
ਜੂਨ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਬੋਰਡ ਮੁਲਾਜ਼ਮ ਤੇ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਵੱਲੋਂ ਰੋਸ ਮੁਜ਼ਾਹਰਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਅੱਜ ਸਕੂਲ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਸਾਂਝੇ ਤੌਰ ’ਤੇ ਰੋਸ ਮੁਜ਼ਾਹਰਾ ਕਰਦਿਆਂ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕੀਤੀ।
ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਨੇ ਸੂਬਾ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ 7 ਜੁਲਾਈ ਤੱਕ ਮੁਲਾਜ਼ਮਾਂ ਨੂੰ ਤਨਖ਼ਾਹ ਅਤੇ ਪੈਨਸ਼ਨ ਨਾ ਮਿਲੀ ਤਾਂ ਬੋਰਡ ਮੁਲਾਜ਼ਮ ਕਲਮਛੋੜ ਹੜਤਾਲ ’ਤੇ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲ ਕਿਤਾਬਾਂ ਅਤੇ ਫੀਸਾਂ ਦਾ ਲਗਪਗ 427 ਕਰੋੜ ਦੀ ਦੇਣਦਾਰੀ ਖੜੀ ਹੈ। ਇਸ ਤੋਂ ਇਲਾਵਾ ਸਕੂਲ ਬੋਰਡ ਦੀ ਇਮਾਰਤ ਵਿੱਚ ਚੱਲ ਰਹੇ ਸਿੱਖਿਆ ਵਿਭਾਗ ਦੇ ਵੱਖ-ਵੱਖ ਦਫ਼ਤਰਾਂ ਦਾ ਕਿਰਾਇਆਂ ਵੀ ਨਹੀਂ ਦਿੱਤਾ ਜਾ ਰਿਹਾ ਹੈ। ਕਿਰਾਏ ਦੀ ਰਾਸ਼ੀ ਵਧ ਕੇ ਹੁਣ 20 ਕਰੋੜ ਰੁਪਏ ਹੋ ਗਈ ਹੈ। ਜਿਸ ਕਾਰਨ ਸਿੱਖਿਆ ਬੋਰਡ ਦੀ ਵਿੱਤੀ ਹਾਲਾਤ ਨਿੱਘਰਦੀ ਜਾ ਰਹੀ ਹੈ ਅਤੇ ਦਫ਼ਤਰੀ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਅਤੇ ਸੇਵਾਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਨਹੀਂ ਮਿਲੀ ਹੈ। ਇਹੀ ਨਹੀਂ ਪਿਛਲੇ ਮਹੀਨੇ ਦੀ ਤਨਖ਼ਾਹ ਬੋਰਡ ਨੇ ਐਫ਼ਡੀ ਤੁੜਵਾ ਕੇ ਦਿੱਤੀ ਸੀ।
ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਨੇ ਕਿਹਾ ਕਿ ਬੋਰਡ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਵਿੱਚ ਰਿਟਾਇਰੀ ਸਾਥੀਆਂ ਵੱਲੋਂ ਵੀ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਹਰ ਸੰਘਰਸ਼ ਵਿੱਚ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਗੁਰਚਰਨ ਸਿੰਘ ਤਰਮਾਲਾ, ਪਰਮਜੀਤ ਸਿੰਘ ਬੈਨੀਪਾਲ, ਸਤਨਾਮ ਸਿੰਘ ਸੱਤਾ, ਹਰਮਨਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਰਮਨਦੀਪ ਗਿੱਲ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜਗਤਾਰ ਸਿੰਘ, ਬਲਵਿੰਦਰ ਸਿੰਘ, ਅਜੈਬ ਸਿੰਘ ਸਮੇਤ ਬੋਰਡ ਮੁਲਾਜ਼ਮ ਅਤੇ ਸੇਵਾਮੁਕਤ ਕਰਮਚਾਰੀ ਹਾਜ਼ਰ ਸਨ।