Nabaz-e-punjab.com
ਕਰਫਿਊ: ਪੰਜਾਬ ਬੋਰਡ ਵੱਲੋਂ ਪੰਜਵੀਂ, ਦਸਵੀਂ ਤੇ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆਵਾਂ ਮੁਲਤਵੀ

ਹਾਲਾਤ ਸੁਖਾਵੇਂ ਹੋਣ ਤੋਂ ਬਾਅਦ ਨਵੇਂ ਸਿਰਿਓਂ ਡੇਟਸ਼ੀਟ ਤੇ ਪ੍ਰੀਖਿਆਵਾਂ ਲੈਣ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ: ਬੋਰਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਕੋਪ ਕਾਰਨ ਸੂਬੇ ਵਿੱਚ ਕਰਫਿਊ ਅਤੇ ਲਾਕਡਾਊਨ ਦੇ ਚੱਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2019-20 ਦੀਆਂ ਅੱਠਵੀਂ ਦੀ ਸਿਰਫ਼ ਪ੍ਰਯੋਗੀ ਪ੍ਰੀਖਿਆ ਅਤੇ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਬੋਰਡ ਦੇ ਇਸ ਫੈਸਲੇ ਨਾਲ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਲੇਟ ਘੋਸ਼ਿਤ ਹੋਣਗੇ ਅਤੇ ਇਸ ਦਾ ਵਿਦਿਆਰਥੀਆਂ ਦੀਆਂ ਅਗਲੀਆਂ ਕਲਾਸਾਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।
ਇਸ ਤੋਂ ਪਹਿਲਾਂ ਬੋਰਡ ਮੈਨੇਜਮੈਂਟ ਨੇ 31 ਮਾਰਚ ਤੱਕ ਇਹ ਪ੍ਰੀਖਿਆਵਾਂ ਮੁਲਤਵੀ ਕਰਦੇ ਪਹਿਲੀ ਅਪਰੈਲ ਤੋਂ ਅੱਠਵੀਂ ਸ਼੍ਰੇਣੀ (ਸਿਰਫ਼ ਪ੍ਰਯੋਗੀ ਪ੍ਰੀਖਿਆ) ਅਤੇ ਪੰਜਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦੇ ਨਾਲ-ਨਾਲ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ 3 ਅਪਰੈਲ ਤੋਂ ਦੁਬਾਰਾ ਲਿਖਤੀ ਪ੍ਰੀਖਿਆਵਾਂ ਲੈਣ ਦਾ ਫੈਸਲਾ ਲਿਆ ਸੀ ਲੇਕਿਨ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਬੋਰਡ ਨੇ ਹੁਣ ਅਣਮਿਥੇ ਸਮੇਂ ਲਈ ਉਕਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੁਬਾਰਾ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਪਹਿਲਾਂ ਤੋਂ ਜਾਰੀ ਕੀਤੀਆਂ ਗਈਆਂ ਡੇਟਸ਼ੀਟਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕਰਫਿਊ ਅਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਲਾਕਡਾਊਨ ਖ਼ਤਮ ਹੋਣ ਉਪਰੰਤ ਅੱਠਵੀਂ ਸ਼੍ਰੇਣੀ ਦੇ ਕੇਵਲ ਪ੍ਰਯੋਗੀ ਅਤੇ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਨਵੇਂ ਸਿਰਿਓਂ ਡੇਟਸ਼ੀਟ ਅਤੇ ਪ੍ਰੀਖਿਆਵਾਂ ਲੈਣ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਲੋੜੀਂਦੀ ਸੂਚਨਾ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਉਪਲਬਧ ਕਰਵਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲਾਂ 31 ਮਾਰਚ ਤੱਕ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕੀਤੇ ਜਾਣ ਨਾਲ ਅਪਰੈਲ ਦੇ ਪਹਿਲੇ ਤਿੰਨ ਦਿਨਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਜੋ ਜਾਣਕਾਰੀ ਅਧੂਰੀ ਰਹਿ ਗਈ ਸੀ, ਉਹ ਪ੍ਰੀਖਿਆਵਾਂ ਵੀ ਅੱਜ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕੰਟਰੋਲਰ (ਪ੍ਰੀਖਿਆਵਾਂ) ਵੱਲੋਂ ਪ੍ਰੀਖਿਆਰਥੀਆਂ ਅਤੇ ਸਬੰਧਤਾਂ ਲਈ ਸਪੱਸ਼ਟ ਕੀਤਾ ਗਿਆ ਕਿ ਸਾਰੀਆਂ ਹੀ ਬੋਰਡ ਪ੍ਰੀਖਿਆਵਾਂ ਹੁਣ ਅਣਮਿਥੇ ਸਮੇਂ ਲਈ ਮੁਲਤਵੀ ਹਨ ਅਤੇ ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ, ਤਾਲਾਬੰਦੀ ਅਤੇ ਕਰਫਿਊ ਦੀਆਂ ਰੋਕਾਂ ਖੁੱਲ੍ਹਣ ਤੋਂ ਬਾਅਦ ਕੀਤਾ ਜਾਵੇਗਾ। ਉਨ੍ਹਾਂ ਪ੍ਰੀਖਿਆਰਥੀਆਂ ਨੂੰ ਆਪਣੇ ਘਰਾਂ ਵਿੱਚ ਹੀ ਪੜ੍ਹਾਈ ਨਾਲ ਜੁੜੇ ਰਹਿਣ ਦੀ ਸਲਾਹ ਦਿੱਤੀ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…