Nabaz-e-punjab.com

ਪੰਜਾਬ ਐਗਰੋ ਫੂਡ ਗਰੇਨਜ਼ ਕਾਰਪੋਰੇਸ਼ਨ ਵੱਲੋਂ ਸਰਕਾਰੀ ਖ਼ਰੀਦ ਦਾ ਕੰਮ ਬੰਦ, 23 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ

ਮੁਲਾਜ਼ਮ ਜਥੇਬੰਦੀ ਵੱਲੋਂ ਸਾਥੀ ਕਰਮਚਾਰੀਆਂ ਦੀਆਂ ਸੇਵਾਵਾਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਧਰਨਾ ਦਿੱਤਾ

ਕਾਰਪੋਰੇਸ਼ਨ ਦੇ ਸਾਰੇ ਰੈਗੂਲਰ ਤੇ ਕੱਚੇ ਕਰਮਚਾਰੀਆਂ ਨੂੰ ਦੂਜੇ ਵਿਭਾਗਾਂ ਵਿੱਚ ਮਰਜ਼ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਦੇਣ ਦੀ ਯੋਜਨਾ ਦਮ ਤੋੜਦੀ ਜਾ ਰਹੀ ਹੈ। ਮੌਜੂਦਾ ਸਮੇਂ ਜਿੱਥੇ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਆਪਣੇ ਹੱਕਾਂ ਲਈ ਸੰਘਰਸ਼ ਦੇ ਰਾਹ ’ਤੇ ਹਨ, ਉੱਥੇ ਹੁਣ ਸੂਬਾ ਸਰਕਾਰ ਦੇ ਮਹੱਤਵਪੂਰਨ ਅਦਾਰੇ ਪੰਜਾਬ ਐਗਰੋ ਫੂਡ ਗਰੇਨਜ਼ ਕਾਰਪੋਰੇਸ਼ਨ ਲਿਮਟਿਡ ਨੇ ਮੰਡੀਆਂ ਵਿੱਚ ਸਰਕਾਰੀ ਖ਼ਰੀਦ ਦਾ ਕੰਮ ਬੰਦ ਕਰਨ ਮਗਰੋਂ 23 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ ਅਤੇ ਬਾਕੀ ਹੋਰ ਸੈਂਕੜੇ ਰੈਗੂਲਰ ਅਤੇ ਕੱਚੇ ਮੁਲਾਜ਼ਮਾਂ ਨੂੰ ਆਪਣੇ ਅਤੇ ਪਰਿਵਾਰ ਦੇ ਭਵਿੱਖ ਦੀ ਚਿੰਤਾ ਸਤਾਉਣ ਲੱਗ ਪਈ ਹੈ।
ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਕਰਮਚਾਰੀ ਯੂਨੀਅਨ ਵੱਲੋਂ ਅੱਜ ਸੂਬਾ ਪ੍ਰਧਾਨ ਦਵਿੰਦਰ ਕੌਰ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਯੂਨੀਅਨ ਨਾਲ ਮਿਲ ਕੇ ਮੁਹਾਲੀ ਵਿੱਚ ਸੂਬਾ ਪੱਧਰੀ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਜਾਇਜ਼ ਮੰਗਾਂ ਨਹੀਂ ਮੰਨ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਕਤ ਫੈਸਲੇ ਨਾਲ ਸੈਂਕੜੇ ਮੁਲਾਜ਼ਮ ਬੇਰੁਜ਼ਗਾਰ ਹੋ ਜਾਣਗੇ ਅਤੇ ਮਹਿੰਗਾਈ ਦੇ ਇਸ ਯੁੱਗ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਲ ਹੋ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿਜੇਕਰ ਸਰਕਾਰ ਖ਼ਰੀਦ ਦਾ ਕੰਮ ਮੁੜ ਕਾਰਪੋਰੇਸ਼ਨ ਨੂੰ ਦੇਣ ਤੋਂ ਅਸਮਰੱਥ ਹੈ ਤਾਂ ਇਸ ਅਦਾਰੇ ਵਿੱਚ ਕੰਮ ਕਰ ਰਹੇ ਬਾਕੀ ਸੈਂਕੜੇ ਕਰਮਚਾਰੀਆਂ ਨੂੰ ਦੂਜੇ ਸਰਕਾਰੀ ਵਿਭਾਗਾਂ ਜਾਂ ਦੂਜੀਆਂ ਖ਼ਰੀਦ ਏਜੰਸੀਆਂ ਵਿੱਚ ਮਰਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਐਗਰੋ ਵਿੱਚ ਮੌਜੂਦ ਕਣਕ ਦੇ ਭੰਡਾਰ ਨੂੰ ਦੂਜੀਆਂ ਏਜੰਸੀਆਂ ਵਿੱਚ ਸ਼ਿਫ਼ਟ ਕੀਤਾ ਜਾਵੇ। ਕਿਉਂਕਿ ਜੇ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਕਾਰਪੋਰੇਸ਼ਨ ਕੋਲ 14.50 ਮੀਟਰਿਕ ਟਨ ਕਣਕ ਦੀ ਜ਼ਿੰਮੇਵਾਰੀ ਸਟਾਕ ਹੋਲਡਰ ਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉਕਤ ਫੈਸਲੇ ਨਾਲ ਸੂਬੇ ਦੇ ਕਿਸਾਨ, ਆੜ੍ਹਤੀ ਅਤੇ ਸ਼ੈਲਰਾਂ ਦੀਆਂ ਵੀ ਮੁਸ਼ਕਲਾਂ ਵਧਣਗੀਆਂ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੀਨੀਅਰ ਆਗੂ ਨਛੱਤਰ ਸਿੰਘ ਬੈਦਵਾਨ ਨੇ ਕਿਹਾ ਕਿ ਪੰਜਾਬ ਐਗਰੋ ਕਾਰਪੋਰੇਸ਼ਨ ਦੇ 23 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਨਾਲ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਘਰ ਘਰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਹੁਕਮਰਾਨ ਪਹਿਲਾਂ ਤੋਂ ਰੁਜ਼ਗਾਰ ਦੇ ਲੱਗੇ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਕੇ ਉਨ੍ਹਾਂ ਨੂੰ ਬੇਰੁਜ਼ਗਾਰ ਦੀ ਭੱਠੀ ਵਿੱਚ ਝੋਕ ਰਹੀ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਤੋਂ ਅੰਮ੍ਰਿਤਪਾਲ ਸਿੰਘ, ਸੈਲਰ ਯੂਨੀਅਨ ਤੋਂ ਰਵਿੰਦਰ ਸਿੰਘ ਖੇੜਾ ਅਤੇ ਮੁਲਾਜ਼ਮ ਜਥੇਬੰਦੀ ਤੋਂ ਇੰਦਰਪ੍ਰੀਤ ਸਿੰਘ ਅੰਮ੍ਰਿਤਸਰ, ਜਗਦੀਪ ਸਿੰਘ ਲੁਧਿਆਣਾ, ਸੁਖਮਿੰਦਰਜੀਤ ਸਿੰਘ ਹੁਸ਼ਿਆਰਪੁਰ ਨੇ ਵੀ ਆਪਣੇ ਵਿਚਾਰ ਰੱਖੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…