
ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀਆਂ ਵੱਲੋਂ ਰੋਸ ਮੁਜ਼ਾਹਰਾ, ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਡੇਲੀਵੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਉਡੀਕ ਲੰਮੀ ਹੋਈ
ਨਬਜ਼-ਏ-ਪੰਜਾਬ, ਮੁਹਾਲੀ, 8 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਨੇ ਅੱਜ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਇੱਕ ਸਾਂਝਾ ਮਤਾ ਪਾਸ ਕਰਕੇ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ 7 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਸਕੂਲ ਬੋਰਡ ਵੱਲੋਂ ਨੋਟੀਫ਼ਿਕੇਸ਼ਨ ਦੇ ਫ਼ੈਸਲੇ ਨੂੰ ਅਡਾਪਟ ਕਰਦਿਆਂ ਬੋਰਡ ਦੇ 525 ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਰਕਾਰ ਵੱਲੋਂ ਜਾਰੀ ਪ੍ਰੋਫਾਰਮਾ ਭਰਵਾਇਆ ਗਿਆ ਸੀ। ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ 7 ਮੈਂਬਰੀ ਕਮੇਟੀ ਵੀ ਕਾਇਮ ਕੀਤੀ ਗਈ ਸੀ ਪ੍ਰੰਤੂ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕਿਸੇ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ। ਜਿਸ ਕਾਰਨ ਕੱਚੇ ਮੁਲਾਜ਼ਮਾਂ ਵਿੱਚ ਸਰਕਾਰ ਅਤੇ ਬੋਰਡ ਮੈਨੇਜਮੈਂਟ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਅਤੇ ਸਿੱਖਿਆ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੈ।
ਬੁਲਾਰਿਆਂ ਨੇ ਕਿਹਾ ਕਿ ਬੀਤੀ 30 ਅਗਸਤ ਨੂੰ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ ਨਾਲ ਮੀਟਿੰਗ ਕੀਤੀ ਗਈ ਅਤੇ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਬੋਰਡ ਨੂੰ 15 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦੇਣ ਲਈ ਕਿਹਾ ਗਿਆ ਸੀ। ਜਿਸ ’ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਲਈ ਪੱਕੇ ਹੋਣ ਲਈ ਉਡੀਕ ਲੰਮੀ ਹੁੰਦੀ ਜਾ ਰਹੀ ਹੈ। ਜਿਸ ਦੇ ਰੋਸ ਵਜੋਂ ਇਸ ਸਾਲ ਵੀ ਕਾਲੀ ਦੀਵਾਲੀ ਮਨਾਉਣ ਅਤੇ ਪੰਜਾਬ ਦੀ ਆਪ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਲਿਆ ਗਿਆ।
ਇਸ ਮੌਕੇ ਪ੍ਰੈਸ ਸਕੱਤਰ ਤੇਜਿੰਦਰ ਸਿੰਘ, ਵਿਕਰਮਜੀਤ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਨਿਰਮਲ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ ਸਮੇਤ ਮਹਿਲਾ ਮੁਲਾਜ਼ਮਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।