ਸਿੱਖਿਆ ਵਿਭਾਗ ਪੰਜਾਬ ਦੇ ਕੱਚੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰਾ

ਜ਼ਿਲ੍ਹਾ ਯੋਜਨਾ ਬੋਰਡ ਦੀ ਮੁਖੀ ਪ੍ਰਭਜੋਤ ਕੌਰ ਨੇ ਮੰਗ ਪੱਤਰ ਲਿਆ, ਮੌਕੇ ’ਤੇ ਸਿੱਖਿਆ ਮੰਤਰੀ ਬੈਂਸ ਨੂੰ ਕੀਤਾ ਫੋਨ

ਦੋ ਦਿਨ ਕਾਲੇ ਬਿੱਲੇ ਲਗਾ ਕੇ ਕੰਮ ਕਰਨ ਅਤੇ 19 ਅਕਤੂਬਰ ਨੂੰ ਬੈਂਸ ਦੇ ਹਲਕੇ ਵਿੱਚ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 16 ਅਕਤੂਬਰ:
ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮਾਂ ਨੇ ਤਨਖ਼ਾਹ ਕਟੌਤੀ ਬੰਦ ਕਰਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਦਫ਼ਤਰੀ ਸਟਾਫ਼ ਹਰੇਕ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਅਤੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਅਤੇ ਆਈਈਆਰਟੀ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਪਹਿਲਾਂ ਤਤਕਾਲੀ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਹੁਣ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਲੇਕਿਨ ਹੁਣ ਤੱਕ ਕਿਸੇ ਮਸਲੇ ਦਾ ਹੱਲ ਨਹੀਂ ਹੋਇਆ ਅਤੇ ਦਫ਼ਤਰੀ ਸਟਾਫ਼ ਅਤੇ ਆਈਈਆਰਟੀ ਨੂੰ ਸਤੰਬਰ ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਗਈ। ਜਿਸ ਕਾਰਨ ਉਨ੍ਹਾਂ ਨੂੰ ਧਰਨੇ ’ਤੇ ਬੈਠਣ ਲਈ ਮਜਬੂਰ ਹੋਣਾ ਪਿਆ ਹੈ।
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਮਨ ਕੁਮਾਰ, ਜਗਮੋਹਨ ਸਿੰਘ, ਨਿਸ਼ਾ ਗੁਪਤਾ, ਹਰਪ੍ਰੀਤ ਕੌਰ, ਸੰਦੀਪ ਕੁਮਾਰ, ਰੁਪਿੰਦਰ ਕੌਰ, ਪਰਮਜੀਤ ਕੌਰ, ਸੁਮਨ ਗੁਪਤਾ ਅਤੇ ਕਮਲਦੀਪ ਸਿੰਘ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮਾਂ ਦੀ ਕਰੀਬ 5000 ਰੁਪਏ ਤਨਖ਼ਾਹ ਕਟੌਤੀ ਕੀਤੀ ਜਾ ਰਹੀ ਹੈ। ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀਆਂ ਦੀ 2019 ਤੋਂ ਤਨਖ਼ਾਹ ਵਿੱਚ ਵਾਧਾ ਰੋਕਿਆ ਹੋਇਆ ਹੈ। ਮੰਤਰੀਆਂ ਦੇ ਭਰੋਸੇ ਦੇ ਬਾਵਜੂਦ ਅਧਿਕਾਰੀ ਸ਼ਰ੍ਹੇਆਮ ਸ਼ੋਸ਼ਣ ਕਰ ਰਹੇ ਹਨ।
ਆਗੂਆਂ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮਾਂ ਨੇ ਬੀਤੀ 6 ਜੁਲਾਈ ਨੂੰ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਸੀ ਅਤੇ 7 ਜੁਲਾਈ ਨੂੰ ਡੀਜੀਐਸਈ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆਂ ਅਤੇ 11 ਜੁਲਾਈ ਨੂੰ ਮੁਲਾਜ਼ਮ ਮੰਗਾਂ ’ਤੇ ਸਹਿਮਤੀ ਹੋਣ ’ਤੇ ਕਲਮਛੋੜ ਹੜਤਾਲ ਖ਼ਤਮ ਕੀਤੀ ਗਈ ਸੀ ਪ੍ਰੰਤੂ 3 ਮਹੀਨੇ ਬੀਤ ਜਾਣ ਦੇ ਬਾਵਜੂਦ ਕੱਚੇ ਦਫ਼ਤਰੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ। ਜਿਸ ਕਾਰਨ ਕੱਚੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਧਰ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਮੌਕੇ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਫੋਨ ’ਤੇ ਗੱਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਦਫ਼ਤਰੀ ਮੁਲਾਜ਼ਮਾਂ ਦੀਆ ਮੰਗਾਂ ਨੂੰ ਨਿੱਜੀ ਦਖ਼ਲ ਦੇ ਕੇ ਹੱਲ ਕਰਵਾਇਆ ਜਾਵੇਗਾ। ਇਸ ਮਗਰੋਂ ਮੁਲਾਜ਼ਮਾਂ ਨੇ ਭਾਵੇਂ ਧਰਨਾ ਦਾ ਖ਼ਤਮ ਕਰ ਦਿੱਤਾ ਪ੍ਰੰਤੂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਅਲਟੀਮੇਟਮ ਦਿੱਤਾ ਕਿ ਭਲਕੇ 17 ਤੋਂ 18 ਅਕਤੂਬਰ ਨੂੰ ਪੰਜਾਬ ਭਰ ਵਿੱਚ ਕਾਲੇ ਬਿੱਲੇ ਲਗਾ ਕੇ ਕੰਮ ਕਰਨਗੇ ਅਤੇ 19 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…