
ਪੰਜਾਬ ਸਕੂਲ ਸਿੱਖਿਆ ਬੋਰਡ ਸ਼ੁੱਕਰਵਾਰ ਨੂੰ ਘੋਸ਼ਿਤ ਕਰੇਗਾ ਬਾਰ੍ਹਵੀਂ ਜਮਾਤ ਦਾ ਨਤੀਜਾ
ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਘੋਸ਼ਿਤ ਕਰਨ ਦੇ ਦਿੱਤੇ ਸੀ ਆਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 30 ਜੁਲਾਈ ਨੂੰ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ ਜਾਵੇਗਾ। ਅੱਜ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਕੂਲ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਸਾਲ 2020-21 ਲਈ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਭਲਕੇ 30 ਜੁਲਾਈ ਨੂੰ ਬਾਅਦ ਦੁਪਹਿਰ 2:30 ਵਜੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਆਨ ਲਾਈਨ ਵਿਧੀ ਰਾਹੀਂ ਐਲਾਨਿਆਂ ਜਾਵੇਗਾ। ਇਸ ਸਬੰਧੀ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨਾਲ ਸਬੰਧਤ ਨੁਮਾਇੰਦਿਆਂ ਨੂੰ ਇਸ ਵਰਚੂਅਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ 10 ਵਜੇ ਲਾਗ-ਇਨ ਆਈਡੀ, ਮੀਟਿੰਗ ਆਈਡੀ ਅਤੇ ਪਾਸ ਕੋਡ ਜਾਰੀ ਕੀਤੇ ਜਾਣਗੇ।
ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ ਨੂੰ ਦੇਖਦੇ ਹੋਏ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਕੱਢਣ ਲਈ ਕਿਹਾ ਗਿਆ ਸੀ। ਉਨ੍ਹਾਂ ਨਤੀਜਾ ਘੋਸ਼ਿਤ ਕਰਨ ਦੇ ਫਾਰਮੂਲੇ ਬਾਰੇ ਦੱਸਦਿਆਂ ਕਿਹਾ ਕਿ ਦਸਵੀਂ ਦੇ 30 ਅੰਕ, ਗਿਆਰ੍ਹਵੀਂ ਦੇ 30 ਅੰਕ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਅਤੇ ਇੰਟਰਨਲ ਅਸੈਸਮੈਂਟ ਦੇ 40 ਅੰਕ ਜੋੜ ਕੇ ਬਾਰ੍ਹਵੀਂ ਜਮਾਤ ਦਾ ਨਤੀਜਾ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀ ਆਲ ਇੰਡੀਆ ਪੱਧਰ ਜਾਂ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਦਾਖ਼ਲੇ ਲੈ ਸਕਣ।
ਬੋਰਡ ਮੁਖੀ ਨੇ ਦੱਸਿਆ ਕਿ ਪੰਜਾਬ ਵਿੱਚ ਲਗਪਗ 3 ਲੱਖ 8 ਹਜ਼ਾਰ ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਅਪੀਅਰ ਹੋਣਾ ਸੀ। ਇਸ ਸਬੰਧੀ 3600 ਪ੍ਰੀਖਿਆ ਕੇਂਦਰ ਬਣਾਏ ਗਏ ਸੀ, ਪ੍ਰੰਤੂ ਐਨ ਮੌਕੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੇ ਜ਼ਬਰਦਸਤ ਤਰੀਕੇ ਨਾਲ ਦਸਤਕ ਦੇ ਦਿੱਤੀ। ਜਿਸ ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਹਿਲਾਂ ਪ੍ਰੀਖਿਆਵਾਂ ਅਣਮਿਥੇ ਸਮੇਂ ਲਈ ਮੁਲਤਵੀ ਕੀਤੀਆਂ ਗਈਆਂ ਅਤੇ ਬਾਅਦ ਵਿੱਚ ਕਰੋਨਾ ਦਾ ਪ੍ਰਕੋਪ ਵਧਣ ਕਾਰਨ ਮੁਕੰਮਲ ਤੌਰ ’ਤੇ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਸਨ।