
ਮੁਹਾਲੀ ਜ਼ਿਲ੍ਹੇ ਵਿੱਚ ਦੁਕਾਨਾਂ ਅੌਡ-ਈਵਨ ਪ੍ਰਣਾਲੀ ’ਤੇ ਖੋਲ੍ਹਣ ਬਾਰੇ ਸਰਕਾਰ ਨੂੰ ਭੇਜਿਆ ਜਾਵੇਗਾ ਪ੍ਰਸਤਾਵ
ਪ੍ਰਾਈਵੇਟ ਦਫ਼ਤਰ 33 ਫ਼ੀਸਦੀ ਸਟਾਫ਼ ਨਾਲ ਖੋਲ੍ਹਣ ਦੀ ਮੱਦ ਵੀ ਕੀਤੀ ਜਾਵੇਗੀ ਸ਼ਾਮਲ: ਡੀਸੀ
ਡੀਸੀ ਤੇ ਐਸਐਸਪੀ ਨੇ ਮੁਹਾਲੀ ਜ਼ਿਲ੍ਹੇ ਦੇ ਦੁਕਾਨਦਾਰਾਂ ਤੇ ਛੋਟੇ ਵਪਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਦੁਕਾਨਦਾਰਾਂ ਤੇ ਛੋਟੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਸਤਿੰਦਰ ਸਿੰਘ ਨੇ ਮੁਹਾਲੀ ਜ਼ਿਲ੍ਹੇ ਦੇ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਡੀਸੀ ਨੇ ਦੱਸਿਆ ਕਿ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਕਰੋਨਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਦੁਕਾਨਾਂ ਅੌਡ-ਈਵਨ ਪ੍ਰਣਾਲੀ ਦੇ ਆਧਾਰ ’ਤੇ ਹਫ਼ਤੇ ਵਿੱਚ 6 ਦਿਨ ਤੈਅ ਸਮੇਂ ਲਈ ਖੋਲ੍ਹਣ ਬਾਰੇ ਪ੍ਰਸਤਾਵ ਸਰਕਾਰ ਨੂੰ ਭੇਜਿਆ ਜਾਵੇਗਾ। ਪ੍ਰਸਤਾਵ ਵਿੱਚ ਇਹ ਮੱਦ ਵੀ ਸ਼ਾਮਲ ਕੀਤੀ ਜਾਵੇਗੀ ਕਿ ਪ੍ਰਾਈਵੇਟ ਦਫ਼ਤਰ 33 ਫ਼ੀਸਦੀ ਸਟਾਫ਼ ਨਾਲ ਖੋਲ੍ਹੇ ਜਾ ਸਕਣ। ਹਾਲਾਂਕਿ ਜ਼ਰੂਰੀ ਵਸਤਾਂ ਸਬੰਧੀ ਦੁਕਾਨਾਂ ਪਹਿਲਾਂ ਜਾਰੀ ਨਿਰਦੇਸ਼ਾਂ ਮੁਤਾਬਕ ਹੀ ਖੁੱਲ੍ਹਦੀਆਂ ਰਹਿਣਗੀਆਂ।
ਸ੍ਰੀ ਦਿਆਲਨ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਪਾਬੰਦੀਆਂ ਲਗਾਈਆਂ ਗਈਆਂ ਹਨ, ਉਹ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣ ਲਈ ਹਨ। ਜ਼ਿਲ੍ਹਾ ਪ੍ਰਸ਼ਾਸਨ ਦੁਕਾਨਦਾਰਾਂ ਤੇ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਦੁਕਾਨਾਂ ਖੋਲ੍ਹਣ ਸਬੰਧੀ ਰੱਖੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਉਪਰੋਕਤ ਪ੍ਰਸਤਾਵ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਰੋਨਾ ਖ਼ਿਲਾਫ਼ ਜੰਗ ਵਿੱਚ ਦੁਕਾਨਦਾਰਾਂ ਤੇ ਵਪਾਰੀਆਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਇਸ ਲਈ ਦੁਕਾਨਦਾਰ ਤੇ ਵਪਾਰੀ ਇਹ ਗੱਲ ਯਕੀਨੀ ਬਣਾਉਣ ਕਿ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਆਪਣੀ, ਆਪਣੇ ਪਰਿਵਾਰ ਤੇ ਆਪਣੇ ਅਮਲੇ ਦੀ ਵੈਕਸੀਨੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਕਰੋਨਾ ਖ਼ਿਲਾਫ਼ ਜੰਗ ਵਿੱਚ ਟੈਸਟਿੰਗ ਅਹਿਮ ਹਥਿਆਰ ਹੈ। ਇਸ ਸਬੰਧੀ ਦੁਕਾਨਦਾਰਾਂ ਨੂੰ ਟੈਸਟਿੰਗ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਉਹ ਲਗਾਤਾਰ ਅਪਣੀ ਟੈਸਟਿੰਗ ਕਰਵਾ ਸਕਣ। ਰੇਹੜੀ-ਫੜ੍ਹੀ ਵਾਲਿਆਂ ਦੀ ਵੈਕਸੀਨੇਸ਼ਨ ਤੇ ਟੈਸਟਿੰਗ ਲਈ ਵਿਸ਼ੇਸ਼ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਹਫ਼ਤੇ ਬਾਅਦ ਮੌਜੂਦਾ ਹਾਲਾਤ ਦਾ ਜਾਇਜ਼ਾ ਲੈ ਕੇ ਮੁੜ ਨਵੇਂ ਪ੍ਰਸਤਾਵ ਤਹਿਤ ਅਗਲਾ ਫੈਸਲਾ ਲਿਆ ਜਾਵੇਗਾ।
ਇਸ ਮੌਕੇ ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਲਿਹਾਜ਼ਾ ਹਰੇਕ ਨਾਗਰਿਕ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨਬਿੰਨ ਪਾਲਣਾ ਕਰਕੇ ਮਿਸ਼ਨ ਫਤਿਹ ਤਹਿਤ ਸਰਕਾਰ ਨੂੰ ਸਹਿਯੋਗ ਦੇਵੇ ਅਤੇ ਨਿਯਮਾਂ ਦੀ ਉਲੰਘਣਾ ਬਿਲਕੁਲ ਨਾ ਕੀਤੀ ਜਾਵੇ। ਇਸ ਮੌਕੇ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਬਸ਼ਰਤੇ ਸਰਕਾਰ ਵੀ ਉਨ੍ਹਾਂ ਦੀ ਹਰ ਮੁਸ਼ਕਲ ਦਾ ਧਿਆਨ ਰੱਖੇ।
ਇਸ ਮੌਕੇ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਮੰਗ ਕੀਤੀ ਕਿ ਜਦੋਂ ਸਰਕਾਰ ਵੱਲੋਂ ਉਦਯੋਗਾਂ ਨੂੰ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਤਾਂ ਨਿੱਜੀ ਦਫ਼ਤਰਾਂ ਨੂੰ ਵੀ 50 ਫੀਸਦੀ ਸਮਰਥਾ ਦੇ ਆਧਾਰ ’ਤੇ ਕੰਮ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਸਰਵਿਸ ਖੇਤਰ ਦੇ ਦਫ਼ਤਰਾਂ ਦੇ ਸਾਰੇ ਕਰਮਚਾਰੀ ਵਰਕ ਫਰਾਮ ਹੋਮ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਡੀਸੀ ਨੇ ਵਪਾਰੀਆਂ ਦੇ ਮੁੱਦਿਆਂ ਨਾਲ ਸਹਿਮਤੀ ਜਿਤਾਉਂਦਿਆਂ ਅੌਡ ਈਵਨ ਫਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦਾ ਤਜਰਬਾ ਕਰਨ ਅਤੇ ਨਿੱਜੀ ਦਫ਼ਤਰਾਂ ਨੂੰ 33 ਫੀਸਦੀ ਸਮਰਥਾ ਨਾਲ ਖੋਲ੍ਹੇ ਜਾਣ ਦੀ ਤਜਵੀਜ਼ ਨਾਲ ਸਹਿਮਤੀ ਜਾਹਰ ਕਰਦਿਆਂ ਇਸ ਸਬੰਧੀ ਸਰਕਾਰ ਨੂੰ ਸਿਫ਼ਾਰਸ਼ ਭੇਜੇ ਜਾਣ ਦੀ ਗੱਲ ਕਹੀ ਹੈ।
ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ੲਡੀਸੀ (ਵਿਕਾਸ) ਰਾਜੀਵ ਗੁਪਤਾ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ, ਡੇਰਾਬੱਸੀ ਦੇ ਐਸਡੀਐਮ ਕੁਲਦੀਪ ਬਾਵਾ, ਮੁਹਾਲੀ ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।