ਕਲਾਸ-4 ਗੌਰਮਿੰਟ ਐਂਪਲਾਈਜ਼ ਯੂਨੀਅਨ ਤੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਵੱਲੋਂ ਰੋਸ ਰੈਲੀ

ਮੁਲਾਜ਼ਮਾਂ ਵੱਲੋਂ ਮੁਹਾਲੀ ਦੇ ਫੇਜ਼-7 ਲਾਲ ਬੱਤੀ ਚੌਕ ’ਤੇ ਵਿਸ਼ਾਲ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ

3 ਦਸੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਮੰਤਰੀਆਂ ਤੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਵੱਲ ਰੋਸ ਮਾਰਚ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਕਲਾਸ-4 ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਅਤੇ ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਵੱਲੋਂ ਅੱਜ ਇੱਥੋਂ ਦੇ ਫੇਜ਼-8 ਸਥਿਤ ਪੁੱਡਾ ਗਰਾਉਂਡ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੀਤੀ। ਉਪਰੰਤ ਰੋਸ ਮਾਰਚ ਕਰਦਿਆਂ ਫੇਜ਼-7 ਲਾਲ ਬੱਤੀ ਚੌਕ ’ਤੇ ਹੁਕਮਰਾਨਾਂ ਦੀਆਂ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅਰਥੀ ਸਾੜ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਸੱਜਣ ਸਿੰਘ, ਰਣਬੀਰ ਸਿੰਘ ਢਿੱਲੋਂ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ ਅਤੇ ਗੁਰਪ੍ਰੀਤ ਸਿੰਘ ਰਾਜਾ, ਸਫ਼ਾਈ ਮਜ਼ਦੂਰ ਯੂਨੀਅਨ ਦੇ ਆਗੂ ਸੋਭਾ ਰਾਮ, ਕਲਾਸ-ਫੌਰ ਯੂਨੀਅਨ ਦੇ ਕਿਸ਼ਨ ਪ੍ਰਸ਼ਾਦ ਅਤੇ ਹੋਰਨਾਂ ਆਗੂਆਂ ਨੇ ਸਰਕਾਰਾਂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੁਲਾਜ਼ਮ ਵਰਗ ਨਾਲ ਸਿਰੇ ਦਾ ਪੱਖਪਾਤ ਕੀਤਾ ਜਾ ਰਿਹਾ ਹੈ।
ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਮੁਲਾਜ਼ਮ ਵਰਗ ’ਤੇ ਕੇਂਦਰੀ ਸਕੇਲ ਲਾਗੂ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਤਨਖ਼ਾਹ-ਕਮਿਸ਼ਨ ਦੀ ਰਿਪੋਰਟ ਲਾਗੂ ਤੋਂ ਵੀ ਸਰਕਾਰ ਮੁਨਕਰ ਹੋ ਗਈ ਹੈ। ਪਿਛਲੇ ਸਮੇਂ ਦੌਰਾਨ ਮੀਟਿੰਗਾਂ ਵਿੱਚ ਹੋਏ ਫੈਸਲਿਆਂ ਨੂੰ ਸਰਕਾਰ ਮੰਨਣ ਨੂੰ ਤਿਆਰ ਨਹੀਂ ਹੈ। ਜਿਸ ਦੇ ਰੋਸ ਵਜੋਂ ਅੱਜ ਪੰਜਾਬ ਵਿੱਚ ਜ਼ਿਲ੍ਹਾ ਸਦਰ ਮੁਕਾਮਾਂ ’ਤੇ ਮੁਲਾਜ਼ਮਾਂ ਨੇ ਦਫ਼ਤਰੀ ਕੰਮਾਂ ਦਾ ਬਾਈਕਾਟ ਕਰਕੇ ਰੋਸ ਰੈਲੀਆਂ ਅਤੇ ਧਰਨੇ ਦਿੱਤੇ ਗਏ ਹਨ। ਇਸ ਦੌਰਾਨ ਟਰੇਡ ਯੂਨੀਅਨਾਂ ਨੇ ਵੀ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਨਾਅਰੇ ਲਗਾਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਕੇ ਪੰਜਾਬ ਸਕੇਲ ਲਾਗੂ ਕੀਤੇ ਜਾਣ। ਪਰਖ ਕਾਲ ਸਮਾਂ ਖ਼ਤਮ ਕੀਤਾ ਜਾਵੇ, ਪੰਜਾਬ ਦੇ ਛੇਵੇਂ ਤਨਖ਼ਾਹ-ਕਮਿਸ਼ਨ ਤੋਂ ਰਿਪੋਰਟ ਲੈ ਕੇ ਲਾਗੂ ਕੀਤੀ ਜਾਵੇ, ਡੀਏ ਦੀਆਂ ਪੈਂਡਿੰਗ ਕਿਸ਼ਤਾਂ ਦਿੱਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ 3 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਵੱਡੀਆਂ ਰੈਲੀਆਂ ਕਰਕੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਵੱਲ ਰੋਸ ਮਾਰਚ ਕੀਤੇ ਜਾਣਗੇ ਅਤੇ 9 ਦਸੰਬਰ ਨੂੰ ਮੁਹਾਲੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…