Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 12 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ ਆਰ ਮਹਿਰੋਕ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 22 ਮਾਰਚ ਤੋਂ 27 ਅਪਰੈਲ ਤੱਕ ਕਰਵਾਈ ਜਾਵੇਗੀ ਅਤੇ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 9 ਅਪਰੈਲ ਤੋਂ 1 ਮਈ ਤੱਕ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਤਕਰੀਬਨ ਸਵਾ 6 ਲੱਖ ਵਿਦਿਆਰਥੀ ਅਪੀਅਰ ਹੋਣਗੇ। ਉਨ੍ਹਾਂ ਦੱਸਿਆ ਕਿ ਬੋਰਡ ਮੈਨੇਜਮੈਂਟ ਕਰੋਨਾ ਮਹਾਮਾਰੀ ਅਤੇ ਹੋਰ ਸੰਭਾਵਿਤ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਸਾਲ ਕਰੀਬ 2600 ਪ੍ਰੀਖਿਆ ਕੇਂਦਰ ਬਣਾਏ ਗਏ ਸੀ ਪ੍ਰੰਤੂ ਇਸ ਸਾਲ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਇਕ ਹਜ਼ਾਰ ਹੋਰ ਵਾਧੂ ਪ੍ਰੀਖਿਆ ਕੇਂਦਰ ਬਣਾਏ ਜਾਣਗੇ ਤਾਂ ਕੋਵਿਡ ਨਿਯਮਾਂ ਦੇ ਤਹਿਤ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਮਰਿਆਂ ਵਿੱਚ ਕੈਮਰੇ ਲੱਗੇ ਹੋਣਗੇ, ਉਨ੍ਹਾਂ ਇਮਾਰਤਾਂ ਵਿੱਚ ਪ੍ਰੀਖਿਆ ਕੇਂਦਰ ਸਥਾਪਿਤ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਸ੍ਰੀ ਮਹਿਰੋਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਕੂਲ ਖੁੱਲਣ ਦਾ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਜਿੱਥੇ ਸਕੂਲੀ ਬੱਚਿਆਂ ਦੀ ਸਿਹਤ ਬਹੁਤ ਜ਼ਰੂਰੀ ਹੈ, ਉੱਥੇ ਰਾਜ ਸਰਕਾਰ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਨੂੰ ਵਧੇਰੇ ਤਰਜ਼ੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਰੋਨਾ ਮਹਾਮਾਰੀ ਦਾ ਪ੍ਰਕੋਪ ਜ਼ਿਆਦਾ ਹੋਣ ਕਾਰਨ ਕਈ ਵਿਸ਼ਿਆਂ ਦੀ ਪ੍ਰੀਖਿਆ ਨਹੀਂ ਲਈ ਜਾ ਸਕੀਆਂ ਸਨ ਪ੍ਰੰਤੂ ਐਤਕੀਂ ਬੋਰਡ ਮੈਨੇਜਮੈਂਟ ਦੀ ਇਹ ਪੂਰੀ ਕੋਸ਼ਿਸ਼ ਹੋਵੇਗੀ ਕਿ ਸਾਰੇ ਵਿਸ਼ਿਆਂ ਦੀ ਪ੍ਰੀਖਿਆ ਲਈ ਜਾਵੇ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਦਾ ਪ੍ਰਭਾਵ ਵਧਣ ਦੀ ਸੂਰਤ ਵਿੱਚ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਬਦਲਿਆ ਵੀ ਜਾ ਸਕਦਾ ਹੈ। ਅਜਿਹੇ ਹਾਲਾਤਾਂ ਵਿੱਚ ਮੌਕੇ ਦੀ ਨਜ਼ਾਕਤ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਹਿੱਤ ਵਿੱਚ ਕੋਈ ਢੁਕਵਾਂ ਫੈਸਲਾ ਲਿਆ ਜਾ ਸਕੇਗਾ।

Load More Related Articles

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…