ਘੱਟ ਗਿਣਤੀ ਵਰਗਾਂ ਲਈ ਸਿੱਖਿਆ ਤੇ ਰੁਜ਼ਗਾਰ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ

ਕੌਮੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਵੱਖੋ-ਵੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਘੱਟ ਗਿਣਤੀ ਵਰਗਾਂ ਵਿੱਚ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਤ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਹਾਲੇ ਵੀ ਬਹੁਤ ਲੋੜ ਹੈ। ਇਹ ਪ੍ਰਗਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਰਿੰਚਨ ਲਾਮੋ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਸਮੇਤ ਵੱਖੋ-ਵੱਖ ਭਾਈਚਾਰੇ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਿਤਕਰੇ ਦੇ ਮਾਮਲਿਆਂ ਨਾਲ ਨਜਿੱਠਣ ਦੇ ਨਾਲ-ਨਾਲ ਇਹ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਡੇ ਦੇਸ਼ ਦੇ ਘੱਟ ਗਿਣਤੀ ਵਰਗਾਂ ਲਈ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇ।
ਸ੍ਰੀਮਤੀ ਰਿੰਚਨ ਲਾਮੋ ਨੇ ਭਰੋਸਾ ਦਿੱਤਾ ਕਿ ਘੱਟ ਗਿਣਤੀਆਂ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਨਿਸ਼ਚਿਤ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਣਾ ਹੈ ਅਤੇ ਸਾਰਿਆਂ ਨੂੰ ਇੱਕਮੱੁਠ ਹੋ ਕੇ ਚੱਲਣਾ ਚਾਹੀਦਾ ਹੈ। ਭਾਰਤ ਵਿੱਚ ਹਰ ਧਰਮ ਨੂੰ ਆਜ਼ਾਦੀ ਹੈ ਅਤੇ ਇਸ ਪੱਖ ਨੂੰ ਕਾਇਮ ਰੱਖਣ ਲਈ ਹੀ ਕਮਿਸ਼ਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਜਿਹੜੀਆਂ ਸਕੀਮਾਂ ਦਿੱਤੀਆਂ ਹਨ, ਉਨ੍ਹਾਂ ਦਾ ਲਾਭ ਲੈਣਾ ਚਾਹੀਦਾ ਹੈ। ਸਿੱਖਿਆ ਸਬੰਧੀ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਤੇ ਵੱਖੋ ਵੱਖ ਯੋਜਨਾਵਾਂ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖੋ-ਵੱਖ ਭਾਈਚਾਰੇ ਦੇ ਨੁਮਾਇੰਦਿਆਂ ਦੀ ਇਹ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰ ਕੇ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਿਵਲ ਸੇਵਾਵਾਂ ਦੀਆਂ ਤਿਆਰੀਆਂ ਸਬੰਧੀ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਮਿਲਦੀਆਂ। ਲਿਹਾਜ਼ਾ ਰੁਜ਼ਗਾਰ ਪ੍ਰਾਪਤੀ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵੱਖੋ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਲੋੜ ਹੈ।
ਸ਼੍ਰੀਮਤੀ ਰਿੰਚਨ ਲਾਮੋ ਨੇ ਕਿਹਾ ਕਿ ਉਹ ਵੱਖੋ-ਵੱਖ ਭਾਈਚਾਰੇ ਦੀਆਂ ਸ਼ਿਕਾਇਤਾਂ ਸੁਣਨ ਲਈ ਇੱਥੇ ਪੁੱਜੇ ਹਨ। ਉਨ੍ਹਾਂ ਨੇ ਵੱਖੋ-ਵੱਖ ਭਾਈਚਾਰੇ ਤੋਂ ਉਨ੍ਹਾਂ ਦੀਆਂ ਦਿੱਕਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਨ੍ਹਾਂ ਵਿੱਚ ਜ਼ਮੀਨਾਂ ਉੱਤੇ ਕਬਜ਼ੇ, ਬੱਚਿਆਂ ਦੇ ਦਾਖ਼ਲਿਆਂ ਸਮੇਤ ਹੋਰ ਮੁਸ਼ਕਲਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਆਹਮੋ-ਸਾਹਮਣੇ ਬੈਠ ਕੇ ਗੱਲ ਕਰਨ ਨਾਲ ਕਈ ਮਸਲੇ ਸਾਹਮਣੇ ਆਉਂਦੇ ਹਨ। ਜਦੋਂ ਫ਼ਾਸਲਾ ਵੱਧ ਜਾਂਦਾ ਹੈ ਤਾਂ ਕਈ ਤਰ੍ਹਾਂ ਦੇ ਮਸਲੇ ਖੜ੍ਹੇ ਹੋ ਜਾਂਦੇ ਹਨ।
ਇਸ ਮੌਕੇ ਏਡੀਸੀ (ਵਿਕਾਸ) ਸ੍ਰੀਮਤੀ ਅਵਨੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੱਧਰ ਦੀਆਂ ਮੁਸ਼ਕਲਾਂ ਅਤੇ ਮਸਲੇ ਹਰ ਹਾਲ ਵਿੱਚ ਹੱਲ ਕੀਤੇ ਜਾਣਗੇ ਅਤੇ ਵੱਖੋ-ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰਪਾਲ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਰਵਿੰਦਰਪਾਲ ਸਿੰਘ, ਤਹਿਸੀਲ ਭਲਾਈ ਅਫ਼ਸਰ ਅਤਿੰਦਰਪਾਲ ਸਿੰਘ, ਸਮੇਤ ਵੱਖੋ-ਵੱਖ ਭਾਈਚਾਰਿਆਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…