ਮਹਿੰਗਾਈ ਖ਼ਿਲਾਫ਼ ਕਾਂਗਰਸੀ ਵਰਕਰਾਂ ਵੱਲੋਂ ਸਿੱਧੂ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਪ੍ਰਦਰਸ਼ਨ

ਲੋਕਾਂ ਦਾ ਲੱਕ ਤੋੜ ਕੇ ਕਚੂੰਮਰ ਕੱਢਣ ’ਤੇ ਉਤਾਰੂ ਹੈ ਕੇਂਦਰ ਦੀ ਭਾਜਪਾ ਸਰਕਾਰ: ਬਲਬੀਰ ਸਿੱਧੂ

ਕਿਸੇ ਵੀ ਸਮਰਥਕ ਖ਼ਿਲਾਫ਼ ਬਦਲਾ ਲਊ ਕਾਰਵਾਈ ਕਰਨ ਵਾਲੇ ਅਫ਼ਸਰਾਂ ਦਾ ਖ਼ੁਦ ਕਰਾਂਗਾ ਘਿਰਾਓ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੋਮਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਫੇਜ਼-7 ਦੇ ਲਾਲ ਬੱਤੀ ਚੌਕ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ, ਕੌਂਸਲਰਾਂ ਅਤੇ ਪੰਚਾਂ ਸਰਪੰਚਾਂ ਨੇ ਗੈਸ ਸਿਲੰਡਰਾਂ ਉੱਤੇ ਫੁੱਲਾਂ ਦੀ ਮਾਲਾ ਪਾ ਕੇ ਵਿਸ਼ਾਲ ਧਰਨਾ ਦਿੱਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਲਗਾਤਾਰ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਮਹੀਨਿਆਂ ਬੱਧੀ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਅਤੇ ਰੂਸ ਅਤੇ ਯੂਕਰੇਨ ਦੀ ਜੰਗ ਆਰੰਭ ਹੋਣ ਉਪਰੰਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਤੇਲ ਦੀਆਂ ਕੀਮਤਾਂ ਨਹੀਂ ਵਧੀਆਂ ਪਰ ਜਿਵੇਂ ਹੀ ਭਾਰਤੀ ਜਨਤਾ ਪਾਰਟੀ ਨੇ ਧੱਕੇਸ਼ਾਹੀ ਨਾਲ ਇਨ੍ਹਾਂ ਚੋਣਾਂ ਵਿੱਚ ਚਾਰ ਸੂਬਿਆਂ ਵਿੱਚ ਜਿੱਤ ਹਾਸਲ ਕੀਤੀ ਤਾਂ ਨਾਲ ਹੀ ਰੋਜ਼ਾਨਾ ਇਹ ਹੁਣ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤੇ ਹਾਲਾਤ ਇਹ ਹੋ ਗਏ ਹਨ ਕਿ ਆਮ ਆਦਮੀ ਦੀ ਥਾਲੀ ਵਿੱਚੋਂ ਸਬਜ਼ੀਆਂ ਦਾਲਾਂ ਰੋਟੀ ਗਾਇਬ ਹੁੰਦੀ ਜਾ ਰਹੀ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕਾਂ ਦਾ ਕਚੂੰਮਰ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਇਸ ਮੌਕੇ ਈਵੀਐਮ ਮਸ਼ੀਨਾਂ ਦਾ ਵੀ ਮੁੱਦਾ ਚੁੱਕਦਿਆਂ ਕਿਹਾ ਕਿ ਜਦੋਂ ਅਮਰੀਕਾ ਵਰਗੇ ਮੁਲਕ ਈਵੀਐਮ ਮਸ਼ੀਨਾਂ ਤਿਆਗ ਕੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾ ਰਹੇ ਹਨ ਤਾਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿੱਚ ਰਾਜ ਕਰਨ ਵਾਲੀ ਨਰਿੰਦਰ ਮੋਦੀ ਦੀ ਸਰਕਾਰ ਅਜਿਹਾ ਕਿਉਂ ਨਹੀਂ ਹੋਣ ਦੇ ਰਹੀ। ਉਨ੍ਹਾਂ ਕਿਹਾ ਕਿ ਯੂ ਪੀ ਦੀਆਂ ਚੋਣਾਂ ਵਿੱਚ ਕਈ ਵੀਡੀਓ ਵਾਇਰਲ ਹੋਈਆਂ ਹਨ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਵਰਕਰਾਂ ਵੱਲੋਂ ਧੱਕਾ ਕਰਦੇ ਹੋਏ ਮਸ਼ੀਨ ਉੱਤੇ ਵੋਟਾਂ ਪਾਉਣ ਦੀ ਕਾਰਵਾਈ ਦਿਖਾਈ ਦਿੰਦੀ ਹੈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਅਤੇ ਕਰੋੜਾਂ ਰੁਪਏ ਖਰਚ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਰਹੀ ਸਗੋਂ ਹੁਣ 300 ਯੂਨਿਟ ਬਿਜਲੀ ਮੁਆਫ਼ ਕਰਨ ਦੀ ਥਾਂ ਅਤੇ ਪ੍ਰੀਪੇਡ ਮੀਟਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬ ਦੇ ਲੋਕਾਂ ਲਈ ਮਾਰੂ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਪਾਣੀਆਂ ਦਾ ਮਸਲਾ ਚੰਡੀਗੜ੍ਹ ਦਾ ਮਸਲਾ ਅਤੇ ਪੈਨਸ਼ਨਾਂ ਦਾ ਮਸਲਾ ਵੀ ਖੜ੍ਹਾ ਹੈ ਅਤੇ ਹਰ ਅਠਾਰਾਂ ਸਾਲ ਤੋਂ ਵੱਧ ਉਮਰ ਦੀ ਅੌਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਹਾਲੇ ਤੱਕ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਹੈ।
ਸਾਬਕਾ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਚੌਵੀ ਘੰਟੇ ਦੇ ਅੰਦਰ ਬੇਅਦਬੀ ਕਰਨ ਵਾਲਿਆਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਕਰਨ, ਬੇਰੁਜ਼ਗਾਰਾਂ ਨੂੰ ਪਹਿਲੇ ਦਿਨ ਤੋਂ ਮਹਿੰਗਾਈ ਭੱਤਾ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਕ ਮਹੀਨੇ ਤੱਕ ਇਸ ਸਰਕਾਰ ਨੂੰ ਸਮਾਂ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਦੇ ਆਗੂਆਂ ਮੰਤਰੀਆਂ ਅਤੇ ਵਿਧਾਇਕਾਂ ਤੋਂ ਜਵਾਬ ਮੰਗੇ ਜਾਣਗੇ। ਉਨ੍ਹਾਂ ਨੇ ਹਲਕੇ ਦੇ ਸਮੁੱਚੇ ਪਿੰਡਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਵਾਉਣ ਲਈ ਕਮਰ ਕੱਸੇ ਕਰ ਲੈਣ ਨਹੀਂ ਤਾਂ ਇਹ ਗਾਰੰਟੀਆਂ ਕਦੇ ਪੂਰੀਆਂ ਨਹੀਂ ਹੋਣਗੀਆਂ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਬਦਲਾ ਲਊ ਕਾਰਵਾਈਆਂ ਤੇ ਉਤਾਰੂ ਹਨ ਅਤੇ ਮੁਹਾਲੀ ਹਲਕੇ ਵਿੱਚ ਉਨ੍ਹਾਂ ਦੇ ਸਮਰਥਕਾਂ ਉੱਤੇ ਹਮਲੇ ਵੀ ਕੀਤੇ ਜਾ ਰਹੇ ਹਨ ਅਤੇ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪਰਚਾ ਕਰਨਾ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਕੀਤਾ ਜਾਵੇ ਅਤੇ ਜੇਕਰ ਹੁਣ ਕਿਸੇ ਵੀ ਸਮਰਥਕ ਦੇ ਖ਼ਿਲਾਫ਼ ਬਦਲਾ ਲਊ ਕਾਰਵਾਈ ਕੀਤੀ ਗਈ ਤਾਂ ਉਹ ਖ਼ੁਦ ਅਜਿਹਾ ਕਰਨ ਵਾਲੇ ਅਧਿਕਾਰੀ ਦਾ ਘਿਰਾਓ ਕਰਨਗੇ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਕਮਲਪ੍ਰੀਤ ਸਿੰਘ ਬਨੀ, ਅਨੁਰਾਧਾ ਆਨੰਦ, ਸੁੱਚਾ ਸਿੰਘ ਕਲੌੜ, ਬਲਜੀਤ ਕੌਰ, ਐਨਐਸ ਸਿੱੱਧੂ, ਹਰਜੀਤ ਸਿੰਘ ਭੋਲੂ, ਵਿਨੀਤ ਮਲਿਕ, ਰਵਿੰਦਰ ਸਿੰਘ, ਜਗਦੀਸ਼ ਜੱਗਾ, ਰੁਪਿੰਦਰ ਕੌਰ ਰੀਨਾ, ਪਰਮਜੀਤ ਸਿੰਘ ਹੈਪੀ, ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਆਨੰਦ ਟਿੰਕੂ, ਕੁਲਵਿੰਦਰ ਸਿੰਘ ਬਾਛਲ, ਬਲਵਿੰਦਰ ਸਿੰਘ ਵਾਲੀਆ, ਬੂਟਾ ਸਿੰਘ ਸੋਹਾਣਾ, ਜ਼ੋਰਾ ਸਿੰਘ ਸਰਪੰਚ ਮਨੌਲੀ, ਮੋਹਨ ਸਿੰਘ ਬਠਲਾਣਾ, ਕਮਲਜੀਤ ਚਾਵਲਾ, ਕਮਲ ਕਿਸ਼ੋਰ ਸ਼ਰਮਾ, ਜਤਿੰਦਰ ਸਿੰਘ ਸੋਢੀ, ਪਰਮਜੀਤ ਸਿੰਘ ਚੌਹਾਨ ਸਮੇਤ ਹੋਰ ਕਾਂਗਰਸੀ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…