Nabaz-e-punjab.com

ਪੁਲਵਾਮਾ ਅਤਿਵਾਦੀ ਹਮਲਾ: ਡੀਸੀ ਮੁਹਾਲੀ ਨੇ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਲਿਖਿਆ ਪੱਤਰ

ਮੀਟਿੰਗਾਂ ਕਰਕੇ ਕਸ਼ਮੀਰੀ ਵਿਦਿਆਰਥੀਆਂ ਦਾ ਸੁਰੱਖਿਆ ਨੂੰ ਲੈ ਕੇ ਡਰ ਦੂਰ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਪੁਲਵਾਮਾ ਵਿੱਚ ਸੀਆਰਪੀਐਫ਼ ਜਵਾਨਾਂ ’ਤੇ ਅਤਿਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਪੜ੍ਹਨ ਵਾਲੇ ਜੰਮੂ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਦੇ ਮਨ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਪੈਦਾ ਹੋਏ ਡਰ ਅਤੇ ਦਹਿਸ਼ਤ ਨੂੰ ਦੂਰ ਕਰਨ ਲਈ ਮੁਹਾਲੀ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ ਜ਼ਿਲ੍ਹਾ ਮੁਹਾਲੀ ਦੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨਾਂ / ਪ੍ਰਿੰਸੀਪਲਾਂ / ਰਜਿਸਟਰਾਰਾਂ/ਹੋਸਟਲ ਵਾਰਡਨਾਂ ਨੂੰ ਪੱਤਰ ਲਿਖਿਆ ਹੈ। ਡੀਸੀ ਨੇ ਆਪਣੇ ਪੱਤਰ ਵਿੱਚ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਆਪੋ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਸਿੱਖਿਆ ਹਾਸਲ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਦਿਲਾਂ ’ਚੋਂ ਆਪਣੀ ਸੁਰੱਖਿਆ ਨੂੰ ਲੈ ਕੇ ਪਾਏ ਜਾ ਰਹੇ ਸਹਿਮ ਨੂੰ ਦੂਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਉਹ ਆਪਣਾ ਧਿਆਨ ਪੜ੍ਹਾਈ ’ਤੇ ਕੇਂਦਰਿਤ ਕਰ ਸਕਣ। ਸ੍ਰੀਮਤੀ ਸਪਰਾ ਨੇ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਮੀਡੀਆ ਵਿੱਚ ਪ੍ਰਕਾਸ਼ਿਤ ਕੁਝ ਖ਼ਬਰਾਂ ਦਾ ਹਵਾਲਾ ਦਿੰਦਿਆਂ ਭੇਜੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜੰਮੂ-ਕਸ਼ਮੀਰ ਨਾਲ ਸਬੰਧਤ ਜ਼ਿਲ੍ਹਾ ਮੁਹਾਲੀ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਡਰ ਪਾਇਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਪਿਛਲੇ ਦਿਨੀਂ ਜੰਮੂ ਤੇ ਕਸ਼ਮੀਰ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਖਵਾਜਾ ਇਤਰਤ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਪੜ੍ਹਦੇ ਅਤੇ ਪੀਜੀ ਵਿੱਚ ਰਹਿੰਦੇ ਜੰਮੂ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ ਗਿਆ ਸੀ। ਡੀਸੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਸਾਰੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਤੋਂ ਜਾਣੂ ਹੈ, ਭਾਵੇਂ ਉਹ ਕਿਸੇ ਵੀ ਰਾਜ ਨਾਲ ਸਬੰਧ ਰੱਖਦੇ ਹੋਣ, ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਰ ਸਮੇਂ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਲਈ ਉਪਲਬਧ ਹਨ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਮੁਹਾਲੀ ਵਿੱਚ ਮੁਕੰਮਲ ਤੌਰ ’ਤੇ ਅਮਨ ਸ਼ਾਂਤੀ ਹੈ ਅਤੇ ਲਾਅ ਐਂਡ ਆਰਡਰ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਧਰ, ਜੰਮੂ ਤੇ ਕਸ਼ਮੀਰ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਖਵਾਜਾ ਇਤਰਤ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਲਾਲੜੂ ਦੇ ਇੱਕ ਪ੍ਰਾਈਵੇਟ ਕਾਲਜ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਧੱਕਾ ਕਰਨ ਅਤੇ ਹਿੰਦੂ ਸੰਗਠਨਾਂ ਵੱਲੋਂ ਜਬਰਦਸਤੀ ਇਲਾਕਾ ਛੱਡਣ ਦੀਆਂ ਧਮਕੀਆਂ ਬਾਰੇ ਗੱਲ ਸਾਹਮਣੇ ਆਈ ਸੀ ਅਤੇ ਡੀਸੀ ਨੇ ਤੁਰੰਤ ਡੇਰਾਬੱਸੀ ਦੀ ਐਸਡੀਐਮ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਭੇਜਿਆ ਗਿਆ ਅਤੇ ਹੁਣ ਸਾਰੀ ਸਥਿਤੀ ਕਾਬੂ ਹੇਠ ਹੈ। ਡੇਰਾਬੱਸੀ ਦੀ ਐਸਡੀਐਮ ਸ੍ਰੀਮਤੀ ਪੂਜਾ ਸਿਆਲ ਨੇ ਦੱਸਿਆ ਕਿ ਲਾਲੜੂ ਵਿੱਚ ਇੱਕ ਵਿਦਿਆਰਥੀ ਇਤਰਾਜਯੋਗ ਪੋਸਟ ਨੂੰ ਲਾਈਕ ਕਰਨ ਨਾਲ ਡਰ ਪੈਦਾ ਹੋਣ ਦੀ ਗੱਲ ਸਾਹਮਣੇ ਆਈ ਸੀ ਅਤੇ ਉਨ੍ਹਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਮਾਮਲਾ ਸ਼ਾਂਤ ਕਰ ਦਿੱਤਾ ਸੀ ਅਤੇ ਸਬੰਧਤ ਕਾਲਜ ਦੀਆਂ ਬੱਸਾਂ ਰਾਹੀਂ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਕਰੀਬ 90 ਕਸ਼ਮੀਰੀ ਵਿਦਿਆਰਥੀਆਂ ਨੂੰ ਸਹੀ ਸਲਾਮਤ ਵਾਪਸ ਜੰਮੂ ਰਵਾਨਾ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…