ਜੇਲ੍ਹਾਂ ਵਿੱਚ ਜਬਰੀ ਡੱਕੇ ਬੁੱਧੀਜੀਵੀਆਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ

ਤਰਕਸ਼ੀਲ ਆਗੂ, ਪੱਤਰਕਾਰ, ਲੇਖਕ, ਰੰਗਕਰਮੀ ਤੇ ਹੋਰ ਇਨਸਾਫ਼ ਪਸੰਦ ਲੋਕ ਸੜਕਾਂ ’ਤੇ ਉਤਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਦੇਸ਼ ਦੇ ਹੁਕਮਰਾਨਾਂ ਵੱਲੋਂ ਵਿਰੋਧ ਦੀ ਆਵਾਜ਼ ਨੂੰ ਕੁਚਲਣ ਲਈ ਲੋਕਪੱਖੀ ਬੁੱਧੀਜੀਵੀਆਂ, ਪੱਤਰਕਾਰਾਂ, ਵਿਦਿਆਰਥੀ ਆਗੂਆਂ ’ਤੇ ਸੰਗੀਨ ਧਾਰਾਵਾਂ ਤਹਿਤ ਝੂਠੇ ਕੇਸ ਦਰਜ ਕਰਕੇ ਹਵਾਲਾਤਾਂ ਵਿੱਚ ਬੰਦ ਕਰ ਦੇਣਾ ਭਾਵੇਂ ਨਵਾਂ ਵਰਤਾਰਾ ਨਹੀਂ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਸਰਕਾਰੀ ਜਬਰ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ ਅਤੇ ਬਹੁਤ ਸਾਰੇ ਮਨੱੁਖੀ ਅਧਿਕਾਰ ਕਾਰਕੁਨ ਨਾਜਾਇਜ਼ ਤੌਰ ’ਤੇ ਜੇਲ੍ਹਾਂ ਵਿੱਚ ਬੰਦ ਕੀਤੇ ਜਾ ਰਹੇ ਹਨ।
ਇਸ ਦੇ ਵਿਰੋਧ ਵਿੱਚ ਐਤਵਾਰ ਨੂੰ ਪੰਜਾਬ ਭਰ ਵਿੱਚ ਮਨਾਏ ਜਾ ਰਹੇ ‘ਵਿਰੋਧ ਪੰਦਰਵਾੜੇ’ ਤਹਿਤ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਮੁਹਾਲੀ ਖਰੜ, ਚੰਡੀਗੜ੍ਹ ਦੇ ਮੈਂਬਰਾਂ ਵੱਲੋਂ ਰੰਗਕਰਮੀਆਂ, ਲੇਖਕਾਂ, ਬੁੱਧੀਜੀਵੀਆਂ ਅਤੇ ਹੋਰ ਇਨਸਾਫ਼ ਪਸੰਦ ਕਾਰਕੁਨਾਂ ਦੇ ਸਹਿਯੋਗ ਨਾਲ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਪੁਆਇੰਟ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਜਸਵੰਤ ਮੁਹਾਲੀ, ਗੁਰਮੀਤ ਸਿੰਘ ਖਰੜ, ਸਤਨਾਮ ਸਿੰਘ ਦਾਉਂ, ਉੱਘੇ ਨਾਟਕਕਾਰ ਸਾਹਿਬ ਸਿੰਘ, ਕੇਂਦਰੀ ਲੇਖਕ ਸਭਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਪੰਜਾਬ ਯੂਨੀਵਰਸਿਟੀ ਦੇ ਪ੍ਰੋ. ਆਮਿਰ ਸੁਲਤਾਨਾ, ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ ਅਤੇ ਹੋਰਨਾਂ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੁਜ਼ਾਹਰਾਕਾਰੀਆਂ ਨੇ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨੀਆਂ ਹੋਈਆਂ ਸਨ ਅਤੇ ਹੱਥਾਂ ਵਿੱਚ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸੀ। ਜਿਨ੍ਹਾਂ ਉੱਤੇ ਲੋਕਤੰਤਰ-ਪੱਖੀ ਅਤੇ ਫਾਸ਼ੀਵਾਦ ਵਿਰੋਧੀ ਨਾਅਰੇ ਲਿਖੇ ਹੋਏ ਸਨ। ਉਨ੍ਹਾਂ ਕਿਹਾ ਕਿ ਲੋਕਪੱਖੀ ਬੁੱਧੀਜੀਵੀਆਂ ਦੀ ਗ੍ਰਿਫ਼ਤਾਰੀ ਇਸ ਨਰੋਏ ਸਮਾਜ ਦੀ ਸਿਰਜਣਾ ਵੱਲ ਹੁੰਦੇ ਯਤਨਾਂ ਨੂੰ ਢਾਹ ਲਾਉਣ ਦਾ ਇਕ ਕੋਝਾ ਹੱਥਕੰਡਾ ਹੈ।
ਦੇਸ਼ ਦੇ ਲਗਾਤਾਰ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਾਲਾਤਾਂ ਸਮੇਂ ਇਨ੍ਹਾਂ ਲੋਕਪੱਖੀ ਬੁੱਧੀਜੀਵੀਆਂ ਦੀ ਸਾਡੇ ਲੋਕਾਂ ਨੂੰ ਸਖ਼ਤ ਲੋੜ ਹੈ। ਦੇਸ਼ ਦੀ ਕਾਨੂੰਨ ਵਿਵਸਥਾ ਮੌਜੂਦਾ ਹਾਕਮਾਂ ਦੀ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਦੀ ਉਮਰ 60 ਸਾਲ ਤੋਂ ਉੱਪਰ ਹੈ। ਜੇਲ੍ਹਾਂ ਜਾਂ ਘਰਾਂ ਵਿੱਚ ਨਜ਼ਰਬੰਦ ਕੀਤੇ ਬੁੱਧੀਜੀਵੀਆਂ ਵਿੱਚ ਵਰਵਰਾ ਰਾਓ, ਸੁਧਾ ਭਾਰਦਵਾਜ, ਅਰੁਣ ਫਰੇਰਾ, ਗੌਤਮ ਨਵਲਖਾ, ਵਰਨੌਨ ਗੁੰਜਾਲਵੇ, ਸੁਰਿੰਦਰ ਗੈਡਲਿਗ, ਸੁਧੀਰ ਧਾਵਲੇ, ਰੋਨਾ ਵਿਲਸਨ, ਸੋਮਾ ਸੇਨ, ਮਹੇਸ਼ ਰਾਊਤ ਸ਼ਾਮਲ ਹਨ। ਇਸ ਤਰ੍ਹਾਂ ਦੀਆਂ ਵਧੀਕੀਆਂ ਕਰਕੇ ਸਰਕਾਰਾਂ ਲੋਕ ਹਿੱਤੂ ਤਾਕਤਾਂ ਵਿੱਚ ਦਹਿਸ਼ਤੀ ਮਾਹੌਲ ਸਿਰਜਣ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਰੂਪ ਵਿੱਚ ਲੋਕ ਤਾਕਤ ਸਹੀ ਦਿਸ਼ਾ ਵਿੱਚ ਇਕ ਅੰਗੜਾਈ ਲੈ ਰਹੀ ਹੈ ਅਤੇ ਸਰਕਾਰ ਇਸ ਤੋਂ ਖੋਫਜਦਾ ਹੈ। ਪ੍ਰੰਤੂ ਲੋਕ ਆਵਾਜ਼ ਨੂੰ ਕੁਚਲਿਆ ਨਹੀਂ ਜਾ ਸਕਦਾ। ਆਗੂਆਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਫੌਰੀ ਦਖ਼ਲ ਦੇਵੇ ਅਤੇ ਝੂਠੇ ਕੇਸਾਂ ਵਿੱਚ ਬੰਦ ਕਾਰਕੁਨ ਫੌਰੀ ਰਿਹਾਅ ਕੀਤੇ ਜਾਣ।

ਇਸ ਮੌਕੇ ਜਰਨੈਲ ਕਰਾਂਤੀ, ਕੁਲਵਿੰਦਰ ਨਗਾਰੀ, ਲੈਕਚਰਾਰ ਸੁਰਜੀਤ ਸਿੰਘ, ਇਕਬਾਲ ਸਿੰਘ, ਗੋਰਾ ਹੁਸ਼ਿਆਰਪੁਰੀ, ਜਸਵਿੰਦਰ ਸਿੰਘ, ਡਾ. ਮਜ਼ੀਦ ਆਜ਼ਾਦ, ਅਧਿਆਪਕ ਆਗੂ ਯਸ਼ਪਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…