ਸਕੂਲੀ ਪਾਠਕ੍ਰਮ ’ਚੋਂ ਸਾਜ਼ਿਸ਼ ਤਹਿਤ ਹਟਾਇਆ ਜਾ ਰਿਹੈ ਪੰਜਾਬ ਤੇ ਸਿੱਖ ਇਤਿਹਾਸ: ਸੰਧਵਾਂ

ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਪਾਏ ਪੂਰਨਿਆਂ ’ਤੇ ਪਹਿਰਾ ਦੇਣ ਦੀ ਲੋੜ ’ਤੇ ਜ਼ੋਰ

ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਰਾਮਗੜ੍ਹੀਆ ਸਭਾ ਮੁਹਾਲੀ ਵੱਲੋਂ ਇੱਥੋਂ ਦੇ ਫੇਜ਼-3ਬੀ-1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਿੱਖ ਰਾਜ ਦੇ ਉਸਰੱਈਏ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ ’ਚੋਂ ਡੂੰਘੀ ਸਾਜ਼ਿਸ਼ ਤਹਿਤ ਇਤਿਹਾਸਕ ਘਟਨਾਵਾਂ, ਖ਼ਾਸਕਰ ਸਿੱਖ ਇਤਿਹਾਸ ਹਟਾਇਆ ਜਾ ਰਿਹਾ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤੱਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਮਿਸਲਾਂ ਦੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਸਪੀਕਰ ਨੇ ਕਿਹਾ ਕਿ ਹਲੀਮੀ ਸਿੱਖ ਰਾਜ ਦਾ ਮੁੱਢ ਜੱਸਾ ਸਿੰਘ ਰਾਮਗੜ੍ਹੀਆ ਤੋਂ ਬੱਝਣਾ ਸ਼ੁਰੂ ਹੋ ਗਿਆ ਸੀ। ਉਦੋਂ ਮਹਿਜ਼ 6 ਫੀਸਦੀ ਸਿੱਖਾਂ ਦੀ ਗਿਣਤੀ ਸੀ ਅਤੇ ਸਿੱਖਾਂ ਨੇ ਵਿਸ਼ਾਲ ਸਿੱਖ ਰਾਜ ਖੜ੍ਹਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਗੁਰਬਾਣੀ ਉਦੋਂ ਹਰ ਘਰ ਵਿੱਚ ਸੀ ਅਤੇ ਸਿੱਖ ਬਾਣੀ-ਬਾਣੇ ਅਤੇ ਸਿਦਕ ਦੇ ਪੱਕੇ ਸਨ, ਜਿਸ ਕਾਰਨ ਹਰ ਮੈਦਾਨ ਫਤਿਹ ਹੁੰਦੀ ਰਹੀ।
ਜੱਸਾ ਸਿੰਘ ਰਾਮਗੜ੍ਹੀਆ ਦੀ ਗੁਰੂ ਘਰ ਲਈ ਨਿਸ਼ਕਾਮ ਸੇਵਾ ਦਾ ਜ਼ਿਕਰ ਕਰਦਿਆਂ ਸੰਧਵਾਂ ਨੇ ਕਿਹਾ ਕਿ ਲਾਲ ਕਿਲ੍ਹਾ ਫਤਿਹ ਕਰਨ ਉਪਰੰਤ ਉਨ੍ਹਾਂ ਨੇ ਗੁਰੂ ਘਰਾਂ ਨੂੰ ਉਸਾਰਨ ਵੱਲ ਤਰਜੀਹ ਦਿੱਤੀ ਅਤੇ ਉਨ੍ਹਾਂ ਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ’ਤੇ ਪਹਿਰਾ ਦਿੱਤਾ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਸਪੀਕਰ ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਜਿੱਥੇ ਮਹਾਨ ਸਿੱਖ ਜਰਨੈਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ, ਉੱਥੇ ਉਨ੍ਹਾਂ ਨੇ ਰਾਮਗੜ੍ਹੀਆ ਭਵਨ ਨੂੰ ਨਵਿਆਉਣ ਦੀ ਜ਼ਿੰਮੇਵਾਰੀ ਵੀ ਲਈ। ਇਸ ਮੌਕੇ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਪਰਦੀਪ ਸਿੰਘ ਭਾਰਜ, ਗੁਰਚਰਨ ਸਿੰਘ ਨੰਨੜਾ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…