ਮੁਹਾਲੀ ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਮੰਡੀਆਂ ਵਿੱਚ ਕਣਕ ਦਾ ਮੀਂਹ ਤੋਂ ਬਚਾਅ, ਤਰਪਾਲਾਂ ਨਾਲ ਢਕੀ ਫ਼ਸਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲੇ ਦੀ ਕਿਸਾਨਾਂ ਵੱਲੋਂ ਭਰਵੀਂ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੇ ਨਾਲ-ਨਾਲ ਫ਼ਸਲਾਂ ਦੀ ਸੰਭਾਲ ਲਈ ਵੀ ਵਚਨਬੱਧ ਹੈ। ਇਸ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਮੁਹਾਲੀ ਪ੍ਰਸ਼ਾਸਨ ਵੱਲੋਂ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਨੂੰ ਨੁਕਸਾਨ ਤੋਂ ਬਚਾਉਣ ਤਰਪਾਲਾਂ ਨਾਲ ਢਕਿਆ ਗਿਆ ਹੈ। ਅੱਜ ਦੇਰ ਸ਼ਾਮ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੰਘੀ ਰਾਤ ਅਤੇ ਅੱਜ ਦਿਨ ਵਿੱਚ ਮੀਂਹ ਅਤੇ ਮੌਸਮ ਦਾ ਮਿਜ਼ਾਜ ਬਦਲਿਆਂ ਦੇਖ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਮੁਸਤੈਦੀ ਨਾਲ ਕੰਮ ਕਰਦੇ ਹੋਏ ਮੰਡੀਆਂ ਵਿੱਚ ਪਈ ਫ਼ਸਲ ’ਤੇ ਤਰਪਾਲਾਂ ਪਾਈਆਂ ਅਤੇ ਫ਼ਸਲ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕੇ ਗਏ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਵੱਲੋਂ ਫੌਰੀ ਤੌਰ ’ਤੇ ਕੀਤੇ ਗਏ ਉਪਰਾਲੇ ਦੀ ਕਿਸਾਨਾਂ ਨੇ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਦਿੱਕਤ ਆਉਣ ਦਿੱਤੀ ਜਾਵੇਗੀ।
ਇਸ ਸਬੰਧੀ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਬੈਂਕ ਖਾਤਿਆਂ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…