
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਅਧਿਆਪਕਾਂ ਵੱਲੋਂ ਡੀਈਓ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਬੁੱਧਵਾਰ ਨੂੰ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਬਾਹਰ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਵਿਰੁੱਧ ਜੰਮ ਕੇ ਭੜਾਸ ਕੱਢੀ।
ਇਸ ਮੌਕੇ ਜ਼ਿਲ੍ਹਾ ਕਨਵੀਨਰ ਸੁਰਜੀਤ ਸਿੰਘ ਮੁਹਾਲੀ, ਐਨਡੀ ਤਿਵਾੜੀ, ਸੂਬਾ ਕਨਵੀਨਰ ਜਸਵਿੰਦਰ ਸਿੰਘ ਅੌਲਖ ਅਤੇ ਬਾਜ਼ ਸਿੰਘ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਗਾ ਕੇ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਅਧਿਆਪਕ ਮੋਰਚੇ ਦੇ ਮੋਹਰੀ ਆਗੂਆਂ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਸਗੋਂ ਨਿੱਤ ਦਿਨ ਅਧਿਆਪਕ ਵਿਰੋਧੀ ਨਵੇਂ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇੱਕ ਹੋਰ ਵਿਭਾਗੀ ਟੈੱਸਟ ਥੋਪ ਕੇ ਲਗਾਤਾਰ ਆਪ ਸਰਕਾਰ ਦਾ ਅਧਿਆਪਕ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਮਾਸਟਰ ਕਾਰਡ ਤੋਂ ਪਦਉਨਤ ਕੀਤੇ ਅਧਿਆਪਕਾਂ ਨਾਲ ਵੀ ਸਿਰੇ ਦਾ ਪੱਖਪਾਤ ਕੀਤਾ ਜਾ ਰਿਹਾ ਹੈ ਜਦੋਂਕਿ ਸਿਫ਼ਾਰਸ਼ੀ ਅਧਿਆਪਕ ਯੋਗ ਅਧਿਆਪਕਾਂ ਦਾ ਹੱਕ ਮਾਰ ਰਹੇ ਹਨ।
ਅਧਿਆਪਕ ਆਗੂ ਰਵਿੰਦਰ ਪੱਪੀ, ਗੁਰਸੇਵਕ ਸਿੰਘ, ਰਣਜੀਤ ਸਿੰਘ ਰਬਾਬੀ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ ਨੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਸੂਚੀ ਜਾਰੀ ਕਰਵਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ, ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਅਧਿਆਪਕ ਮੋਰਚਾ ਚੈਨ ਨਾਲ ਨਹੀਂ ਬੈਠੇਗਾ।
ਰੋਸ ਪ੍ਰਦਰਸ਼ਨ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ) ਸ੍ਰੀਮਤੀ ਸੁਰਜੀਤ ਕੌਰ ਅਤੇ ਸ੍ਰੀਮਤੀ ਕੰਚਨ ਸ਼ਰਮਾ ਨੇ ਮੁੱਖ ਮੰਤਰੀ ਦੇ ਨਾਂ ਲਿਖਿਆ ਰੋਸ ਪੱਤਰ ਪ੍ਰਾਪਤ ਕੀਤਾ। ਜਿਸ ਵਿੱਚ ਅਧਿਆਪਕਾਂ ਨੇ ਸਰਕਾਰ ਨੂੰ ਮੰਗਾਂ ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਅਧਿਆਮਤ ਪ੍ਰਕਾਸ਼, ਗੁਰਸ਼ਰਨ ਸਿੰਘ, ਕਮਲ ਕੁਮਾਰ, ਅਵਨੀਸ਼ ਕੁਮਾਰ, ਅਨੀਸ਼ ਕੁਮਾਰ, ਗੁਲਜੀਤ ਸਿੰਘ, ਬਲਜੀਤ ਸਿੰਘ, ਰਾਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।