nabaz-e-punjab.com

ਜਗਤਾਰ ਜੌਹਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਹਿਤੈਸ਼ੀ ਨਹੀਂ: ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿੱਥ ਕੇ ਹੱਤਿਆਵਾਂ ਕਰਨ ਦੇ ਮਾਮਲੇ ਵਿਚ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਗ੍ਰਿਫ਼ਤਾਰੀ ਬਾਰੇ ਸ਼ੰਕਾ ਖੜ੍ਹਾ ਕਰਨ ਵਾਲਿਆਂ ਉੱਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਇਸ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬਿਆਨਾਂ ਉੱਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਟਿੱਪਣੀ ਨੂੰ ਮੰਦਭਾਗੀਆਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿਆਨ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਨਹੀਂ ਹਨ। ਮੁੱਖ ਮੰਤਰੀ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਬਦਨਾਮ ਕਰਨ ਵਾਲੇ ਲੋਕ ਸਾਜਿਸ਼ ਰਚਣ ਵਾਲਿਆਂ ਦਾ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੀ ਭਲਾਈ ਵਿਚ ਰੱਤੀ ਭਰ ਵੀ ਦਿਲਚਸਪੀ ਨਹੀਂ ਹੈ।
ਜਗਤਾਰ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਵਾਲਿਆਂ ਅਤੇ ਉਸ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਉੱਤੇ ਭਾਰਤ ਖਾਸ ਕਰਕੇ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕਰਨ ਦਾ ਠੱਪਾ ਲਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਬੇਬੁਨਿਆਦ ਦੋਸ਼ ਲਾ ਕੇ ਇਹ ਤੱਤ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਪੂਰੇ ਮਾਮਲੇ ਵਿਚ ਯੋਜਨਾਬੱਧ ਸਾਜਿਸ਼ ਰਚੀ ਹੋਣ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਅਜਿਹੇ ਲੋਕਾਂ ਨੂੰ ਸੂਬੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸਤਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜਗਤਾਰ ਦੀ ਗ੍ਰਿਫਤਾਰੀ ਦੇ ਸਮੇਂ ਹਰ ਪੜਾਅ ’ਤੇ ਕਾਨੂੰਨ ਦੀ ਸਹੀ ਪ੍ਰਕਿਰਿਆ ਦਾ ਪਾਲਣ ਕੀਤਾ ਗਿਆ ਹੈ। ਉਸ ਨੂੰ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਅਤੇ ਵਕੀਲ ਤੱਕ ਪਹੁੰਚ ਦੀ ਆਗਿਆ ਦਿੱਤੀ ਗਈ ਹੈ ਅਤੇ ਉਸ ਦੀ ਮੈਡੀਕਲ ਜਾਂਚ ਤੋਂ ਪੇਸ਼ ਹੋਣ ਤੱਕ ਸਾਰੀ ਪ੍ਰਕਿਰਿਆ ਕਾਨੂੰਨ ਅਨੁਸਾਰ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਸ਼ਾਂਤੀ ਅਤੇ ਸਥਿਰਤਾ ਨੂੰ ਕਾਇਮ ਰੱਖਣ ਬਾਰੇ ਵਧੇਰੇ ਚਿੰਤਤ ਹੈ ਨਾ ਕਿ ਵਿਦੇਸ਼ੀ ਤਾਕਤਾਂ ਦੇ ਹੱਥੋਂ ਪਰੇਸ਼ਾਨ ਹੋਣ ਦੀ ਜਿਨ੍ਹਾਂ ਦੀ ਭਾਰਤ ਦੀ ਸੁਰੱਖਿਆ ਜਾਂ ਵਿਕਾਸ ਵਿੱਚ ਕੋਈ ਦਾਅਵੇਦਾਰੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸਾਰੇ ਤੱਥਾਂ ਨੂੰ ਜਨਤਕ ਕਰ ਦਿੱਤਾ ਹੈ। ਜਗਤਾਰ ਉਰਫ ਜੱਗੀ ਨੂੰ ਪ੍ਰਮੁੱਖ ਕੇਸਾਂ ਵਿਚ ਗੰਭੀਰ ਦੋਸ਼ਾਂ ਹੇਠ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧ ਵਿਚ ਉਸ ਵਿਰੁੱਧ ਠੋਸ ਸਬੂਤ ਹਨ। ਉਸ ਨੂੰ ਆਰ.ਐਸ.ਐਸ/ਸ਼ਿਵ ਸੈਨਾ ਆਗੂਆਂ/ਵਰਕਰਾਂ ਨੂੰ ਮਾਰਨ ਦੀ ਸਾਜਿਸ਼ ਰਚਨ ਦੀ ਭੂਮਿਕਾ ਲਈ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਦੀ ਪੁਸ਼ਟੀ ਹੋ ਗਈ ਹੈ। ਇਨ੍ਹਾਂ ਅਪਰਾਧਾਂ ਵਿਚ ਉਸ ਦੇ ਸਬੰਧ/ਸ਼ਮੂਲੀਅਤ ਬਾਰੇ ਖਾਸ ਜਾਣਕਾਰੀ ਦੇ ਅਧਾਰ ’ਤੇ ਪੁਸ਼ਟੀ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਇਸ ਮਾਮਲੇ ਵਿਚ ਆਪਣਾ ਰਾਹ ਆਪ ਅਖਤਿਆਰ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਕਾਨੂੰਨੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਅਤੇ ਉਹ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਪ੍ਰਕਿਰਿਆ ਅਪਣਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੇਕਸੂਰ ਲੋਕਾਂ ਨੂੰ ਝੂਠੇ ਕੇਸਾਂ ਵਿਚ ਉਲਝਾਉਣ ਵਿਚ ਵਿਸ਼ਵਾਸ ਨਹੀਂ ਰਖਦੀ ਪਰ ਕਿਸੇ ਵੀ ਕੀਮਤ ’ਤੇ ਉਹ ਅੱਤਵਾਦੀਆਂ ਜਾਂ ਅਪਰਾਧੀਆਂ ਨੂੰ ਪੰਜਾਬ ਦੀ ਸਥਿਰਤਾ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੁੱਚੇ ਮੁੱਦੇ ਦਾ ਖਾਲਿਸਤਾਨ ਪੱਖੀ ਕੁੱਝ ਤੱਤ ਰਾਜਨੀਤੀਕਰਨ ਕਰ ਰਹੇ ਹਨ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਆਪਣੇ ਹੀ ਆਗੂ ਉਨ੍ਹਾਂ ਦੀ ਆਵਾਜ਼ ਨਾਲ ਆਵਾਜ਼ ਮਿਲਾ ਰਹੇ ਸਨ। ਉਨ੍ਹਾਂ ਕਿਹਾ ਕਿ ਬ੍ਰਿਟੇਨ ਅਤੇ ਕੁਝ ਹੋਰ ਮੁਲਕਾਂ ਵਿਚਲੇ ਗਰਮ ਖਿਆਲੀਏ ਤੱਤਾਂ ਨੇ ਪੰਜਾਬ ਸਰਕਾਰ/ਪੰਜਾਬ ਪੁਲਿਸ ਵਿਰੁੱਧ ਝੂਠੀ ਮੁਹਿੰਮ ਆਰੰਭੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪੰਜਾਬ ਪੁਲਿਸ ਦੇ ਅਫਸਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੌਤ ਦੀਆਂ ਧਮਕੀਆਂ ਦੇ ਫੋਨ ਆਏ ਹਨ। ਉਹ ਇਸ ਵਾਸਤੇ ਫੋਨ ਤੋਂ ਇਲਾਵਾ ਵਾਟਸਐਪ ਅਤੇ ਵੱਖ-ਵੱਖ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਦੀ ਗ੍ਰਿਫਤਾਰੀ ਅਤੇ ਉਸ ਨੂੰ ਤਸੀਹੇ ਦੇਣ ਦੇ ਦੋਸ਼ਾਂ ਬਾਰੇ ਕਿਸੇ ਵੀ ਵਿਦੇਸ਼ੀ ਸਰਕਾਰ ਨੇ ਉਨ੍ਹਾਂ ਦੀ ਸਰਕਾਰ ਜਾਂ ਭਾਰਤ ਸਰਕਾਰ ਕੋਲ ਇਹ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕੋਲ ਅਜਿਹਾ ਕਰਨ ਦਾ ਕੋਈ ਚਾਰਾ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਸਾਰੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਹੋਰ ਦੇਸ਼ ਦੀ ਪੁਲਿਸ ਅਤੇ ਕਾਨੂੰਨੀ ਮਾਮਲਿਆਂ ਵਿਚ ਦਖਲ ਨਹੀਂ ਦਿੱਤਾ ਭਾਵੇਂ ਕਿ ਇਕ ਭਾਰਤੀ ਨਾਗਰਿਕ ਇਸ ਵਿਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਵੱਲੋਂ ਵੀ ਉਸੇ ਤਰ੍ਹਾਂ ਦਾ ਸਤਿਕਾਰ ਕਰਨ ਅਤੇ ਕੂਟਨੀਤਕ ਨਿਰਪੱਖਤਾ ਦੀ ਉਮੀਦ ਕੀਤੀ ਜਾਂਦੀ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…