
ਕਮਿਊਨਿਟੀ ਹੈਲਥ ਸੈਂਟਰ ਨੂੰ ਸੰਤੇਮਾਜਰਾ ’ਚ ਤਬਦੀਲ ਕਰਨ ਖ਼ਿਲਾਫ਼ ਸੀਨੀਅਰ ਸਿਟੀਜ਼ਨਾਂ ਵੱਲੋਂ ਰੋਸ ਮੁਜ਼ਾਹਰਾ
ਇਲਾਜ ਲਈ ਹਸਪਤਾਲ ਪਹੁੰਚੇ ਮਰੀਜ਼ ਗੇਟ ’ਤੇ ‘ਬੰਦ ਹੈ’ ਦਾ ਨੋਟਿਸ ਲੱਗਿਆ ਦੇਖ ਕੇ ਹੈਰਾਨ ਪ੍ਰੇਸ਼ਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਮੁਹਾਲੀ ਦੇ ਫੇਜ਼-3ਬੀ1 ਸਥਿਤ ਕਮਿਊਨਿਟੀ ਹੈਲਥ ਸੈਂਟਰ ਨੂੰ ਸ਼ਹਿਰ ਤੋਂ ਦੂਰ ਪਿੰਡ ਸੰਤੇਮਾਜਰਾ ਵਿੱਚ ਸ਼ਿਫ਼ਟ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਅੱਜ ਜਿਵੇਂ ਹੀ ਮਰੀਜ਼ ਦਵਾਈ ਬੂਟੀ ਲਈ ਹਸਪਤਾਲ ਪਹੁੰਚੇ ਤਾਂ ਮੁੱਖ ਗੇਟ ’ਤੇ ‘ਬੰਦ ਹੈ’ ਦਾ ਨੋਟਿਸ ਲੱਗਿਆ ਦੇਖ ਕੇ ਦੰਗ ਰਹਿ ਗਏ। ਸ਼ਹਿਰ ਦੇ ਸੀਨੀਅਰ ਸਿਟੀਜ਼ਨਾਂ ਅਤੇ ਹੋਰਨਾਂ ਵਿਅਕਤੀਆਂ ਨੇ ਸਰਕਾਰ ਪ੍ਰਤੀ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਰੋਸ ਵਿਖਾਵਾ ਕੀਤਾ।
ਇੱਥੇ ਇਹ ਜ਼ਿਕਰਯੋਗ ਹੈ ਕਿ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਇਹ ਦਲੀਲ ਦਿੱਤੀ ਸੀ ਕਿ ਇੱਥੇ ਸਰਕਾਰ ਲੀਵਰ ਅਤੇ ਬਾਈਲਰੀ ਇੰਸਟੀਚਿਊਟ ਬਣਾਉਣਾ ਚਾਹੁੰਦੀ ਹੈ ਪਰ ਕਮਿਊਨਿਟੀ ਹੈਲਥ ਸੈਂਟਰ ਨੂੰ ਵੀ ਬੰਦ ਨਹੀਂ ਕੀਤਾ ਜਾਵੇਗਾ। ਜੇਕਰ ਲੋੜ ਪਈ ਤਾਂ ਇਸ ਦੇ ਬਦਲਵਾਂ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਸੀਨੀਅਰ ਸਿਟੀਜ਼ਨ ਮਦਨ ਸਿੰਘ, ਜਗਦੀਸ਼ ਸਾਹਨੀ, ਜੁਗਰਾਜ ਸਿੰਘ ਅਤੇ ਹੋਰਨਾਂ ਵਿਅਕਤੀਆਂ ਨੇ ਕਿਹਾ ਕਿ ਇੱਥੋਂ ਕਮਿਊਨਿਟੀ ਹੈਲਥ ਸੈਂਟਰ (ਮਿੰਨੀ ਹਸਪਤਾਲ) ਨੂੰ ਤਬਦੀਲ ਕਰਨਾ ਆਪ ਸਰਕਾਰ ਨੇ ਸ਼ਹਿਰ ਵਾਸੀਆਂ ਨਾਲ ਵੱਡਾ ਧੱਕਾ ਕੀਤਾ ਹੈ। ਇੱਥੇ ਕਈ ਤਰ੍ਹਾਂ ਦੇ ਟੈੱਸਟਾਂ ਤੋਂ ਇਲਾਵਾ ਦਵਾਈਆਂ ਵੀ ਮਿਲਦੀਆਂ ਸਨ ਅਤੇ ਮਾਹਰ ਡਾਕਟਰ ਮਰੀਜ਼ਾਂ ਨੂੰ ਦੇਖ ਕੇ ਇਲਾਜ ਕਰਦੇ ਸਨ ਪਰ ਹੁਣ ਫੇਜ਼-3ਬੀ1, ਫੇਜ਼-3ਬੀ2 ਅਤੇ ਫੇਜ਼-2, ਮਦਨਪੁਰਾ ਦੇ ਵਸਨੀਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਉਨ੍ਹਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਮਿਲ ਰਹੀਆਂ ਸਨ।
ਪੀੜਤ ਮਦਨ ਸਿੰਘ ਅਤੇ ਜੁਗਰਾਜ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲ੍ਹ ਕੇ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਦਾਅਵੇ ਕਰ ਰਹੇ ਹੈ, ਦੂਜੇ ਪਾਸੇ ਲੋਕਾਂ ਨੂੰ ਪਹਿਲਾਂ ਤੋਂ ਮਿਲ ਰਹੀਆਂ ਸਿਹਤ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਇੱਥੇ ਲੀਵਰ ਅਤੇ ਬਾਈਲਰੀ ਇੰਸਟੀਚਿਊਟ ਬਣਾਉਣ ਦੇ ਨਾਲ-ਨਾਲ ਇਸ ਆਧੁਨਿਕ ਇਮਾਰਤ ਵਿੱਚ ਹੀ ਕਮਿਊਨਟੀ ਹੈਲਥ ਸੈਂਟਰ ਚੱਲਦਾ ਰੱਖਿਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਊਨਟੀ ਹੈਲਥ ਸੈਂਟਰ ਨੂੰ ਇੱਥੋਂ ਸ਼ਿਫ਼ਟ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਨਹੀਂ ਲਿਆ ਤਾਂ ਸ਼ਹਿਰ ਵਾਸੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਨ ਅੰਦੋਲਨ ਸ਼ੁਰੂ ਕਰਨਗੇ।
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਤਤਕਾਲੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਉਕਤ ਡਿਸਪੈਂਸਰੀ ਨੂੰ ਅਪਗਰੇਡ ਕਰਕੇ ਕਮਿਊਨਟੀ ਹੈਲਥ ਸੈਂਟਰ ਬਣਾਇਆ ਗਿਆ ਸੀ ਪਰ ਹੁਣ ਆਪ ਸਰਕਾਰ ਨੇ ਸ਼ਹਿਰ ਵਾਸੀਆਂ ਖ਼ਾਸ ਤੌਰ ਕਰਕੇ ਸੀਨੀਅਰ ਸਿਟੀਜ਼ਨਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕਈ ਕਿੱਲੋਮੀਟਰ ਦੂਰ ਪਿੰਡ ਸੰਤੇਮਾਜਰਾ ਵਿੱਚ ਤਬਦੀਲ ਕਰ ਦਿੱਤਾ ਹੈ। ਸੰਤੇਮਾਜਰਾ ਮੁਹਾਲੀ ਦੀ ਹੱਦਬੰਦੀ ਤੋਂ ਵੀ ਬਾਹਰ ਹੈ। ਉਨ੍ਹਾਂ ਕਿਹਾ ਕਿ ਇਹ ਮੁਹਾਲੀ ਦੇ ਲੋਕਾਂ ਨਾਲ ਧੱਕਾ ਹੈ। ਇਸ ਫੈਸਲੇ ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।
ਬੇਦੀ ਨੇ ਦੱਸਿਆ ਕਿ ਸਰਕਾਰ ਦੀ ਖੋਟ ਦਿਖਾਈ ਦੇਣ ’ਤੇ ਉਨ੍ਹਾਂ ਨੇ ਪਹਿਲਾਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ। ਇਸ ਕੇਸ ਸੁਣਵਾਈ 15 ਨਵੰਬਰ ਨੂੰ ਹੋਵੇਗੀ।