
ਅੱਤਵਾਦੀਆਂ ਦੀ ਕਾਇਰਾਨਾ ਹਰਕਤ ਹੈ ਪੁਲਵਾਮਾ: ਹਰਪਾਲ ਸਿੰਘ ਚੀਮਾ
ਮੂੰਹ ਤੋੜਵਾਂ ਜਵਾਬ ਦੇਵੇ ਮੋਦੀ ਸਰਕਾਰ
ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕੋਰੜ ਰੁਪਏ ਦੀ ਵਿੱਤੀ ਸਹਾਇਤਾ ਤੇ ਸਰਕਾਰੀ ਨੌਕਰੀ ਦੇਵੇ ਸਰਕਾਰ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਫਰਵਰੀ:
ਪੁਲਵਾਮਾ ਅੱਤਵਾਦੀ ਹਮਲੇ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਹ ਇੱਕ ਬੇਹੱਦ ਕਾਇਰਾਨਾ ਹਰਕਤ ਹੈ, ਮੋਦੀ ਸਰਕਾਰ ਪਾਕਿਸਤਾਨ ਸਮੇਤ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇ। ਚੀਮਾ ਨੇ ਸ਼ਹੀਦ ਜਵਾਨਾਂ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਦੇਸ਼ ਲਈ ਦਿੱਤਾ ਗਿਆ ਇਹ ਬਲੀਦਾਨ ਅਜਾਈਂ ਨਹੀਂ ਜਾਵੇਗਾ।
ਅੱਜ ਆਮ ਆਦਮੀ ਪਾਰਟੀ ਸਮੇਤ ਪੂਰਾ ਦੇਸ਼ ਸ਼ਹੀਦਾਂ ਦੇ ਬਲੀਦਾਨ ਨੂੰ ਸਿੱਜਦਾ ਕਰਦਾ ਹੋਇਆ ਉਨ੍ਹਾਂ ਦੇ ਪਰਿਵਾਰਾਂ ਨਾਲ ਡਟ ਕੇ ਖੜ੍ਹਾ ਹੈ। ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਨਕਦ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਜਾਵੇ।
ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਮੁੱਚੀ ਪਾਰਟੀ ਇਸ ਮੌਕੇ ‘ਤੇ ਸੂਬਾ ਅਤੇ ਕੇਂਦਰ ਸਰਕਾਰ ਨਾਲ ਖੜੀ ਹੈ। ਚੀਮਾ ਕਿਹਾ ਕਿ ਇਸ ਦਿਲ ਦਹਿਲਾਉਣ ਵਾਲੇ ਹਮਲੇ ਉਪਰੰਤ ਸਾਡੀਆਂ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਦੀ ਨਾਕਾਮੀ ਵੀ ਸਾਹਮਣੇ ਆਈ ਹੈ, ਸੰਬੰਧਿਤ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਖ਼ੁਸ਼ੀਆਂ ਏਜੈਂਸੀਆਂ ਨੂੰ ਹੋਰ ਜ਼ਿਆਦਾ ਮੁਸਤੈਦ ਅਤੇ ਸੁਚੇਤ ਰੱਖਣ ਲਈ ਨਜ਼ਰਸਾਨੀ ਕਰਨੀ ਬਣਦੀ ਹੈ।
ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਦਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕੋਰੀਡੋਰ) ‘ਤੇ ਕੋਈ ਪ੍ਰਭਾਵ ਨਹੀਂ ਪੈਣਾ ਚਾਹੀਦਾ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੋੜ ਕੇ ਅੱਤਵਾਦੀ ਹਮਲਿਆਂ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਤਾਂ ਸਰਬੱਤ ਦੇ ਭਲੇ ਦੇ ਮਾਰਗ ਦਰਸ਼ਕ ਸਨ।
ਇਸ ਮੌਕੇ ਚੀਮਾ ਨਾਲ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮੀਤ ਹੇਅਰ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੰਧੂ ਵੀ ਮੌਜੂਦ ਸਨ।