ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਡਾਇਰੈਕਟਰ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ

ਜਾਅਲੀ ਐਸਸੀ ਸਰਟੀਫਿਕੇਟ ਦੀ ਜਾਂਚ ਦਾ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਮੁਹਾਲੀ ਸਥਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰੋ. ਹਰਨੇਕ ਸਿੰਘ ਅਤੇ ਹੋਰਨਾਂ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਐਸਸੀ ਜਾਤੀਆਂ ਨਾਲ ਸਬੰਧਤ ਜਾਅਲੀ ਸਰਟੀਫਿਕੇਟ ਤੁਰੰਤ ਰੱਦ ਕੀਤੇ ਜਾਣ ਅਤੇ ਜ਼ਿੰਮੇਵਾਰ ਵਿਅਕਤੀਆਂ ਅਤੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਨੇ ਐਸਸੀ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਡਿਪਟੀ ਡਾਇਰੈਕਟਰ ਦੀ ਨੌਕਰੀ ਕਰਨ ਸਮੇਤ ਪੜ੍ਹਾਈ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਵੱਖ-ਵੱਖ ਲਾਭ ਹਾਸਲ ਕੀਤੇ ਹਨ। ਹਾਲਾਂਕਿ ਮੌਜੂਦਾ ਸਮੇਂ ਵਿੱਚ ਮਾਮਲੇ ਦੀ ਜਾਂਚ ਅੰਤਿਮ ਪੜਾਅ ਵਿੱਚ ਹੈ ਲੇਕਿਨ ਸਬੰਧਤ ਵਿਅਕਤੀ ਜਾਂਚ ਪ੍ਰਭਾਵਿਤ ਕਰਨ ਅਤੇ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਕੋਝੇ ਹੱਥ ਕੰਢੇ ਵਰਤ ਰਹੇ ਹਨ।
ਸ਼ਿਕਾਇਤਕਰਤਾ ਪ੍ਰੋ. ਹਰਨੇਕ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਇਸ ਮਾਮਲੇ ਸਬੰਧੀ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਮੀਟਿੰਗ ਦੌਰਾਨ ਦੋਵੇਂ ਧਿਰਾਂ ਨੂੰ ਆਪਣਾ ਪੱਖ ਕਰਨ ਲਈ ਸੱਦਿਆਂ ਗਿਆ ਸੀ ਬਲਵਿੰਦਰ ਕੁਮਾਰ, ਦਿਲਜੀਤ ਸਿੰਘ ਅਤੇ ਉਨ੍ਹਾਂ ਨਾਲ ਆਏ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਅਪ ਸ਼ਬਦ ਬੋਲੇ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀਜੀਪੀ ਅਤੇ ਐੱਸਐੱਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਅੱਜ ਡਾਇਰੈਕਟਰ ਦਫ਼ਤਰ ਦੇ ਬਾਹਰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ।
ਇਸ ਮੌਕੇ ਜੈ ਸਿੰਘ, ਸਾਬਕਾ ਸਰਪੰਚ ਬੀਰਦਾਸ ਭੱਟੀਆਂ, ਪ੍ਰੇਮ ਸਿੰਘ, ਜਗਤਾਰ ਸਿੰਘ ਪ੍ਰਧਾਨ ਡਾ. ਅੰਬੇਦਕਰ ਵਿਚਾਰ ਮੰਚ, ਜਰਨੈਲ ਸਿੰਘ ਖੱਟੜਾ ਸੀਨੀਅਰ ਮੀਤ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਬਲਬੀਰ ਸਿੰਘ ਆਲਮਪੁਰ, ਡਾ. ਰਵਿੰਦਰ ਕੁਮਾਰ, ਬਲਵੰਤ ਸਿੰਘ ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਧਰ, ਮੁਹਾਲੀ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਦਾ ਭਰੋਸਾ ਦੇਣ ਕਾਰਨ ਧਰਨਾ ਚੁੱਕਿਆ ਗਿਆ ਅਤੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਲਾਂ ਲਿਖਿਆ ਮੰਗ ਪੱਤਰ ਥਾਣਾ ਮੁਖੀ ਰਜਨੀਸ਼ ਚੌਧਰੀ ਨੇ ਹਾਸਲ ਕੀਤਾ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਾਂਚ ਪ੍ਰਕਿਰਿਆ ਜਲਦੀ ਮੁਕੰਮਲ ਕਰਕੇ ਸਬੰਧਤਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …