Share on Facebook Share on Twitter Share on Google+ Share on Pinterest Share on Linkedin ਵਿਦਿਆਰਥੀਆਂ ’ਤੇ ਲਾਗੂ ਸਰਟੀਫਿਕੇਟ ਫੀਸ, ਪ੍ਰੀਖਿਆ ਫੀਸਾਂ ਤੇ ਜੁਰਮਾਨਿਆਂ ਵਿੱਚ ਵਾਧੇ ਖ਼ਿਲਾਫ਼ ‘ਵਿਰੋਧ ਪੱਤਰ’ ਡੀਟੀਐੱਫ਼ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਖ਼ਿਲਾਫ਼ ਮੁਹਾਲੀ ਵਿੱਚ 3 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਫੋਕੇ: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਆਰਥਿਕ ਲੁੱਟ ਹੋਰ ਵਧੀ ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ: ਸਿੱਖਿਆ ਦਾ ਅਧਿਕਾਰ ਕਾਨੂੰਨ-2009 ਤਹਿਤ ਅੱਠਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਅਤੇ ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਕਾਨੂੰਨ-2016 ਤਹਿਤ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ ਬਾਰ੍ਹਵੀਂ ਜਮਾਤ ਲਈ 250 ਰੁਪਏ ਪ੍ਰਤੀ ਵਿਦਿਆਰਥੀ ਫੀਸ ਲਗਾਉਣ ਦਾ ਨਵਾਂ ਫ਼ਰਮਾਨ ਲਾਗੂ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ਼) ਜ਼ਿਲ੍ਹਾ ਮੁਹਾਲੀ ਨੇ ਸਰਟੀਫਿਕੇਟ ਫੀਸ ਲਾਗੂ ਕਰਨ, ਪ੍ਰੀਖਿਆ ਫੀਸ ਵਿੱਚ ਵਾਧੇ ਅਤੇ ਭਾਰੀ ਜੁਰਮਾਨਿਆਂ ਨੂੰ ਨਾਜਾਇਜ਼ ਕਰਾਰ ਦਿੰਦਿਆਂ ਇਸ ਸਬੰਧੀ ਮੁਹਾਲੀ ਦੇ ਏਡੀਸੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਰਾਹੀਂ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੂੰ ਵਿਰੋਧ ਪੱਤਰ ਭੇਜਦਿਆਂ 3 ਅਕਤੂਬਰ ਨੂੰ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਡੀਟੀਐਫ਼ ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ, ਜ਼ਿਲ੍ਹਾ ਕਮੇਟੀ ਮੈਂਬਰ ਰੌਸ਼ਨ ਲਾਲ, ਰੁਪਿੰਦਰ ਸਿੰਘ, ਰਮੇਸ਼ ਕੁਮਾਰ, ਗਗਨਦੀਪ ਕੌਰ ਅਤੇ ਭਰਾਤਰੀ ਹਮਾਇਤ ’ਤੇ ਪੁੱਜੇ ਅੰਗਰੇਜ਼ ਸਿੰਘ ਭਦੌੜ, ਹਰਦੀਪ ਸਿੰਘ ਕਿਸਾਨ ਯੂਨੀਅਨ ਧਨੇਰ ਅਤੇ ਮਗਨਰੇਗਾ ਮਜ਼ਦੂਰ ਯੂਨੀਅਨ ਆਗੂ ਬਲਵਿੰਦਰ ਸਿੰਘ ਨੇ ਕਿਹਾ ਕੇ ਨਤੀਜ਼ਾ ਸਰਟੀਫਿਕੇਟ ਦੇਣਾ ਹਰੇਕ ਸੰਸਥਾ ਦਾ ਮੁੱਢਲਾ ਫਰਜ਼ ਹੁੰਦਾ ਹੈ, ਪ੍ਰੰਤੂ ਸਿੱਖਿਆ ਬੋਰਡ ਇਸ ਨੂੰ ਵੀ ਕਮਾਈ ਦੇ ਸਾਧਨ ਵਜੋਂ ਦੇਖ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕੇ ਸਾਰੀਆਂ ਜਮਾਤਾਂ ਦੀ ਬੋਰਡ ਪ੍ਰੀਖਿਆ ਦੇ ਸਰਟੀਫਿਕੇਟਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਦਿਆਂ ਪੂਰੀ ਤਰ੍ਹਾਂ ਮੁਫ਼ਤ ਦਿੱਤੇ ਜਾਣ। ਆਗੂਆਂ ਨੇ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਲਈਆਂ ਜਾਂਦੀਆਂ ਪ੍ਰੀਖਿਆ ਫ਼ੀਸਾਂ, ਰਜਿਸ਼ਟ੍ਰੇਸ਼ਨ ਤੇ ਕੰਟੀਨਿਊਏਸ਼ਨ ਫ਼ੀਸ ਅਤੇ ਜੁਰਮਾਨਿਆਂ ਤੇ ਲੇਟ ਫ਼ੀਸ ਆਦਿ ਵਿੱਚ ਵੀ ਗੈਰ ਵਾਜਿਬ ਵਾਧਾ ਕੀਤਾ ਗਿਆ ਹੈ। ਇਸ ਵਾਧੇ ਨੂੰ ਵਾਪਸ ਲੈਣ, ਜੁਰਮਾਨਾ ਕਿਸੇ ਵੀ ਹਾਲਤ ‘ਚ ਫ਼ੀਸ ਤੋਂ ਵੱਧ ਨਾ ਰੱਖਣ ਅਤੇ ਦਸਵੀਂ/ਬਾਰ੍ਹਵੀਂ ਕੰਟੀਨਿਊਏਸ਼ਨ ਤੇ ਪ੍ਰੀਖਿਆ ਫ਼ੀਸ ਇੱਕੋ ਵਾਰੀ ਵਿੱਚ ਕੰਪਿਊਟਰ ’ਤੇ ਆਨਲਾਈਨ ਕਰਨ ਦਾ ਪ੍ਰਬੰਧ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਬੋਰਡ ਜਮਾਤਾਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਸਕੂਲ ਪੱਧਰ ’ਤੇ ਅਧਿਆਪਕਾਂ ਵੱਲੋਂ ਹੀ ਲਈਆਂ ਜਾਂਦੀਆਂ ਹਨ। ਜਿਸ ਕਾਰਨ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰਯੋਗੀ ਫੀਸ ਪੂਰੀ ਤਰ੍ਹਾਂ ਤਰਕਹੀਣ, ਗੈਰ-ਵਾਜਬ ਤੇ ਨਿਹੱਕੀ ਹੈ ਅਤੇ ਬੰਦ ਕਰਨੀ ਬਣਦੀ ਹੈ। ਆਗੂਆਂ ਨੇ ਦੱਸਿਆ ਕਿ ਦਰਅਸਲ ਮੁਫ਼ਤ ਕਿਤਾਬਾਂ ਦੀ ਛਪਾਈ ਅਤੇ ਅੱਠਵੀਂ ਤੱਕ ਫੀਸ ਮੁਆਫ ਕਰਨ ਬਦਲੇ ਪੰਜਾਬ ਸਰਕਾਰ ਵੱਲ ਸਿੱਖਿਆ ਬੋਰਡ ਦੀਆਂ 600 ਕਰੋੜ ਤੋਂ ਵਧੇਰੇ ਦੀਆਂ ਅਦਾਇਗੀਆਂ ਪੈਡਿੰਗ ਹਨ, ਜਿਸ ਦਾ ਖਮਿਆਜ਼ਾ ਭਾਰੀ ਫੀਸਾਂ ਅਤੇ ਇਨ੍ਹਾਂ ਤੋਂ ਵੀ ਵਧੇਰੇ ਜੁਰਮਾਨਿਆਂ ਦੇ ਰੂਪ ਵਿੱਚ ਵਿਦਿਆਰਥੀਆਂ ਤੇ ਸਕੂਲ ਅਧਿਆਪਕਾਂ ਅਤੇ ਤਨਖਾਹਾਂ-ਪੈਨਸ਼ਨਾਂ ‘ਤੇ ਲੱਗਦੀਆਂ ਰੋਕਾਂ ਦੇ ਰੂਪ ਵਿੱਚ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਭੁਗਤਨਾ ਪੈ ਰਿਹਾ ਹੈ। ਇਸ ਵਿੱਤੀ ਘਾਟੇ ਨੂੰ ਨਾ ਤਾਂ ਪਹਿਲੀਆਂ ਸਰਕਾਰਾਂ ਨੇ ਪੂਰਿਆ ਅਤੇ ਨਾ ਹੀ ਬਦਲਾਅ ਦਾ ਨਾਹਰਾ ਲਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਪੂਰਾ ਕਰਨ ਦਾ ਕੋਈ ਯਤਨ ਕੀਤਾ ਹੈ, ਸਗੋਂ ਫੀਸ ਵਾਧੇ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਨ੍ਹਾਂ ਅਦਾਇਗੀਆਂ ਦਾ ਫ਼ੌਰੀ ਭੁਗਤਾਨ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਵੱਖ-ਵੱਖ ਪੈਡਿੰਗ ਮਾਮਲਿਆਂ ਵਿੱਚ ਸਰਕਾਰੀ ਸਕੂਲਾਂ ’ਤੇ ਲੱਗੇ ਲੱਖਾਂ ਰੁਪਏ ਦੇ ਜੁਰਮਾਨਿਆਂ ਕਾਰਨ ਵਿਦਿਆਰਥੀਆਂ ਦੇ ਰੋਕੇ ਸਰਟੀਫਿਕੇਟ ਜ਼ਾਰੀ ਕਰਨ ਅਤੇ ਜੁਰਮਾਨਿਆਂ ਤੋਂ ਵੀ ਵਾਜਬ ਰਾਹਤ ਦੇਣ ਦੀ ਮੰਗ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ