
ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵੱਲੋਂ ਡੀਪੀਆਈ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ
ਸਰਕਾਰ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਸਰਕਾਰ
ਜਾਇਜ਼ ਮੰਗਾਂ ਨਾ ਮੰਨੇ ਜਾਣ ’ਤੇ 7 ਜਨਵਰੀ ਨੂੰ ਸੰਗਰੂਰ ਵਿੱਚ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਮੁਜ਼ਾਹਰਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੰਜਾਬ ਏਡਿਡ ਸਕੂਲ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ ’ਤੇ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕਾਂ ਤੇ ਪੈਨਸ਼ਨਰਾਂ ਨੇ ਡੀਪੀਆਈ (ਸੈਕੰਡਰੀ) ਦਫ਼ਤਰ ਦੇ ਬਾਹਰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਲਈ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਐਨਐਨ ਸੈਣੀ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਕਾਨੂੰਨੀ ਪੈਰਿਟੀ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਅਜੇ ਤਾਈਂ ਛੇਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪੱਧਰ ’ਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਚੋਣ ਮਨੋਰਥ ਪੱਤਰ ਵਿੱਚ ਏਡਿਡ ਸਕੂਲਾਂ ਦੇ ਸਟਾਫ਼ ਨੂੰ ਸਰਕਾਰੀ ਸਕੂਲਾਂ ਵਾਲੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਹੁਣ ਤੱਕ ਨਾ ਤਾਂ ਤਨਖ਼ਾਹ ਕਮਿਸ਼ਨ ਅਨੁਸਾਰ ਤਨਖ਼ਾਹਾਂ ਦਿੱਤੀਆਂ ਅਤੇ ਨਾ ਹੀ ਦੋ ਸਾਲਾਂ ਤੋਂ ਡੀਪੀਆਈ (ਸ) ਦਫ਼ਤਰ ਵਿਖੇ ਰੁਲਦੇ ਪੈਨਸ਼ਨ ਕੇਸਾਂ ਦਾ ਨਿਪਟਾਰਾ ਕੀਤਾ। ਜਿਸ ਕਾਰਨ ਹੱਡ ਚੀਰਵੀਂ ਠੰਡ ਦੇ ਬਾਵਜੂਦ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਬੁਲਾਰਿਆਂ ਨੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਯੂਨੀਅਨ ਨੂੰ ਪੈਨਲ ਮੀਟਿੰਗ ਦਾ ਸਮਾਂ ਦੇ ਕੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਅਤੇ ਪੈਨਸ਼ਨਰਾਂ ਨੂੰ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਗੱਲਬਾਤ ਦਾ ਸਮਾਂ ਨਾ ਦਿੱਤਾ ਅਤੇ ਮੰਗਾਂ ਨਾ ਮੰਨੀਆਂ ਤਾਂ 7 ਜਨਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਮੌਕੇ ਡਾ. ਗੁਰਮੀਤ ਸਿੰਘ ਨਵਾਂ ਸ਼ਹਿਰ, ਗੁਰਮੀਤ ਸਿੰਘ ਮਦਨੀਪੁਰ, ਰੁਪਿੰਦਰ ਸਿੰਘ ਹੁਸ਼ਿਆਰਪੁਰ, ਅਸ਼ੋਕ ਵਡਹੇਰਾ ਫਿਰੋਜ਼ਪੁਰ, ਕੇਕੇ ਜੋਸ਼ੀ, ਪ੍ਰਿੰਸੀਪਲ ਚਮਕੌਰ ਸਿੰਘ ਲੁਧਿਆਣਾ, ਰਮੇਸ਼ ਚੰਦ ਸ਼ਾਸਤਰੀ ਅਨੰਦਪੁਰ ਸਾਹਿਬ, ਬੀਐਸ ਰਾਣਾ ਮੋਗਾ, ਖਜ਼ਾਨ ਸਿੰਘ, ਸ਼ਰਨਜੀਤ ਸਿੰਘ ਮੁਹਾਲੀ, ਦਲਜੀਤ ਸਿੰਘ ਖਰੜ, ਯਾਦਵਿੰਦਰ ਕੁਰਾਲੀ, ਰਾਜ ਕੁਮਾਰ ਮਿਸ਼ਰਾ, ਹਰਦੀਪ ਸਿੰਘ, ਅਸ਼ਵਨੀ ਮਦਾਨ, ਹਰਵਿੰਦਰ ਪਾਲ, ਦਿਨੇਸ਼ ਸ਼ਰਮਾ, ਅਨਿਲ ਭਾਰਤੀ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।