nabaz-e-punjab.com

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

ਮੁਕਾਬਲਾ ਪ੍ਰੀਖਿਆ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੀ ਹੌਸਲਾ ਅਫਜਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ (ਡੀਜੀਐਸਈ) ਪ੍ਰਦੀਪ ਅਗਰਵਾਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਅੱਠਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਕਰਵਾਈ ਗਈ ਪੀਐੱਸਟੀਐੱਸਈ ਅਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਵਿੱਚ 44282 ਵਿਦਿਆਰਥੀ ਅਪੀਅਰ ਹੋਏ। ਇਸ ਦਾਖ਼ਲਾ ਪ੍ਰੀਖਿਆ ਵਿੱਚ 88.1 ਫੀਸਦੀ ਵਿਦਿਆਰਥੀਆਂ ਦੀ ਹਾਜ਼ਰੀ ਦਰਜ ਕੀਤੀ ਗਈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਅੱਠਵੀਂ ਦੇ ਵਿਦਿਆਰਥੀਆਂ ਲਈ ਇਸ ਸਾਲ ਪੀਐੱਸਟੀਐੱਸਈ ਅਤੇ ਐੱਨਐੱਨਐੱਮਐੱਸ ਦੀ ਸਾਂਝੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਕਰਵਾਈ ਗਈ ਹੈ। ਕੇਂਦਰ ਸਰਕਾਰ ਵੱਲੋਂ ਐੱਨਐੱਨਐੱਮਐੱਸ ਦੇ ਤਹਿਤ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਲੋਕਲ ਬਾਡੀਜ਼ ਸਰਕਾਰ ਦੇ ਸਕੂਲਾਂ ਦੇ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ’ਚੋਂ ਇਸ ਦਾਖ਼ਲਾ ਪ੍ਰੀਖਿਆ ਦੀ ਨਿਰਧਾਰਿਤ ਮੈਰਿਟ ਅਨੁਸਾਰ 2210 ਵਿਦਿਆਰਥੀਆਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਣਾ ਹੈ। ਭਾਵ ਕਿ ਇਸ ਦਾਖ਼ਲਾ ਪ੍ਰੀਖਿਆ ਰਾਹੀਂ ਸਫ਼ਲ ਹੋ ਕੇ ਚੁਣੇ ਜਾਣ ਵਾਲੇ ਹਰੇਕ ਵਿਦਿਆਰਥੀ ਨੂੰ ਬਾਰ੍ਹਵੀਂ ਜਮਾਤ ਤੱਕ 48000 ਰੁਪਏ ਦੀ ਵਜ਼ੀਫ਼ਾ ਰਾਸ਼ੀ ਮਿਲੇਗੀ।
ਸਰਕਾਰੀਆ ਨੇ ਦੱਸਿਆ ਕਿ ਪੀਐੱਸਟੀਐੱਸਈ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਵਿੱਚ ਸਫ਼ਲ ਹੋ ਕੇ ਮੈਰਿਟ ਅਨੁਸਾਰ ਚੁਣੇ ਜਾਣ ਵਾਲੇ 500 ਵਿਦਿਆਰਥੀਆਂ ਨੂੰ 200 ਰੁਪਏ ਪ੍ਰਤੀ ਮਹੀਨਾ ਮਿਲੇਗਾ। ਚੁਣੇ ਹੋਏ ਹਰੇਕ ਵਿਦਿਆਰਥੀ ਨੂੰ ਬਾਰ੍ਹਵੀਂ ਜਮਾਤ ਤੱਕ 9600 ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 50152 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ ਅਤੇ ਇਸ ’ਚੋਂ 44282 ਵਿਦਿਆਰਥੀ ਇਸ ਮੁਕਾਬਲਾ ਪ੍ਰੀਖਿਆ ਵਿੱਚ ਅਪੀਅਰ ਹੋਏ। ਉਨ੍ਹਾਂ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਮੁੱਖ ਦਫ਼ਤਰ ਵਿੱਚ ਨਿਯੁਕਤ ਸੀਮਾ ਖੇੜਾ ਅਤੇ ਰੁਮਕੀਤ ਕੌਰ ਦੀ ਇਸ ਪ੍ਰੀਖਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਅਤੇ (ਐਲੀਮੈਂਟਰੀ) ਨੇ ਜ਼ਿਲ੍ਹਿਆਂ ਵਿੱਚ ਡਾਇਟ ਪ੍ਰਿੰਸੀਪਲਾਂ, ਸਕੂਲ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਵੱਖ-ਵੱਖ ਕਾਡਰ ਦੇ ਅਧਿਆਪਕਾਂ ਅਤੇ ਜ਼ਿਲ੍ਹਾ ਮੀਡੀਆ ਟੀਮਾਂ ਦੇ ਭਰਪੂਰ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਪ੍ਰਖਿਆ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਨਿਰੰਤਰ ਭਾਗ ਲੈਂਦੇ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਦੀ ਵੀ ਤਿਆਰੀ ਹੁੰਦੀ ਰਹਿੰਦੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…