Nabaz-e-punjab.com

ਪਲਸ ਪੋਲੀਓ ਮੁਹਿੰਮ: ਜ਼ਿਲ੍ਹਾ ਮੁਹਾਲੀ ਵਿੱਚ ਪਹਿਲੇ ਦਿਨ 56 ਹਜ਼ਾਰ ਬੱਚਿਆਂ ਨੂੰ ਪਲਾਈਆਂ ਪੋਲੀਓ ਬੂੰਦਾਂ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਅਮਿਤ ਕੁਮਾਰ ਵੱਲੋਂ ਮੁਹਾਲੀ ਵਿੱਚ ਪੋਲੀਓ ਮੁਹਿੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੇ ਤਹਿਤ ਐਤਵਾਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸ਼ਹਿਰੀ, ਪੇਂਡੂ ਖੇਤਰ ਅਤੇ ਝੁੱਗੀ ਝੌਪੜੀਆਂ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਲੀਓ ਬੂੰਦਾਂ ਪਿਲਾਈਆਂ ਗਈਆਂ। ਪੰਜਾਬ ਸਿਹਤ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਅਮਿਤ ਕੁਮਾਰ ਨੇ ਇੱਥੋਂ ਦੇ ਫੇਜ਼-6 ਸਥਿਤ ਬਾਲਮੀਕ ਕਲੋਨੀ ਵਿੱਚ ਛੋਟੇ ਬੱਚਿਆਂ ਨੂੰ ਪੋਲੀਓ ਖੁਰਾਕ ਦੇ ਕੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਨਾਮੁਰਾਦ ਬੀਮਾਰੀ ਦੇ ਮੁਕੰਮਲ ਖ਼ਾਤਮੇ ਲਈ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਕਿਹਾ ਕਿ ਪੋਲੀਓ ਦੀਆਂ ਦੋ ਬੂੰਦਾਂ ਬੱਚਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ। ਵਿਸ਼ਵ ਸਿਹਤ ਸੰਸਥਾ ਨੇ ਭਾਰਤ ਨੂੰ ਪਹਿਲਾਂ ਹੀ ਪੋਲੀਓ ਮੁਕਤ ਐਲਾਨਿਆ ਹੋਇਆ ਹੈ ਅਤੇ 2011 ਤੋਂ ਬਾਅਦ ਦੇਸ਼ ਵਿੱਚ ਪੋਲੀਓ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਪ੍ਰੰਤੂ ਫਿਰ ਵੀ ਦੇਸ਼ ’ਚੋਂ ਇਸ ਬੀਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੋਲੀਓ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।
ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਪੰਜ ਸਾਲ ਤੱਕ ਦੇ 1 ਲੱਖ 43 ਹਜ਼ਾਰ 425 ਬੱਚੇ ਹਨ ਅਤੇ ਪਹਿਲੇ ਦਿਨ 56 ਹਜ਼ਾਰ 120 (39 ਫੀਸਦੀ) ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਐਤਵਾਰ ਨੂੰ 530 ਪੱਕੇ ਬੂਥ ਅਤੇ 26 ਟਰਾਂਜ਼ਿਟ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਦਿੱਤੀ ਗਈ ਅਤੇ ਅੱਜ ਕਿਸੇ ਕਾਰਨ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਸਿਹਤ ਵਿਭਾਗ ਦੇ ਮੁਲਾਜ਼ਮ ਘਰ-ਘਰ ਜਾ ਕੇ ਖਾਸ ਤੌਰ ’ਤੇ ਝੁੱਗੀਆਂ, ਝੌਪੜੀਆਂ ਬਸਤੀਆਂ, ਕਲੋਨੀਆਂ, ਭੱਠਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੇ। ਇਸ ਸਬੰਧੀ 1060 ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ 3 ਲੱਖ 48 ਹਜ਼ਾਰ 306 ਘਰਾਂ ਵਿੱਚ ਫੇਰੀ ਪਾਉਣਗੀਆਂ। ਜਿਨ੍ਹਾਂ ਵਿੱਚ 104 ਮੋਬਾਈਲ ਟੀਮਾਂ ਅਤੇ 52 ਟਰਾਂਜ਼ਿਟ ਟੀਮਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 122 ਸੁਪਰਵਾਈਜ਼ਰ ਮੁਹਿੰਮ ਦੀ ਨਿਗਰਾਨੀ ਕਰਨਗੇ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ 124 ਏਐਨਐਮਜ਼, 494 ਆਸ਼ਾ ਵਰਕਰਾਂ, 270 ਆਂਗਨਵਾੜੀ ਵਰਕਰਾਂ ਅਤੇ ਨਰਸਿੰਗ ਕਾਲਜਾਂ ਦੇ 817 ਵਿਦਿਆਰਥੀਆਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ, ਐਸਐਮਓ ਡਾ. ਵਿਜੇ ਭਗਤ, ਨੋਡਲ ਅਫ਼ਸਰ ਡਾ. ਰਵਿਕਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…