ਫੀਸ ਮਾਮਲਾ: ਲਾਰੈਂਸ ਪਬਲਿਕ ਸਕੂਲ ਦੇ ਬਾਹਰ ਮਾਪਿਆਂ ਵੱਲੋਂ ਜ਼ਬਰਦਸਤ ਰੋਸ ਮੁਜ਼ਾਹਰਾ

ਸਕੂਲ ਮੈਨੇਜਮੈਂਟ ’ਤੇ ਫੀਸਾਂ ਜਮ੍ਹਾ ਨਾ ਕਰਵਾਉਣ ਵਾਲੇ ਬੱਚਿਆਂ ਨੂੰ ਮੁੱਢਲੀ ਪ੍ਰੀਖਿਆ ’ਚੋਂ ਬਾਹਰ ਕਰਨ ਦੀ ਧਮਕੀ ਦੇਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਇੱਥੋਂ ਦੇ ਫੇਜ਼-8 ਸਥਿਤ ਵਾਈਪੀਐਸ ਚੌਕ ਨੇੜਲੇ ਲਾਰੈਂਸ ਪਬਲਿਕ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਫੀਸਾਂ ਜਮ੍ਹਾ ਕਰਵਾਉਣ ਲਈ ਦਬਾਉਣ ਪਾਉਣ ਦਾ ਤਿੱਖਾ ਵਿਰੋਧ ਕਰਦਿਆਂ ਅੱਜ ਸਕੂਲ ਗੇਟ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਮਾਪਿਆਂ ਨੇ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਮਾਜ ਸੇਵੀ ਸੰਸਥਾ ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਮਾਪਿਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਲੋਕਹਿੱਤ ਵਿੱਚ ਕਾਨੂੰਨੀ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਸੁਸ਼ੀਲ ਆਨੰਦ, ਸੰਜੀਵ ਸੈਣੀ, ਜਸਵਿੰਦਰ ਚੌਪੜਾ, ਤਲਵਿੰਦਰ ਸਿੰਘ, ਸ੍ਰੀਮਤੀ ਰੇਨੂ, ਨੇਹਾ ਅਨੰਦ ਸਮੇਤ ਹੋਰਨਾਂ ਮਾਪਿਆਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ ਪ੍ਰੰਤੂ ਹੁਣ ਸਕੂਲ ਪ੍ਰਬੰਧਕਾਂ ਨੇ ਫਿਰ ਤੋਂ ਮਾਪਿਆਂ ’ਤੇ ਫੀਸਾਂ ਜਮ੍ਹਾ ਕਰਵਾਉਣ ਲਈ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਨੇ ਮਾਪਿਆਂ ਨੂੰ ਸੁਨੇਹੇ ਭੇਜ ਕੇ ਸਪੱਸ਼ਟ ਰੂਪ ਵਿੱਚ ਧਮਕੀ ਦਿੱਤੀ ਹੈ ਕਿ ਜੇਕਰ ਉਹ ਫੀਸਾਂ ਜਮ੍ਹਾ ਨਹੀਂ ਕਰਵਾਉਣਗੇ ਤਾਂ ਆਉਣ ਵਾਲੇ ਦਿਨਾਂ ਵਿੱਚ ਸਕੂਲ ਪੱਧਰ ’ਤੇ ਜਾਣ ਵਾਲੀ ਮੁੱਢਲੀ ਪ੍ਰੀਖਿਆ ਵਿੱਚ ਉਨ੍ਹਾਂ ਦੇ ਬੱਚਿਆਂ ਨੂੰ ਅਪੀਅਰ ਨਹੀਂ ਹੋਣ ਦਿੱਤਾ ਜਾਵੇਗਾ। ਸਕੂਲ ਦਾ ਇਹ ਸੁਨੇਹਾ ਦੇਖ ਕੇ ਬੱਚਿਆਂ ਦੇ ਮਾਪੇ ਗੁੱਸੇ ਵਿੱਚ ਲਾਲ ਪੀਲੇ ਹੋ ਗਏ ਅਤੇ ਉਨ੍ਹਾਂ ਨੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਸਹਿਯੋਗ ਨਾਲ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕੁਝ ਮਾਪਿਆਂ ਦਾ ਕਹਿਣਾ ਸੀ ਕਿ ਉਹ ਫੀਸਾਂ ਦੇ ਖ਼ਿਲਾਫ਼ ਨਹੀਂ ਹਨ ਪ੍ਰੰਤੂ ਉਨ੍ਹਾਂ ਦੇ ਬੱਚਿਆਂ ਨੂੰ ਮੁੱਢਲੀ ਪ੍ਰੀਖਿਆ ਤੋਂ ਬਾਹਰ ਕਰਨ ਦੀ ਧਮਕੀ ਦੇਣਾ ਬਿਲਕੁਲ ਗੈਰਵਾਜਬ ਹੈ।
ਇਸ ਮੌਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਮਾਪਿਆਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਲੌਕਡਾਊਨ ਕਾਰਨ ਕਾਫੀ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ ਅਤੇ ਕਾਫ਼ੀ ਬੇਰੁਜ਼ਗਾਰ ਹੋ ਗਏ ਹਨ। ਕਾਫੀ ਲੋਕਾਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ। ਸੰਕਟ ਦੇ ਸਮੇਂ ਉਹ ਸਕੂਲਾਂ ਦੀ ਫੀਸ ਦੇਣ ਤੋਂ ਪੂਰੀ ਤਰ੍ਹਾਂ ਅਸਮਰਥ ਹਨ ਪ੍ਰੰਤੂ ਸਕੂਲ ਪ੍ਰਬੰਧਕਾਂ ਵੱਲੋਂ ਲਗਾਤਾਰ ਫੀਸਾਂ ਜਮ੍ਹਾ ਕਰਵਾਉਣ ਲਈ ਕਿਹਾ ਜਾ ਰਿਹਾ ਹੈ ਜਦਕਿ ਪਿਛਲੇ ਕਈ ਮਹੀਨਿਆਂ ਤੋਂ ਸਕੂਲ ਬੰਦ ਹਨ ਅਤੇ ਬੱਚੇ ਵੀ ਘਰਾਂ ਵਿੱਚ ਹਨ।
ਉਧਰ, ਲਾਰੈਂਸ ਸਕੂਲ ਦੀ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਸਪੱਸ਼ਟ ਕੀਤਾ ਕਿ ਮਾਪਿਆਂ ਨੂੰ ਫੀਸਾਂ ਤਾਂ ਜਮ੍ਹਾ ਕਰਵਾਉਣੀਆਂ ਹੀ ਪੈਣਗੀਆਂ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ 125 ਅਧਿਆਪਕ ਪੜ੍ਹਾਉਂਦੇ ਹਨ, ਜਿਨ੍ਹਾਂ ਨੂੰ ਹਰੇਕ ਮਹੀਨੇ ਪਹਿਲੇ ਹਫ਼ਤੇ ਤਨਖ਼ਾਹ ਦਿੱਤੀ ਜਾਂਦੀ ਹੈ। ਕਰੋਨਾ ਦੇ ਮੱਦੇਨਜ਼ਰ ਸਕੂਲ ਬੰਦ ਹਨ ਪ੍ਰੰਤੂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਵੱਲੋਂ ਲੋੜਵੰਦ 50 ਬੱਚਿਆਂ ਦੀ ਪੂਰੀ ਫੀਸ ਮੁਆਫ਼ ਕੀਤੀ ਗਈ ਹੈ ਪ੍ਰੰਤੂ ਬਹੁਤ ਸਾਰੇ ਅਜਿਹੇ ਬੱਚੇ ਹਨ, ਜਿਨ੍ਹਾਂ ਦੇ ਪਿਤਾ ਅਤੇ ਮਾਤਾ ਦੋਵੇਂ ਸਰਕਾਰੀ ਨੌਕਰੀ ਕਰਦੇ ਹਨ ਜਾਂ ਆਪਣਾ ਕਾਰੋਬਾਰ ਕਰਦੇ ਹਨ ਪ੍ਰੰਤੂ ਉਹ ਵੀ ਫੀਸਾਂ ਮੁਆਫ਼ ਕਰਨ ਦੀ ਗੱਲ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਮਾਪੇ ਫੀਸਾਂ ਨਹੀਂ ਦੇਣਗੇ ਤਾਂ ਉਹ ਸਕੂਲ ਨੂੰ ਬੰਦ ਕਰ ਦੇਣਗੇ ਅਤੇ ਅਗਲੇ ਇਕ ਦੋ ਦਿਨਾਂ ਵਿੱਚ ਸੀਬੀਐਸਈ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਮਿਲ ਕੇ ਸਾਰੀ ਸਥਿਤੀ ਸਪੱਸ਼ਟ ਕੀਤੀ ਜਾਵੇਗੀ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…