nabaz-e-punjab.com

ਪੰਜਾਬ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਬੁੱਧਵਾਰ ਤੋਂ, ਲਗਪਗ 9 ਲੱਖ ਵਿਦਿਆਰਥੀ ਹੋਣਗੇ ਅਪੀਅਰ

ਪ੍ਰੀਖਿਆਵਾਂ ਦੇ ਸੁਚਾਰੂ ਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਤੇ 3269 ਡਿਪਟੀ ਸੁਪਰਡੈਂਟ ਤਾਇਨਾਤ

ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 18 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਕਰਵਾਉਣ ਲਈ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਅਪੀਅਰ ਹੋਣ ਉਮੀਦ ਹੈ। ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਭਲਕੇ 19 ਫਰਵਰੀ ਨੂੰ ਸ਼ੁਰੂ ਹੋਵੇਗੀ ਜਦੋਂਕਿ ਦਸਵੀਂ ਜਮਾਤ ਦੀ ਪ੍ਰੀਖਿਆ ਮਾਰਚ ਵਿੱਚ ਸ਼ੁਰੂ ਹੋਵੇਗੀ।
ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਲਵਿਸ਼ ਚਾਵਲਾ ਨੇ ਦੱਸਿਆ ਕਿ ਪ੍ਰੀਖਿਆਵਾਂ ਸਬੰਧੀ ਪੰਜਾਬ ਭਰ ਵਿੱਚ 2579 ਪ੍ਰੀਖਿਆ ਕੇਂਦਰਾਂ ਸਥਾਪਿਤ ਕੀਤੇ ਗਏ। ਸਾਲਾਨਾ ਪ੍ਰੀਖਿਆਵਾਂ ਨੂੰ ਸੁਚਾਰੂ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਨਿਯੁਕਤ ਕੀਤੇ ਗਏ ਹਨ। ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ (0172-5227136, 137,138) ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੇ ਲਗਪਗ 3,02,189 ਵਿਦਿਆਰਥੀ ਪ੍ਰੀਖਿਆ ਦੇਣਗੇ, ਜਦੋਂਕਿ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 2,84,658 ਵਿਦਿਆਰਥੀ ਅਤੇ ਦਸਵੀਂ ਜਮਾਤ ਦੀ ਓਪਨ ਪ੍ਰੀਖਿਆ ਵਿੱਚ 9,877 ਵਿਦਿਆਰਥੀ ਅਪੀਅਰ ਹੋਣਗੇ। ਇੰਜ ਹੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 2,72,105 ਵਿਦਿਆਰਥੀ ਅਤੇ ਸੀਨੀਅਰ ਸੈਕੰਡਰੀ ਓਪਨ ਸਕੂਲ ਪ੍ਰੀਖਿਆ ਵਿੱਚ 13,363 ਵਿਦਿਆਰਥੀ ਪ੍ਰੀਖਿਆ ਦੇਣਗੇ।
ਕੰਟਰੋਲਰ (ਪ੍ਰੀਖਿਆਵਾਂ) ਨੇ ਦੱਸਿਆ ਕਿ ਪ੍ਰਸ਼ਨ-ਪੱਤਰਾਂ ਨੂੰ ਅਧਿਕਾਰਤ ਬੈਂਕਾਂ ਵਿੱਚ ਰੱਖਣ ਅਤੇ ਪ੍ਰੀਖਿਆ ਕੇਂਦਰਾਂ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਨਵੀਂ ਪਹਿਲਕਦਮੀ ਤਹਿਤ ਪ੍ਰੀਖਿਆ ਕੇਂਦਰਾਂ ਨੂੰ ਕੰਟਰੋਲਡ ਉੱਤਰ-ਪੱਤਰੀਆਂ ਹੀ ਸਪਲਾਈ ਕੀਤੀਆਂ ਜਾਣਗੀਆਂ। ਹੁਣ ਆਸਾਨੀ ਨਾਲ ਇਹ ਪਤਾ ਲੱਗ ਸਕੇਗਾ ਕਿ ਕਿੰਨੀਆਂ ਉੱਤਰ-ਪੱਤਰੀਆਂ ਕਿਹੜੇ ਸਕੂਲਾਂ\ਪ੍ਰੀਖਿਆ ਕੇਂਦਰਾਂ ਵਿੱਚ ਗਈਆਂ ਹਨ ਅਤੇ ਕਿੰਨੀਆਂ ਵਰਤੋਂ ਵਿੱਚ ਆਈਆਂ ਹਨ। ਇਹ ਪ੍ਰਕਿਰਿਆ ਪੰਜਾਬ ਵਿੱਚ ਨਕਲ ਨੂੰ ਨੱਥ ਪਾਉਣ ਵਿੱਚ ਇੱਕ ਅਹਿਮ ਰੋਲ ਅਦਾ ਕਰੇਗੀ। ਵਿਲੱਖਣ ਸਮਰੱਥਾ ਵਾਲੇ ਪ੍ਰੀਖਿਆਰਥੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕੈਟਾਗਰੀਆਂ ਲਈ ਡੀਏ ਕੋਡ ਵਾਲੇ ਪ੍ਰਸ਼ਨ-ਪੱਤਰ ਵਿਸ਼ੇਸ਼ ਰੂਪ ਵਿੱਚ ਤਿਆਰ ਕਰਵਾਏ ਗਏ ਹਨ।
ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਲਾਨਾ ਪ੍ਰੀਖਿਆਵਾਂ ਵਿੱਚ ਅਪੀਅਰ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੱੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਸਫਲਤਾ ਅਤੇ ਜੀਵਨ ਵਿੱਚ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਅਸਲ ਕੁੰਜੀ ਹੈ। ਲਿਹਾਜ਼ਾ ਵਿਦਿਆਰਥੀਆਂ ਨੂੰ ਸਫਲਤਾ ਦੀ ਪ੍ਰਾਪਤੀ ਵਿੱਚ ਕੋਈ ਕਸਰ ਨਹੀਂ ਛੱਡਣੀ ਚਾਹੀਦੀ। ਬੈਂਸ ਨੇ ਕਿਹਾ ਕਿ ਪ੍ਰੀਖਿਆਵਾਂ ਡਿਊਟੀ ’ਤੇ ਤਾਇਨਾਤ ਅਮਲੇ ਦੀ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰੀਖਿਆਵਾਂ ਲਈ ਖੇਤਰੀ ਦਫ਼ਤਰਾਂ ਵੱਲੋਂ ਨਿਭਾਈ ਜਾਣ ਵਾਲੀ ਅਹਿਮ ਭੂਮਿਕਾ ਅਤੇ ਸੇਵਾਵਾਂ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਸਾਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਇਸ ਵਾਰ ਸਰਕਾਰੀ ਸਕੂਲਾਂ ਦੇ ਵਧੀਆ ਨਤੀਜੇ ਆਉਣ ਦੀ ਆਸ ਪ੍ਰਗਟ ਕੀਤੀ।

Load More Related Articles
Load More By Nabaz-e-Punjab
Load More In General News

Check Also

Special DGP Law and Order holds Crime Review with DIG and SSPs of Ropar Range at Mohali

Special DGP Law and Order holds Crime Review with DIG and SSPs of Ropar Range at Mohali Na…