ਪ੍ਰਸਤਾਵਿਤ ਨੈਸ਼ਨਲ ਹਾਈਵੇਅ: ਜ਼ਮੀਨਾਂ ਦਾ ਘੱਟ ਮੁਆਵਜ਼ਾ ਦੇਣ ਦਾ ਮਾਮਲਾ ਭਖਿਆ, ਸੰਘਰਸ਼ ਦੀ ਚਿਤਾਵਨੀ

ਰੋਡ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਦਰਸ਼ਨ ਸਿੰਘ ਸੋਢੀ/ਪੱਤਰ ਪ੍ਰੇਰਕ
ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 9 ਅਪਰੈਲ:
ਮੁਹਾਲੀ ਤੋਂ ਕੁਰਾਲੀ ਤੱਕ ਅਤੇ ਡੇਰਾਬੱਸੀ ਇਲਾਕੇ ਬਣਾਏ ਜਾਣ ਵਾਲੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ (ਐਨਐਚ 05-ਏ ਅਤੇ ਐਨਐਚ 205-ਏ) ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਰੋਡ ਸੰਘਰਸ਼ ਕਮੇਟੀ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਵੀ ਮੰਗ ਪੱਤਰ ਭੇਜਿਆ ਗਿਆ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਇਸ ਮੀਟਿੰਗ ਵਿੱਚ ਰੋਡ ਸੰਘਰਸ਼ ਕਮੇਟੀ ਸਮੇਤ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਕਿਸਾਨ ਯੂਨੀਅਨ (ਰਾਜੇਵਾਲ), ਮਹਿਲਾ ਕਿਸਾਨ ਮਜ਼ਦੂਰ ਏਕਤਾ, ਭਾਰਤੀ ਕਿਸਾਨ ਫੈਡਰੇਸ਼ਨ, ਯੂਥ ਫਾਰਮ ਅਤੇ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਜ਼ਮੀਨ ਮਾਲਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਜਸਪਾਲ ਸਿੰਘ ਨਿਆਮੀਆਂ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ, ਰਣਵੀਰ ਸਿੰਘ ਗਰੇਵਾਲ, ਜਸਪਾਲ ਸਿੰਘ ਲਾਂਡਰਾਂ, ਗੁਰਜੀਤ ਕੌਰ ਨੇ ਦੱਸਿਆ ਕਿ ਮੀਟਿੰਗ ਵਿੱਚ 15 ਮੈਂਬਰੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ। ਇਹ ਕਮੇਟੀ ਪ੍ਰਸਤਾਵਿਤ ਨੈਸ਼ਨਲ ਹਾਈਵੇਅ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਰੇਟ ਮੁਤਾਬਕ ਯੋਗ ਮੁਆਵਜ਼ੇ ਲਈ ਵਿੱਢੇ ਜਾਣ ਵਾਲੇ ਸੰਘਰਸ਼ ਲਈ ਰਣਨੀਤੀ ਤਿਆਰ ਕਰੇਗੀ।
ਉਨ੍ਹਾਂ ਦੱਸਿਆ ਕਿ ਰੋਡ ਸੰਘਰਸ਼ ਕਮੇਟੀ ਅਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ 12 ਅਪਰੈਲ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਮੁਹਾਲੀ, ਖਰੜ ਅਤੇ ਡੇਰਾਬੱਸੀ ਤੋਂ ‘ਆਪ’ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਮੌਜੂਦਾ ਮਾਰਕੀਟ ਰੇਟ ਮੁਤਾਬਕ ਉਚਿੱਤ ਮੁਆਵਜ਼ਾ ਦੇਣ ਲਈ ਨਵੇਂ ਸਿਰਿਓਂ ਸੋਧੇ ਹੋਏ ਐਵਾਰਡ ਸੁਣਾਉਣ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਡੀਸੀ ਅਤੇ ਵਿਧਾਇਕਾਂ ਨੂੰ ਇਕ ਹਫ਼ਤੇ ਦਾ ਚਿਤਾਵਨੀ ਭਰਿਆ ਅਲਟੀਮੇਟਮ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਦੀਦਾਰ ਸਿੰਘ, ਹਰਵਿੰਦਰ ਸਿੰਘ, ਗੁਲਜ਼ਾਰ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ, ਨਿਰਮਲ ਸਿੰਘ ਅਤੇ ਕਰਨੈਲ ਸਿੰਘ ਹੋਰ ਕਿਸਾਨ ਅਤੇ ਜ਼ਮੀਨ ਮਾਲਕ ਹਾਜ਼ਰ ਸਨ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…