਕੰਮ ਕੀਤਾ ਜਾਵੇ।
ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਲੋਕਾਂ ਨੂੰ ਸਾਬਕਾ ਫ਼ੌਜੀਆਂ ਉੱਤੇ ਬਹੁਤ ਭਰੋਸਾ ਹੈ ਤੇ ਖ਼ੁਸ਼ਹਾਲੀ ਦੇ ਰਾਖਿਆਂ ਵੱਲੋਂ ਕਿਸੇ ਵੀ ਪੱਧਰ ’ਤੇ ਕਿਸੇ ਵੀ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਵੱਲੋਂ ਭੇਜੀਆਂ ਜਾਂਦੀਆਂ ਰਿਪੋਰਟਾਂ ਸਿੱਧੀਆਂ ਮੁੱਖ ਮੰਤਰੀ ਦਫ਼ਤਰ, ਪ੍ਰਮੁੱਖ ਸਕੱਤਰ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮਜ਼ ਕੋਲ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਮੁੱਖ ਮੰਤਰੀ ਦੇ ਸਲਾਹਕਾਰ ਨੇ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਦਾ ਮਕਸਦ ਸਾਬਕਾ ਫੌਜੀਆਂ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਉਤੇ ਨਜ਼ਰ ਰੱਖਣ ਦੇ ਨਾਲ-ਨਾਲ, ਇਹ ਯਕੀਨੀ ਬਣਾਉਣਾ ਵੀ ਹੈ ਕਿ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਅਤੇ ਮਦਦ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ ਅਤੇ ਇਹ ਸਿਰਫ਼ ਲੋੜਵੰਦਾਂ ਅਤੇ ਸਹੀ ਹੱਥਾਂ ਵਿੱਚ ਪੁੱਜੇ।
ਇਸ ਤੋਂ ਪਹਿਲਾਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਵਾਈਸ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਐਸ.ਪੀ.ਐਸ. ਗਰੇਵਾਲ ਨੇ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਸਰਕਾਰ ਦੇ ਅੱਖ ਤੇ ਕੰਨ ਹਨ ਤੇ ਉਨ੍ਹਾਂ ਵੱਲੋਂ ਭੇਜੀਆਂ ਗਈਆਂ ਰਿਪੋਰਟਾਂ ਉਤੇ ਫੌਰੀ ਕਾਰਵਾਈ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਖੁਸ਼ਹਾਲੀ ਦੇ ਰਾਖਿਆਂ ਦੇ ਤਜਰਬੇ ਵੀ ਸਾਂਝੇ ਕੀਤੇ। ਉਨ੍ਹਾਂ ਆਸ ਪ੍ਰਗਟਾਈ ਕਿ ਸਾਬਕਾ ਫ਼ੌਜੀ ਆਪਣੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਨੂੰ ਸਿਖਰਾਂ ’ਤੇ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਮੀਟਿੰਗ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸ੍ਰੀ ਟੀ.ਐਸ. ਸ਼ੇਰਗਿੱਲ ਸਮੇਤ ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਰੂਪ ਵਿੱਚ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ, ਜੋ ਪੰਜਾਬ ਦੀ ਤਰੱਕੀ ਲਈ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਸ੍ਰੀਮਤੀ ਸਪਰਾ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸਮੱਸਿਆ ਆਉਣ ’ਤੇ ਗਾਰਡੀਅਨਜ਼ ਆਫ਼ ਗਵਰਨੈਂਸ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਜ਼ਿਲ੍ਹੇ ਦੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੁਖੀ (ਸੇਵਾਮੁਕਤ) ਕਰਨਲ ਬਲਬੀਰ ਸਿੰਘ, ਐਸ.ਡੀ.ਐਮ. ਮੋਹਾਲੀ ਡਾ. ਆਰ.ਪੀ. ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਡੀ.ਕੇ.ਸਾਲਦੀ, ਡੀ.ਐਫ.ਐਸ.ਸੀ. ਸੁਖਵਿੰਦਰ ਸਿੰਘ, ਡਿਪਟੀ ਡਾਇਰੈਕਟਰ (ਬਾਗ਼ਬਾਨੀ) ਤਰਲੋਚਨ ਸਿੰਘ ਸਮੇਤ ਜ਼ਿਲ੍ਹੇ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀ ਅਤੇ ਭਗਵੰਤ ਸਿੰਘ ਅਬਰਾਵਾਂ ਸਮੇਤ ਜ਼ਿਲ੍ਹੇ ਦੇ ਗਾਰਡੀਅਨਜ਼ ਆਫ਼ ਗਵਰਨੈਂਸ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …