ਪ੍ਰਾਪਰਟੀ ਟੈਕਸ: ਕੁੰਭੜਾ ਵਾਸੀਆਂ ਤੇ ਦੁਕਾਨਦਾਰਾਂ ਨੇ ਮੇਅਰ ਤੇ ਕਮਿਸ਼ਨਰ ਦਾ ਪੁਤਲਾ ਸਾੜਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਸੈਕਟਰ-68 (ਪਿੰਡ ਕੁੰਭੜਾ) ਦੇ ਵਸਨੀਕਾਂ\ਦੁਕਾਨਦਾਰਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਸਬੰਧੀ ਨੋਟਿਸ ਭੇਜੇ ਜਾਣ ਖ਼ਿਲਾਫ਼ ਪਿੰਡ ਵਾਸੀਆਂ ਤੇ ਦੁਕਾਨਾਂ ਦੇ ਮਾਲਕ ਸੜਕਾਂ ’ਤੇ ਉਤਰ ਆਏ ਹਨ। ਅੱਜ ਇੱਥੇ ਕੁੰਭੜਾ ਦੇ ਐਂਟਰੀ ਪੁਆਇੰਟ ’ਤੇ ਸਮਾਜ ਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਅਤੇ ਦੁਕਾਨਦਾਰਾਂ ਨੇ ਮੇਅਰ ਜੀਤੀ ਸਿੱਧੂ ਅਤੇ ਕਮਿਸ਼ਨਰ ਕਮਲ ਗਰਗ ਦਾ ਪੁਤਲਾ ਸਾੜ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਬਲਵਿੰਦਰ ਕੁੰਭੜਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਵਸੂਲੀ ਲਈ ਤਾਂ ਨੋਟਿਸ ਭੇਜੇ ਜਾ ਰਹੇ ਹਨ ਪ੍ਰੰਤੂ ਪਿੰਡ ਵਾਸੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਪਿਛਲੀ ਮੀਟਿੰਗ ਦੌਰਾਨ ਮੇਅਰ ਅਤੇ ਹੋਰਨਾਂ ਕੌਂਸਲਰਾਂ ਵੱਲੋਂ ਆਪਣੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਦਾ ਸਾਰਾ ਬੋਝ ਆਮ ਲੋਕਾਂ ’ਤੇ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਜੀਤੀ ਸਿੱਧੂ ਵੱਲੋਂ ਸ਼ਹਿਰ ਵਾਸੀਆਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਵੱਲੋਂ ਪ੍ਰਾਪਰਟੀ ਟੈਕਸ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਲੋਕਾਂ ਨੂੰ ਟੈਕਸ ਵਸੂਲੀ ਦੇ ਨੋਟਿਸ ਭੇਜੇ ਜਾ ਰਹੇ ਹਨ।
ਸ੍ਰੀ ਕੁੰਭੜਾ ਨੇ ਕਿਹਾ ਕਿ ਪਿੰਡ ਵਾਸੀ ਉਦੋਂ ਤੱਕ ਪ੍ਰਾਪਰਟੀ ਟੈਕਸ ਨਹੀਂ ਭਰਨਗੇ, ਜਦੋਂ ਤੱਕ ਨਗਰ ਨਿਗਮ ਵੱਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਬੱਚਿਆਂ ਲਈ ਖੇਡ ਮੈਦਾਨ, ਸਕੂਲ, ਕਾਲਜ, ਪਾਰਕ, ਕਮਿਊਨਿਟੀ ਸੈਂਟਰ, ਸੀਵਰੇਜ ਸਿਸਟਮ, ਵਾਟਰ ਸਪਲਾਈ, ਸਫ਼ਾਈ ਵਰਗੀਆਂ ਸਹੂਲਤਾਂ ਦੀ ਅਣਹੋਂਦ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਲੋਕਾਂ ਕੋਲ ਪਹਿਲਾਂ ਹੀ ਬੜੀ ਮੁਸ਼ਕਲ ਨਾਲ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਹਨ ਅਤੇ ਉਹ ਪ੍ਰਾਪਰਟੀ ਟੈਕਸ ਭਰਨ ਤੋਂ ਅਸਮਰਥ ਹਨ।
ਇਸ ਮੌਕੇ ਮਨਜੀਤ ਸਿੰਘ, ਜਸਵੀਰ ਸਿੰਘ, ਅੰਮ੍ਰਿਤਪਾਲ, ਜਗਦੀਸ਼ ਕੁਮਾਰ, ਸੁਰਿੰਦਰ ਸਿੰਘ, ਕਾਕਾ ਸਿੰਘ, ਸੁਖਵਿੰਦਰ ਸਿੰਘ, ਹਰਮਿੰਦਰ ਸਿੰਘ, ਅਸ਼ੋਕ ਕੁਮਾਰ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੁੱਚਾ ਸਿੰਘ, ਗੁਰਨਾਮ ਸਿੰਘ, ਗੁਰਜੀਤ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਨਵਜੀਤ ਸਿੰਘ, ਨੈਬ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਤੇ ਹੋਰ ਪਤਵੰਤੇ ਮੌਜੂਦ ਸਨ।

(ਬਾਕਸ ਆਈਟਮ)
ਬਲਵਿੰਦਰ ਸਿੰਘ ਕੁੰਭੜਾ ਨੇ ਇਹ ਵੀ ਕਿਹਾ ਕਿ ਬਹੁਤ ਜਲਦ ਪ੍ਰਾਪਰਟੀ ਟੈਕਸ ਵਿਰੋਧੀ ਕਮਟੀ ਬਣਾਈ ਜਾਵੇਗੀ ਜਿਸ ਵਿੱਚ ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡਾਂ ਕੁੰਭੜਾ, ਮਦਨਪੁਰਾ, ਮਟੌਰ, ਸ਼ਾਹੀਮਾਜਰਾ, ਮੁਹਾਲੀ ਅਤੇ ਸੋਹਾਣਾ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਹ ਕਮੇਟੀ ਕਾਂਗਰਸ ਸਰਕਾਰ ਅਤੇ ਨਗਰ ਨਿਗਮ ਮੁਹਾਲੀ ਦੇ ਖ਼ਿਲਾਫ਼ ਪ੍ਰਾਪਰਟੀ ਟੈਕਸ ਦੇ ਮੁੱਦੇ ਨੂੰ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕਰੇਗੀ ਅਤੇ ਸਾਲ 2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਾਪਰਟੀ ਟੈਕਸ ਨੂੰ ਮੁੱਦਾ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…