
ਉੱਘੇ ਸਮਾਜ ਸੇਵਕ ਚਰਨਜੀਤ ਸਿੰਘ ਵਾਲੀਆ ਦੀ ਕਰੋਨਾ ਨਾਲ ਮੌਤ
ਫੋਰਟਿਸ ਹਸਪਤਾਲ ਵਿੱਚ ਲਿਆ ਆਖ਼ਰੀ ਸਾਹ, ਕਰੋਨਾ ਪੀੜਤ ਨੌਜਵਾਨ ਪੁੱਤ ਦੀ ਹਾਲਤ ਵੀ ਗੰਭੀਰ
ਵਿੱਦਿਅਕ ਸੰਸਥਾਵਾਂ ਦੇ ਮੁਖੀਆਂ, ਧਾਰਮਿਕ, ਸਮਾਜਿਕ ਤੇ ਰਾਜਸੀ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਬਲੌਂਗੀ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਚਰਨਜੀਤ ਸਿੰਘ ਵਾਲੀਆ ਦਾ ਕਰੋਨਾ ਮਹਾਮਾਰੀ ਕਾਰਨ ਦੇਹਾਂਤ ਹੋ ਗਿਆ। ਉਹ ਕਰੋਨਾ ਤੋਂ ਪੀੜਤ ਸਨ ਅਤੇ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ। ਅੱਜ ਬਾਅਦ ਦੁਪਹਿਰ ਉਹ ਕਰੋਨਾ ਦੇ ਕਹਿਰ ਅੱਗੇ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਏ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਨਰਸਿੰਗ ਕਾਲਜ ਐਸੋਸੀਏਸ਼ਨ, ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ (ਜੈੱਕ) ਅਤੇ ਪੰਜਾਬੀ ਫ਼ਿਲਮ ਨਗਰੀ ਵਿੱਚ ਸੋਕ ਦੀ ਲਹਿਰ ਫੈਲ ਗਈ। ਸ੍ਰੀ ਵਾਲੀਆ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਮੁਖੀ ਦੇ ਨਾਲ-ਨਾਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਟਰੱਸਟ ਦੇ ਵੀ ਪ੍ਰਧਾਨ ਸਨ। ਉਧਰ, ਚਰਨਜੀਤ ਵਾਲੀਆ ਦਾ ਬੇਟਾ ਤੇਗਬੀਰ ਸਿੰਘ ਵਾਲੀਆ ਵੀ ਕਰੋਨਾ ਤੋਂ ਪੀੜਤ ਹੈ ਅਤੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਹੈ। ਉਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਇਹ ਪਰਿਵਾਰ ਕਰੋਨਾ ਪੀੜਤ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਸੰਪਰਕ ਵਿੱਚ ਆਇਆ ਸੀ। ਜੀਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਪ੍ਰਾਈਵੇਟ ਕਾਲਜਾਂ ਦੀ ਸੰਸਥਾ ਜੈੱਕ ਦੇ ਬੁਲਾਰੇ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਚਰਨਜੀਤ ਵਾਲੀਆ ਪਿਛਲੇ ਦੋ ਦਹਾਕਿਆਂ ਤੋਂ ਨਰਸਿੰਗ ਕਾਲਜਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਸਨ। ਉਨ੍ਹਾਂ ਵੱਲੋਂ ਪ੍ਰਦਰਸ਼ਿਤ ਕੀਤੀਆਂ ਗਈਆਂ ਦੋ ਪੰਜਾਬੀ ਫ਼ਿਲਮਾਂ ‘ਆਟੇ ਦੀ ਚਿੜੀ’ ਅਤੇ ਠੱਗ ਲਾਈਫ਼’ ਰਾਹੀਂ ਸਮਾਜ ਨੂੰ ਸਹੀ ਸੇਧ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਅਤੇ ਦਰਸ਼ਕਾਂ ਨੇ ਇਨ੍ਹਾਂ ਦੋਵੇਂ ਫ਼ਿਲਮਾਂ ਨੂੰ ਭਰਵਾ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਾਲੀਆ ਦੀ ਮੌਤ ਨਾਲ ਸਮਾਜ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ, ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਕਾਰਜਕਾਰੀ ਚੇਅਰਮੈਨ ਮਨਜੀਤ ਸਿੰਘ, ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ, ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਚਿਤਕਾਰਾ ਯੂਨੀਵਰਸਿਟੀ ਦੇ ਮੋਹਿਤ ਚਿਤਕਾਰਾ, ਆਰੀਅਨ ਕਾਲਜ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ, ਸ੍ਰੀ ਸੁਖਮਨੀ ਗਰੁੱਪ ਆਫ਼ ਕਾਲਜਿਜ਼ ਡੇਰਾਬੱਸੀ ਦੇ ਡਾਇਰੈਕਟਰ ਦਮਨਜੀਤ ਸਿੰਘ, ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਰਿਆਤ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਯੂਨੀਵਰਸਲ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਜੈਕ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਸੀਟੀ ਯੂਨੀਵਰਸਿਟੀ ਲੁਧਿਆਣਾ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ, ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਬੱਬੀ ਬਾਦਲ, ਮੇਅਰ ਜੀਤੀ ਸਿੱਧੂ, ਸਾਬਕਾ ਮੇਅਰ ਕੁਲਵੰਤ ਸਿੰਘ, ਡਿਪਟੀ ਮੇਅਰ ਕੁਲਜੀਤ ਬੇਦੀ, ਸੁਖਵਿੰਦਰ ਸਿੰਘ ਚੱਠਾ, ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਐਸਐਸ ਸਾਂਘਾ ਸਮੇਤ ਹੋਰਨਾਂ ਆਗੂਆਂ ਨੇ ਚਰਨਜੀਤ ਵਾਲੀਆ ਦੀ ਮੌਤ ’ਤੇ ਅਫਸੋਸ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।