nabaz-e-punjab.com

228 ਕੇਸਾਂ ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ: ਸੈਸ਼ਨ ਜੱਜ

ਮਾਲ ਵਿਭਾਗ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ 17 ਨਵੰਬਰ ਨੂੰ ਲਗਾਈ ਜਾਵੇਗੀ ਵਿਸ਼ੇਸ਼ ਲੋਕ ਅਦਾਲਤ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਜ਼ਿਲ੍ਹਾ ਮੁਹਾਲੀ ਦਾ ਵਸਨੀਕ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਤੋਂ ਵੱਧ ਨਾ ਹੋਵੇ, ਉਹ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 228 ਕੇਸਾਂ ਵਿੱਚ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਮੁਹਾਲੀ ਦੀ ਜ਼ਿਲ੍ਹਾ ਤੇ ਸੈਸ਼ਨ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਪਰਸਨ ਸ੍ਰੀਮਤੀ ਅਰਚਨਾ ਪੁਰੀ ਨੇ ਬੁੱਧਵਾਰ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਦਿੱਤੀ।
ਸ੍ਰੀਮਤੀ ਅਰਚਨਾ ਪੁਰੀ ਨੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਆਖਿਆ ਤਾਂ ਜੋ ਲੋਕ ਜਲਦੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਮਾਲ ਵਿਭਾਗ ਦੇ ਲੰਬਿਤ ਕੇਸਾਂ ਦੇ ਨਿਪਟਾਰੇ ਲਈ 17 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ. ਨਗਰ ਸਮੇਤ ਤਹਿਸੀਲ ਕੰਪਲੈਕਸ ਡੇਰਾਬਸੀ ਅਤੇ ਖਰੜ ਵਿੱਚ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਜਿਸ ਵਿੱਚ ਇੰਤਕਾਲਾਂ ਅਤੇ ਜ਼ਮੀਨੀ ਝਗੜਿਆਂ ਨਾਲ ਸਬੰਧਤ ਪੈਂਡਿੰਗ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਮਾਲ ਵਿਭਾਗ ਦੇ ਲੰਬਿਤ ਕੇਸਾਂ ਦੇ ਨਿਪਟਾਰਿਆਂ ਲਈ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਸਹਾਇਕ ਕਮਿਸ਼ਨਰ (ਜਨਰਲ) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ।
ਸ੍ਰੀਮਤੀ ਅਰਚਨਾ ਪੁਰੀ ਨੇ ਹੋਰ ਦੱਸਿਆ ਕਿ ਕੋਰਟਾਂ ਵਿਚ ਬਕਾਇਆ ਪਏ ਕੇਸਾਂ ਦੇ ਨਿਪਟਾਰੇ ਲਈ 8 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 17 ਨਵੰਬਰ ਨੂੰ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ਜਿਸ ਵਿਚ ਮਾਲ ਵਿਭਾਗ ਨਾਲ ਸਬੰਧਿਤ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਦਸੰਬਰ ਮਹੀਨੇ ਦੌਰਾਨ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਹੋਰ ਕਿਹਾ ਕਿ ਇਨ੍ਹਾਂ ਲੱਗਣ ਵਾਲੀਆਂ ਲੋਕ ਅਦਾਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਲੋਕਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਮੋਨਿਕਾ ਲਾਂਬਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਇਸ ਫੈਸਲੇ ਤੋਂ ਬਾਅਦ ਕੋਈ ਵੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਅਤੇ ਫੈਸਲੇ ਉਪਰੰਤ ਦੋਵੇਂ ਪਾਰਟੀਆਂ ਦੀ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ ਅਤੇ ਲੋਕ ਅਦਾਲਤ ਦੇ ਫੈਸਲਿਆਂ ਨਾਲ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਇਸ ਮੌਕੇ ਐਸਪੀ ਜਸਕਿਰਨ ਸਿੰਘ ਤੇਜਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ, ਚੀਫ਼ ਜੁਡੀਸ਼ਲ ਮੈਜਿਸਟਰੇਟ ਮੋਹਿਤ ਬਾਂਸਲ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਚ.ਐਸ. ਦੀਵਾਨਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…