
ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਰੋਸ ਧਰਨੇ, ਰੈਲੀਆਂ ਕਰਨ ’ਤੇ ਪਾਬੰਦੀ ਦੇ ਹੁਕਮ
ਨਬਜ਼-ਏ-ਪੰਜਾਬ, ਮੁਹਾਲੀ, 13 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਹੱਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਤਾਜ਼ਾ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਗਾਉਣ ਅਤੇ ਮੁਜ਼ਾਹਰੇ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 16 ਜੁਲਾਈ ਤੋਂ ਲੈ ਕੇ 15 ਸਤੰਬਰ 2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਾਗੂ ਰਹਿਣਗੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਮੁਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ ਰੋਸ ਧਰਨੇ, ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ ਅਤੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਅਜਿਹੇ ਹਾਲਾਤਾਂ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਅੰਦਰ ਉਪਰੋਕਤ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।