
ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਅਮੈਯ ਫਾਉਂਡੇਸ਼ਨ ਦੀਆਂ ਅੌਰਤਾਂ ਵੱਲੋਂ ਰੋਸ ਮਾਰਚ
ਗੁਰਦੁਆਰਾ ਤਾਲਮੇਲ ਕਮੇਟੀ ਨੇ ਪਹਿਲਗਾਮ ਘਟਨਾ ਵਿਰੁੱਧ ਕੀਤਾ ਨਿਖੇਧੀ ਮਤਾ ਪਾਸ
ਨਬਜ਼-ਏ-ਪੰਜਾਬ, ਮੁਹਾਲੀ, 27 ਅਪਰੈਲ:
ਸਮਾਜ ਸੇਵੀ ਸੰਸਥਾ ਅਮੈਯ ਫਾਉਂਡੇਸ਼ਨ ਦੀਆਂ ਮਹਿਲਾ ਮੈਂਬਰਾਂ ਨੇ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਫਾਉਂਡੇਸ਼ਨ ਦੀ ਚੇਅਰਪਰਸਨ ਆਭਾ ਬਾਂਸਲ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-7 ਦੇ ਲਾਲ ਬੱਤੀ ਪੁਆਇੰਟ ਤੋਂ ਸੋਹਾਣਾ ਟਰੈਫ਼ਿਕ ਲਾਈਟ ਚੌਕ ਤੱਕ ਇੱਕ ਰੋਸ ਮਾਰਚ ਕੱਢਿਆ। ਇਸ ਦੌਰਾਨ ਅੌਰਤਾਂ ਨੇ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਪਾਕਿਸਤਾਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਅੱਤਵਾਦ ਦਾ ਪੁਤਲਾ ਸਾੜਿਆ।
ਇਸ ਮੌਕੇ ਆਭਾ ਬਾਂਸਲ ਨੇ ਕੇਂਦਰ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੱਤਵਾਦੀ ਹਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸੇ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਨਿਹੱਥੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣਾ ਬਹੁਤ ਮੰਦਭਾਗੀ ਗੱਲ ਹੈ। ਲਿਹਾਜ਼ਾ ਕੇਂਦਰ ਸਰਕਾਰ ਨੂੰ ਅੱਤਵਾਦ ਦੇ ਖ਼ਾਤਮੇ ਲਈ ਅਤੇ ਵਾਦੀ ਵਿੱਚ ਪੁਰਅਮਨ ਸ਼ਾਂਤੀ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਧਰ, ਗੁਰਦੁਆਰਾ ਤਾਲਮੇਲ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਹੋਈ। ਜਿਸ ਵਿੱਚ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਕਤਲੇਆਮ ਦੀ ਨਿਖੇਧੀ ਕੀਤੀ ਗਈ। ਹਾਜ਼ਰ ਮੈਂਬਰਾਂ ਨੇ ਨਿਖੇਧੀ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿੱਚ ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਦਿਆਲ ਸਿੰਘ, ਗੁਰਮੁਖ ਸਿੰਘ ਸੋਹਲ, ਹਰਜਿੰਦਰ ਸਿੰਘ ਸੋਹਲ, ਹਰਿੰਦਰ ਸਿੰਘ, ਪਦਮਜੀਤ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ ਬਾਜਵਾ, ਬਲਵਿੰਦਰ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ ਭੱਲਾ ਸ਼ਾਮਲ ਸਨ।