ਪਲਸ-ਪੋਲੀਓ ਮੁਹਿੰਮ: ਮੁਹਾਲੀ ਜ਼ਿਲ੍ਹੇ ਵਿੱਚ ਪਹਿਲੇ ਦਿਨ 61,241 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੰੂਦਾਂ

ਪੰਜ ਸਾਲ ਤੋਂ ਘੱਟ ਉਮਰ ਦੇ 1,60,455 ਬੱਚਿਆਂ ਨੂੰ ਪੋਲੀਓ ਦਵਾਈ ਪਿਲਾਉਣ ਦਾ ਟੀਚਾ: ਸਿਵਲ ਸਰਜਨ

ਛੋਟੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 1100 ਟੀਮਾਂ ਚਾਰ ਲੱਖ ਤੋਂ ਵੱਧ ਘਰਾਂ ਦਾ ਖੜਕਾਉਣਗੀਆਂ ਬੂਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸਐਨਆਈਡੀ) ਮੁਹਿੰਮ ਦੇ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 61,241 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਜਾਰੀ ਰਹੇਗੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਘਰਾਂ ਤੋਂ ਇਲਾਵਾ ਉੱਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ ਅਤੇ ਡੇਰਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਸੂਬੇ ਦਾ ਇਕੋ-ਇਕੋ ਜ਼ਿਲ੍ਹਾ ਹੈ, ਜਿੱਥੇ 5 ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀ ਦਵਾਈ ਦਿੱਤੀ ਜਾ ਰਹੀ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਪਰਵਾਸੀ ਆਬਾਦੀ ਨਾਲ ਸਬੰਧਤ ਬੱਚਿਆਂ ਨੂੰ ਦਵਾਈ ਪਿਲਾਈ ਜਾ ਰਹੀ ਹੈ।
ਡਾ. ਆਦਰਸ਼ਪਾਲ ਕੌਰ ਅਤੇ ਡਿਪਟੀ ਡਾਇਰੈਕਟਰ ਡਾ. ਨਿਸ਼ਾ ਸਾਹੀ ਨੇ ਅੱਜ ਪਿੰਡ ਬਲੌਂਗੀ ਵਿੱਚ ਤਿੰਨ ਰੋਜ਼ਾ ਪੋਲੀਓ ਮੁਹਿੰਮ ਦਾ ਆਗਾਜ਼ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਹੋਰਨਾਂ ਨੇੜਲੇ ਇਲਾਕਿਆਂ ਦਾ ਦੌਰਾ ਕਰਕੇ ਪੋਲੀਓ ਮੁਹਿੰਮ ਦਾ ਨਿਰੀਖਣ ਕੀਤਾ। ਰਾਹਗੀਰਾਂ ਨੂੰ ਰੋਕ ਕੇ ਛੋਟੇ ਬੱਚਿਆਂ ਨੂੰ ਆਪਣੇ ਹੱਥੀਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 1,60,455 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਹੈ।
ਐਤਵਾਰ ਨੂੰ ਪਹਿਲੇ ਦਿਨ 61,241 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਲਗਪਗ 38 ਫੀਸਦੀ ਟੀਚਾ ਪੂਰਾ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਕਿਸੇ ਕਾਰਨ ਜਿਹੜੇ ਬੱਚੇ ਪੋਲੀਓ ਦਵਾਈਆਂ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦਵਾਈ ਪਿਲਾਉਣ ਲਈ 1254 ਟੀਮਾਂ ਬਣਾਈਆਂ ਗਈਆਂ ਹਨ। ਜਿਨ੍ਹਾਂ ’ਚੋਂ 1100 ਟੀਮਾਂ ਘਰ-ਘਰ ਜਾਣਗੀਆਂ। ਕੁੱਲ 2508 ਵੈਕਸੀਨੇਟਰਾਂ ਤੋਂ ਇਲਾਵਾ 120 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਸਕੇ। ਸਿਹਤ ਕਾਮੇ 4,11,710 ਘਰਾਂ ਅਤੇ ਹੋਰ ਥਾਵਾਂ ’ਤੇ ਫੇਰੀ ਪਾਉਣਗੇ। ਇਨ੍ਹਾਂ ਟੀਮਾਂ ਵਿੱਚ ਡਾਕਟਰ, ਐਲਐਚਵੀ, ਏਐਨਐਮਜ਼, ਹੈਲਥ ਇੰਸਪੈਕਟਰ, ਸਿਹਤ ਵਰਕਰ, ਆਸ਼ਾ ਵਰਕਰ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਸ਼ਾਮਲ ਹਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਫਿਰ ਵੀ ਸਾਵਧਾਨੀ ਵਜੋਂ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਮਾਪੇ ਆਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਜਨਮ ਕੱੁਝ ਘੰਟੇ ਪਹਿਲਾਂ ਹੀ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।

ਉਧਰ, ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਡੀਐਚਓ ਡਾ. ਸੁਭਾਸ਼ ਕੁਮਾਰ, ਡਾ. ਅਕਸ਼ੈ ਕੁਮਾਰ, ਡਾ. ਹਰਮਨਦੀਪ ਕੌਰ ਸਮੇਤ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਮੁਹਾਲੀ ਜ਼ਿਲ੍ਹੇ ਦੇ ਤਿੰਨੋਂ ਸਿਹਤ ਬਲਾਕਾਂ ਵਿੱਚ ਵੱਖ-ਵੱਖ ਥਾਵਾਂ ’ਤੇ ਜਾ ਕੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।

Load More Related Articles

Check Also

ਬਿਜਲੀ ਕਾਮਿਆਂ ਦੀ ਦੇਸ਼-ਵਿਆਪੀ ਹੜਤਾਲ ਲਈ ਲਾਮਬੰਦੀ ਜ਼ੋਰਾਂ ’ਤੇ, ਰੈਲੀ ਕੀਤੀ

ਬਿਜਲੀ ਕਾਮਿਆਂ ਦੀ ਦੇਸ਼-ਵਿਆਪੀ ਹੜਤਾਲ ਲਈ ਲਾਮਬੰਦੀ ਜ਼ੋਰਾਂ ’ਤੇ, ਰੈਲੀ ਕੀਤੀ ਮੁਹਾਲੀ ਸਰਕਲ ਦੇ ਦਫ਼ਤਰ ਬਾਹਰ ਰ…