
ਪ੍ਰਸਤਾਵਿਤ ਨੈਸ਼ਨਲ ਹਾਈਵੇਅ: ਕਿਸਾਨਾਂ ਨੇ ਡੀਸੀ ਦਫ਼ਤਰ ਦਾ ਗੇਟ ਬੰਦ ਕਰਕੇ ਦਿੱਤਾ ਧਰਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਮੁਹਾਲੀ ਤੋਂ ਕੁਰਾਲੀ ਤੱਕ ਬਣਾਏ ਜਾਣ ਵਾਲੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ 205-ਏ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਇਲਾਕੇ ਦੇ ਕਿਸਾਨਾਂ ਨੇ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਗੇਟ ਬੰਦ ਕਰਕੇ ਧਰਨਾ ਦਿੱਤਾ।
ਐਸਐਸਪੀ ਅਤੇ ਐਸਡੀਐਮ ਵੱਲੋਂ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਬੰਦ ਕੀਤਾ ਦਫ਼ਤਰ ਦਾ ਗੇਟ ਖੋਲ੍ਹ ਦਿੱਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਨੈਸ਼ਨਲ ਹਾਈਵੇਅ 205-ਏ ਲਈ ਮੁਹਾਲੀ ਸਮੇਤ ਖਰੜ ਅਤੇ ਕੁਰਾਲੀ ਖੇਤਰ ਦੇ ਕਿਸਾਨਾਂ ਦੀ ਕਈ ਹਜ਼ਾਰ ਏਕੜ ਜ਼ਮੀਨ ਪੰਜਾਬ ਸਰਕਾਰ ਸਸਤੇ ਭਾਅ ’ਤੇ ਐਕਵਾਇਰ ਕਰਕੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਆਈ) ਨੂੰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪਿੰਡਾਂ ਦੇ ਕਿਸਾਨ ਆਪਣੀ ਉਪਜਾਊਂ ਜ਼ਮੀਨਾਂ ਦਾ ਘੱਟ ਰੇਟ ਦੇਣ ਸਬੰਧੀ ਪਿਛਲੇ 2 ਸਾਲਾ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਮੀਨ ਮਾਲਕਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ।
ਬੁਲਾਰਿਆਂ ਨੇ ਇਸ ਮਾਮਲੇ ਵਿੱਚ ਕਿਸਾਨਾਂ ਨਾਲ ਘਪਲੇਬਾਜ਼ੀ ਹੋਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਨੈਸ਼ਨਲ ਹਾਈਵੇਅ ਲਈ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਮੁਆਵਜ਼ਾ ਦੇਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਭਲਕੇ 4 ਮਈ ਨੂੰ ਮੁਹਾਲੀ ਪ੍ਰਸ਼ਾਸਨ ਨੇ ਮੀਟਿੰਗ ਵਿੱਚ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਸਾਫ਼ ਕਿਹਾ ਕਿ ਕਿਸਾਨ ਘੱਟ ਕੀਮਤ ’ਤੇ ਆਪਣੀ ਜ਼ਮੀਨ ਦਾ ਇਕ ਟੁਕੜਾ ਵੀ ਨਹੀਂ ਦੇਣਗੇ।
ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਕਿਸਾਨ ਆਗੂ ਕਮਲਪ੍ਰੀਤ ਸਿੰਘ ਲਾਂਡਰਾਂ, ਕਿਸਾਨ ਆਗੂ ਗੁਰਦੀਪ ਸਿੰਘ ਝਿੰਗੜਾਂ, ਕਿਸਾਨ ਆਗੂ ਜਸਪਾਲ ਸਿੰਘ ਲਾਂਡਰਾਂ, ਕਿਸਾਨ ਆਗੂ ਚਰਨਜੀਤ ਸਿੰਘ ਸਿੰਬਲ ਮਾਜਰਾ, ਹਰਵਿੰਦਰ ਸਿੰਘ ਗੁਡਾਣਾ, ਰਾਣਾ ਝੰਜੇੜੀ, ਰਾਜ ਸਿੰਘ, ਅਸ਼ੋਕ ਕੁਮਾਰ ਚਡਿਆਲਾ, ਜਸਵੀਰ ਸਿੰਘ ਗੋਬਿੰਦਗੜ੍ਹ, ਮਹਿੰਦਰ ਸਿੰਘ ਪੋਪਨਿਆ ਮੌਜੂਦ ਸਨ।