
ਘਰ-ਘਰ ਰੁਜ਼ਗਾਰ: ਖੇਤੀਬਾੜੀ ਵਿਕਾਸ ਅਫ਼ਸਰਾਂ ਵੱਲੋਂ ਮੁੱਖ ਮੰਤਰੀ ਤੇ ਡਾਇਰੈਕਟਰ ਖ਼ਿਲਾਫ਼ ਨਾਅਰੇਬਾਜ਼ੀ
ਮੁੱਖ ਮੰਤਰੀ ਦੇ ਓਐਸਡੀ ਸੰਦੀਪ ਬਰਾੜ ਨੇ 10 ਦਿਨਾਂ ਤੱਕ ਬਣਦੀ ਕਾਰਵਾਈ ਕਰਨ ਦਾ ਦਿੱਤਾ ਭਰੋਸਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਘਰ-ਘਰ ਰੁਜ਼ਗਾਰ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਰਾਹੀਂ 141 ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਜਿਸ ਦਾ ਇਮਤਿਹਾਨ 8 ਮਾਰਚ 2020 ਨੂੰ ਲਿਆ ਗਿਆ ਸੀ। ਇੰਟਰਵਿਊ ਹੋਣ ਤੋਂ ਬਾਅਦ ਨਤੀਜਾ ਐਲਾਨਿਆ ਗਿਆ ਅਤੇ ਮੁਕੰਮਲ ਸੂਚੀ 17 ਜੁਲਾਈ 2020 ਨੂੰ ਜਾਰੀ ਕੀਤੀ ਗਈ ਸੀ ਪ੍ਰੰਤੂ ਹੁਣ ਤੱਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਉਨ੍ਹਾਂ ਦੀ ਤਾਇਨਾਤੀ ਨਹੀਂ ਕੀਤੀ ਗਈ। ਜਿਸ ਕਾਰਨ ਪੀੜਤ ਉਮੀਦਵਾਰਾਂ ਵੱਲੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਤੀਬਾੜੀ ਵੀ ਹੈ ਅਤੇ ਖੇਤੀ ਭਵਨ ਮੁਹਾਲੀ ਵਿਖੇ ਡਾਇਰੈਕਟਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਤੋਂ ਬਾਅਦ 22 ਫਰਵਰੀ 2021 ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬੰਧਤ ਉਮੀਦਵਾਰਾਂ ਦੀ ਕੌਂਸਲਿੰਗ ਕਰਵਾਈ ਗਈ ਸੀ ਪ੍ਰੰਤੂ ਹਾਲੇ ਤੱਕ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਜਿਸ ਕਾਰਨ ਸਫਲ ਨੌਜਵਾਨਾਂ ਨੂੰ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਉਮੀਦਵਾਰ ਆਪਣੀ ਪੜਾਈ ਅਤੇ ਨੌਕਰੀਆਂ ਛੱਡ ਕੇ ਨਿਯੁਕਤੀ ਪੱਤਰ ਮਿਲਣ ਦੀ ਆਸ ਵਿੱਚ ਬੇਰੁਜ਼ਗਾਰੀ ਦੀ ਭੱਠੀ ਵਿੱਚ ਤੱਪ ਰਹੇ ਹਨ। ਉਹਨਾਂ ਕਿਹਾ ਕਿ ਪੀੜਤ ਉਮੀਦਵਾਰ ਪਿਛਲੇ 9 ਮਹੀਨਿਆਂ ਤੋਂ ਵਿਭਾਗ ਦੇ ਸਬੰਧਤ ਉੱਚ ਅਧਿਕਾਰੀਆਂ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਤੱਕ ਕੋਈ ਗੱਲ ਨਹੀਂ ਬਣੀ। ਉਹਨਾਂ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਸਫਲ ਉਮੀਦਵਾਰਾਂ ਨੂੰ ਤੁਰੰਤ ਨਿਯੁਕਤੀ ਪੱਤਰ ਦੇ ਕੇ ਵਿਭਾਗ ਵਿੱਚ ਡਿਊਟੀ ’ਤੇ ਤਾਇਨਾਤ ਕੀਤਾ ਜਾਵੇ। ਤਾਂ ਜੋ ਉਹ ਆਉਣ ਵਾਲੀ ਸਾਉਣ ਰੁੱਤ ਦੀਆਂ ਫਸਲਾਂ ਦੀ ਬਿਜਾਈ ਸਬੰਧਤ ਸੇਵਾਵਾਂ ਪ੍ਰਦਾਨ ਕਰ ਸਕਣ। ਉਧਰ, ਮੁੱਖ ਮੰਤਰੀ ਦੇ ਓਐਸਡੀ ਸੰਦੀਪ ਸਿੰਘ ਬਰਾੜ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਪੀੜਤ ਉਮੀਦਵਾਰਾਂ ਨੂੰ ਅਗਲੇ 10 ਦਿਨਾਂ ਤੱਕ ਯੋਗ ਕਾਰਵਾਈ ਕੀਤੀ ਜਾਵੇਗੀ।