
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਮੁਹਾਲੀ ਯੂਨਿਟ ਦੀ ਮੀਟਿੰਗ ਹੋਈ
ਨੈਸ਼ਨਲ ਪ੍ਰੈੱਸ ਡੇਅ ਮੌਕੇ ਹੋਣ ਵਾਲੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਪੱਤਰਕਾਰ ਕਰਨਗੇ ਸ਼ਿਰਕਤ: ਭੱਟੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਮੁਹਾਲੀ ਯੂਨਿਟ ਦੀ ਮੀਟਿੰਗ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸੂਬਾ ਆਗੂ ਮੈਡਮ ਬਿੰਦੂ ਸਿੰਘ ਵੀ ਸ਼ਾਮਲ ਹੋਏ।
ਜ਼ਿਲ੍ਹਾ ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਦੱਸਿਆ ਕਿ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਦੇ ਬੇਟੇ ਅਰਸ਼ ਸ਼ਰਮਾ ਦੀ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸ਼ੋਕ ਮਤਾ ਪੇਸ਼ ਕੀਤਾ। ਮੈਡਮ ਬਿੰਦੂ ਸਿੰਘ ਨੇ ਦੱਸਿਆ ਕਿ ਯੂਨੀਅਨ ਵੱਲੋਂ 16 ਨਵੰਬਰ ਨੂੰ ‘ਨੈਸ਼ਨਲ ਪ੍ਰੈੱਸ ਡੇਅ’ ਮੌਕੇ ਮਿਊਜ਼ੀਅਮ ਤੇ ਆਰਟ ਗੈਲਰੀ ਸੈਕਟਰ-10 ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਯੂਟੀ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂਕਿ ਪੀ. ਸਾਈਂਨਾਥ ਵੀ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਭੱਟੀ ਨੇ ਜ਼ਿਲ੍ਹਾ ਯੂਨਿਟ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਭਰੋਸਾ ਦਿੱਤਾ ਕਿ ਸੂਬਾ ਪੱਧਰੀ ਸਮਾਗਮ ਵਿੱਚ ਮੁਹਾਲੀ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿੱਚ ਮੀਡੀਆ ਕਰਮੀ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਚੇਅਰਮੈਨ ਗੁਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਮੇਜਰ ਸਿੰਘ ਪੰਜਾਬੀ, ਜੇਕੇ ਬੱਤਾ, ਮਨਦੀਪ ਵਰਮਾ ਅਤੇ ਯੋਗੇਸ਼ ਰਾਣਾ ਹਾਜ਼ਰ ਸਨ।