
ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ
ਨਬਜ਼-ਏ-ਪੰਜਾਬ, ਮੁਹਾਲੀ, 28 ਜੁਲਾਈ:
ਚੌਥਾ ਦਰਜਾ ਗੌਰਮਿੰਟ ਐਂਪਲਾਈਜ਼ ਪੰਜਾਬ ਵੱਲੋਂ ਅੱਜ ਵਰ੍ਹਦੇ ਮੀਂਹ ਵਿੱਚ ਇੱਥੋਂ ਦੇ ਸੈਕਟਰ-68 ਸਥਿਤ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਪਸ਼ੂ ਪਾਲਣ ਵਿਭਾਗ ਸਮੇਤ ਪੰਜਾਬ ਭਰ ’ਚੋਂ ਵੱਖ-ਵੱਖ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀ ਸਵੇਰ ਤੋਂ ਹੀ ਬੱਸਾਂ, ਟੈਂਪੂਆਂ ਰਾਹੀਂ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾ ਹੋ ਗਈ ਅਤੇ ਸਰਕਾਰ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ। ਇਸ ਦੌਰਾਨ ਧਰਨਾਕਾਰੀਆਂ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਦੇ ਨਾਂ ਯਾਦ ਪੱਤਰ ਵੀ ਦਿੱਤਾ।
ਮੁਲਾਜ਼ਮ ਜਥੇਬੰਦੀ ਦੇ ਪ੍ਰਮੁੱਖ ਆਗੂ ਦਰਸ਼ਨ ਸਿੰਘ ਲੁਬਾਣਾ, ਰਣਜੀਤ ਸਿੰਘ ਰਾਣਵਾਂ, ਜਗਦੀਸ਼ ਸਿੰਘ ਬਰਨਾਲਾ, ਬਸੰਤ ਸਿੰਘ, ਗੁਰਮੇਲ ਸਿੰਘ, ਰਾਮ ਸਿੰਘ ਬਠਿੰਡਾ, ਗੌਤਮ ਭਾਰਦਵਾਜ, ਇੰਦਰਪਾਲ ਸਿੰਘ ਵਾਲੀਆ, ਬਲਜਿੰਦਰ ਸਿੰਘ, ਜਗਮੋਹਨ ਨੌਲੱਖਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਚੌਥਾ ਦਰਜਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ 2004 ਦੀ ਪੈਨਸ਼ਨ ਬਹਾਲੀ ਲਈ ਸੁਹਿਰਦ ਨਹੀਂ ਹੈ ਅਤੇ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵੀ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵਟਦੀ ਆ ਰਹੀ ਹੈ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਪਸ਼ੂ ਫਾਰਮਾਂ ਵਿੱਚ 2013 ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰਦੇ ਕਰਮਚਾਰੀਆਂ ਦਾ ਠੇਕੇਦਾਰਾਂ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਕਿਰਤ ਕਾਨੂੰਨ ਮੁਤਾਬਕ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਕੋਈ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਅਤੇ ਪ੍ਰਮੁੱਖ ਸਕੱਤਰ ਨਾਲ ਬੀਤੀ 24 ਜੂਨ ਨੂੰ ਮੀਟਿੰਗ ਵਿੱਚ ਚੌਥਾ ਦਰਜਾ ਕਰਮਚਾਰੀ ਜੋ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਤਾਇਨਾਤ ਹਨ ਅਤੇ ਵਿੱਦਿਅਕ ਯੋਗਤਾ ਤੇ ਵਿਭਾਗੀ ਕੰਮਾਂ ਦੀ ਯੋਗਤਾ ਰੱਖਦੇ ਹਨ, ਨੂੰ ਤਰੱਕੀਆਂ ਦੇਣ, ਸੀਨੀਆਰਤਾ ਸੂਚੀਆਂ ਬਣਾਉਣ, ਚੌਥਾ ਦਰਜਾ ਮੁਲਾਜ਼ਮਾਂ ਦੀਆਂ ਪ੍ਰਵਾਨਿਤ 1183 ਅਸਾਮੀਆਂ ’ਤੇ ਨਵੀਂ ਭਰਤੀ ਕਰਨ, ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਸਾਰੇ ਕੱਚੇ ਕਾਮਿਆਂ ਨੂੰ ਵਿਭਾਗ ਵਿੱਚ ਮਰਜ਼ ਕਰਨ ਅਤੇ ਘੱਟੋ-ਘੱਟ ਉਜ਼ਰਤਾਂ ਦੇ ਵਾਧੇ ਦਾ ਬਕਾਇਆ ਦੇਣ ਅਤੇ ਗਰਮ ਤੇ ਠੰਢੀ ਵਰਦੀਆਂ ਦੇਣ ਸਮੇਤ ਡੇਢ ਦਰਜਨ ਮੰਗਾਂ ਸ਼ਾਮਲ ਸਨ। ਪ੍ਰੰਤੂ ਡਾਇਰੈਕਟੋਰੇਟ ਦਫ਼ਤਰ ਵੱਲੋਂ ਕੋਈ ਵੀ ਫ਼ੈਸਲਾ ਲਾਗੂ ਨਹੀਂ ਕੀਤਾ ਗਿਆ। ਬੀਤੀ 18 ਜੁਲਾਈ ਨੂੰ ਡਾਇਰੈਕਟਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਦੇ ਰੋਸ ਵਜੋਂ ਅੱਜ ਉਨ੍ਹਾਂ ਨੂੰ ਵਰ੍ਹਦੇ ਮੀਂਹ ਵਿੱਚ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ।
ਇਸ ਮੌਕੇ ਨਿਰਮਲ ਸਿੰਘ, ਇਕਬਾਲ ਸਿੰਘ, ਜਸਪਾਲ ਸਿੰਘ ਭੱਟਮਾਜਰਾ, ਰਾਮ ਲਾਲ ਰਾਮਾ, ਪ੍ਰਕਾਸ਼ ਸਿੰਘ ਲੁਬਾਣਾ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਹਾਦਰ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।