ਪੱਕਾ ਮੋਰਚਾ: ਸੰਯੁਕਤ ਕਿਸਾਨ ਮੋਰਚਾ ਵੀ ਖੁੱਲ੍ਹ ਕੇ ਸਾਹਮਣੇ ਆਇਆ, ਸਮਰਥਨ ਦੇਣ ਦਾ ਐਲਾਨ

ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲੜੀਵਾਰ ਧਰਨਾ ਜਾਰੀ

ਦਵਿੰਦਰਪਾਲ ਬਾਕਰਪੁਰ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਹੁਣ ਸੰਯੁਕਤ ਕਿਸਾਨ ਮੋਰਚਾ ਵੀ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਅੱਜ ਪੰਜਾਬ ਭਰ ਦੇ ਕਿਸਾਨਾਂ ਨੇ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਜਿਨ੍ਹਾਂ ਦਾ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਝੱਜ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸਮਰਥਨ ਦੇਣ ਪਹੁੰਚੇ ਹਨ।
ਜਾਣਕਾਰੀ ਅਨੁਸਾਰ ਵੱਖ-ਵੱਖ 32 ਕਿਸਾਨ ਯੂਨੀਅਨਾਂ ਦੇ ਮੈਂਬਰ ਅੱਜ ਸਵੇਰੇ 10 ਵਜੇ ਹੀ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ 1 ਵਜੇ ਤੱਕ ਕਿਸਾਨਾਂ ਦੀ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਨ ਮਗਰੋਂ ਕਿਸਾਨ ਰੋਸ ਮਾਰਚ ਕਰਦੇ ਹੋਏ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ।
ਇਸ ਮੌਕੇ ਕਿਸਾਨ ਆਗੂਆਂ ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਾਡੀ ਅਣਖ ਤੇ ਗੈਰਤ ਅਤੇ ਪੰਜਾਬ ਨੂੰ ਬਚਾਉਣ ਦੀ ਲੜਾਈ ਹੈ। ਜਿਨ੍ਹਾਂ ਚਿਰ ਬੰਦੀ ਸਿੰਘ ਰਿਹਾਅ ਹੋ ਕੇ ਘਰਾਂ ’ਚ ਨਹੀਂ ਪਰਤਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਹੋਣ ’ਤੇ ਕਿਸੇ ਕੈਦੀ ਨੂੰ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਰੱਖਣਾ ਗੈਰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਤੇ ਡਾਕਾ ਅਤੇ ਕੁਦਰਤੀ ਇਨਸਾਫ਼ ਦੇ ਖ਼ਿਲਾਫ਼ ਹੈ। ਉਨ੍ਹਾਂ ਬੰਦੀ ਸਿੰਘਾਂ ਸਮੇਤ ਸਮੂਹ ਪੱਤਰਕਾਰਾਂ, ਬੁੱਧੀਜੀਵੀਆਂ ਅਤੇ ਸਿਆਸੀ ਵਿਰੋਧੀਆਂ ਦੀ ਰਿਹਾਈ ਦੀ ਮੰਗ ਕੀਤੀ। ਜਿਨ੍ਹਾਂ ਨੂੰ ਸਰਕਾਰ ਵਿਰੋਧੀ ਵਿਚਾਰਾਂ ਕਾਰਨ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕਰਕੇ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਤੇਜ਼ ਕਰਨ ਦਾ ਫ਼ੈਸਲਾ ਲਿਆ ਜਾਵੇਗਾ।
ਉਧਰ, ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਵਿੱਚ ਸੋਮਵਾਰ ਨੂੰ ਦਵਿੰਦਰਪਾਲ ਸਿੰਘ ਬਾਕਰਪੁਰ ਦੀ ਅਗਵਾਈ ਹੇਠ ਇੱਕ ਜਥੇ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਤਾਇਨਾਤ ਭਾਰੀ ਪੁਲੀਸ ਬਲ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਉੱਥੇ ਸ਼ਾਂਤਮਈ ਧਰਨੇ ’ਤੇ ਬੈਠ ਗਏ ਅਤੇ ਗੁਰਬਾਣੀ ਦਾ ਜਾਪ ਸ਼ੁਰੂ ਕਰ ਦਿੱਤਾ। ਕਰੀਬ ਦੋ ਤਿੰਨ ਘੰਟੇ ਬਾਅਦ ਸਾਰੇ ਧਰਨਾਕਾਰੀ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਚਲੇ ਗਏ।
ਇਸ ਦੌਰਾਨ ਪੱਕੇ ਮੋਰਚੇ ’ਤੇ ਡਟੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਮੇਂ ਦੀਆਂ ਸਰਕਾਰਾਂ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀਆਂ ਅਤੇ ਬੰਦੀ ਸਿੰਘ ਰਿਹਾਅ ਹੋ ਕੇ ਪੱਕੇ ਮੋਰਚੇ ‘ਤੇ ਨਹੀਂ ਪਹੁੰਚਦੇ, ਉਦੋਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਇਨਸਾਫ਼ ਪਸੰਦ ਲੋਕ ਜੁੜ ਰਹੇ ਹਨ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਚੰਡੀਗੜ੍ਹ ਤੇ ਮੁਹਾਲੀ ਇਕਾਈ ਨੇ ਵੀ ਪੱਕੇ ਮੋਰਚੇ ਵਿੱਚ ਸ਼ਿਰਕਤ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਬਲਜਿੰਦਰ ਸਿੰਘ ਭਾਗੋਮਾਜਰਾ, ਦਲਜੀਤ ਸਿੰਘ ਮਨਾਣਾ, ਕ੍ਰਿਸ਼ਨ ਕੁਮਾਰ ਧੁਣਕੀਆਂ, ਧਰਮਪਾਲ, ਹਰਨੇਕ ਸਿੰਘ ਵੀ ਮੌਜੂਦ ਸਨ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਕੌਮੀ ਪੱਧਰ ’ਤੇ ਇੱਕ ਰੋਜ਼ਾ ਜਨ ਅੰਦੋਲਨ ਕੀਤਾ ਜਾਵੇਗਾ। ਜਿਸ ਵਿੱਚ ਦੇਸ਼ ਦੀਆਂ 450 ਤੋਂ ਵੱਧ ਕਿਸਾਨ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਲੱਖਾਂ ਦੀ ਗਿਣਤੀ ਵਿੱਚ ਨੁਮਾਇੰਦੇ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀਆਂ ਬਾਕੀ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਤੱਕ ਕੋਈ ਇੱਕ ਮੰਗ ਵੀ ਪੂਰੀ ਨਹੀਂ ਕੀਤੀ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…