Nabaz-e-punjab.com

ਕੈਪਟਨ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ, ਖਾਲੀ ਘੜਾ ਭੰਨਿਆਂ

ਮਜ਼ਦੂਰ ਦਿਵਸ ’ਤੇ 1 ਮਈ ਨੂੰ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਆਗੂ ਸੱਜਣ ਸਿੰਘ ਮੁੜ ਸ਼ੁਰੂ ਕਰਨਗੇ ਮਰਨ ਵਰਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ, ਧੱਕੇਸ਼ਾਹੀ ਅਤੇ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਜ਼ਿਲ੍ਹਾ ਮੁਹਾਲੀ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ, ਸਫ਼ਾਈ ਕਾਮਿਆਂ ਅਤੇ ਪੈਨਸ਼ਨਰਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਸੈਕਟਰ-68 ਸਥਿਤ ਮੁਹਾਲੀ ਨਗਰ ਨਿਗਮ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਮੁਹਾਲੀ ਸਮੇਤ ਨੇੜਲੇ ਸ਼ਹਿਰਾਂ ਖਰੜ, ਨਵਾਂ ਗਰਾਓਂ, ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਵਿੱਚ ਕੰਮ ਕਰਦੇ ਕੱਚੇ ਅਤੇ ਪੱਕੇ ਸਫ਼ਾਈ ਕਾਮਿਆਂ, ਮੁਲਾਜ਼ਮਾਂ, ਪੈਨਸ਼ਨਰਾਂ, ਪਾਵਰਕੌਮ ਦੇ ਸਾਥੀਆਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਖਾਲੀ ਘੜੇ ਭੰਨਦਿਆਂ ਹੁਕਮਰਾਨਾਂ ਦੇ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਅੱਜ ਇਹ ਰੋਸ ਮੁਜ਼ਾਹਰਾ ਸੂਬੇ ਭਰ ਵਿੱਚ ਸਮੂਹ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਮੁਲਾਜ਼ਮ ਸੰਘਰਸ਼ ਲਹਿਰ ਦੀ ਅਗਵਾਈ ਕਰ ਰਹੇ ਸਾਥੀ ਸੱਜਣ ਸਿੰਘ ਵੱਲੋਂ ਬੁੱਧਵਾਰ ਨੂੰ ਮਜ਼ਦੂਰ ਦਿਵਸ ’ਤੇ 1 ਮਈ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮਨਵਾਉਣ ਲਈ ਦੁਬਾਰਾ ਸ਼ੁਰੂ ਕੀਤੇ ਜਾ ਰਹੇ ਮਰਨ ਵਰਤ ਦੀ ਹਮਾਇਤ ਵਿੱਚ ਕੀਤੇ ਗਏ। ਉਨ੍ਹਾਂ ਮੁਲਾਜ਼ਮ ਆਗੂ ਸੱਜਣ ਸਿੰਘ ਵੱਲੋਂ ਸੈਕਟਰ-43, ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਦੀ ਜ਼ੋਰਦਾਰ ਹਮਾਇਤ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵੀ ਮਾੜੇ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੁਲਾਜ਼ਮ ਲੜੀਵਾਰ ਹੜਤਾਲਾਂ ਸ਼ੁਰੂ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਮੁਲਾਜ਼ਮਾਂ ਨੇ ਚੋਣ ਡਿਊਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਮੁਲਾਜ਼ਮ ਆਗੂ ਸੱਜਣ ਸਿੰਘ, ਰਣਬੀਰ ਸਿੰਘ ਢਿੱਲੋਂ, ਬਿਜਲੀ ਬੋਰਡ ਤੋਂ ਸੁਰਿੰਦਰਪਾਲ, ਸਤਪਾਲ ਸਿੰਘ, ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਤੋਂ ਮੋਹਣ ਸਿੰਘ, ਠੇਕਾ ਮੁਲਾਜ਼ਮਾਂ ਵੱਲੋਂ ਗੁਰਪ੍ਰੀਤ ਸਿੰਘ ਰਾਜਾ, ਅਨਿਲ ਕੁਮਾਰ, ਸੁਬਰਾਮਨੀਅਮ, ਮੁਹਾਲੀ ਨਗਰ ਨਿਗਮ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਵੱਰੀਆ, ਲਾਲੜੂ ਤੋਂ ਹਰਵਿੰਦਰ ਸਿੰਘ, ਡੇਰਾਬੱਸੀ ਤੋਂ ਪ੍ਰਧਾਨ ਰਾਜੇਸ਼ ਕੁਮਾਰ, ਜ਼ੀਰਕਪੁਰ ਤੋਂ ਸ਼ਮਸ਼ੇਰ ਸਿੰਘ, ਨਵਾਂ ਗਰਾਓਂ ਤੋਂ ਤੀਰਥ ਪਾਲ ਅਤੇ ਖਰੜ ਤੋਂ ਬਲਕੇਸ਼ ਕੁਮਾਰ ਸਮੇਤ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਸੜਕਾਂ ਜਾਮ ਕਰਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮ ਵੈਲਫੇਅਰ ਐਕਟ 2016 ਬਿਨਾਂ ਕਿਸੇ ਸੋਧ ਕੀਤੇ ਲਾਗੂ ਕਰਕੇ ਆਊਟ ਸੋਰਸ, ਠੇਕਾ ਪ੍ਰਣਾਲੀ, ਦਿਹਾੜੀਦਾਰ, ਵਰਕਚਾਰਜ, ਹੈੱਡਹਾਕ ਅਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਦੇ ਕੇ ਪੱਕਾ ਕੀਤਾ ਜਾਵੇ। ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ। ਡੀਏ ਦੀਆਂ 3 ਕਿਸ਼ਤਾਂ ਸਮੇਤ 40 ਮਹੀਨਿਆਂ ਦਾ ਬਕਾਇਆ ਦਿੱਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਤੁਰੰਤ ਲਾਗੂ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…