
ਪੰਜਾਬ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਐਲਾਨਿਆ ਜਾਵੇਗਾ ਦਸਵੀਂ ਜਮਾਤ ਦਾ ਨਤੀਜਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਭਲਕੇ 26 ਮਈ ਨੂੰ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਸ਼ੁੱਕਰਵਾਰ ਨੂੰ ਸਵੇਰੇ ਸਾਢੇ 11 ਵਜੇ ਵਰਚੂਅਲ ਮੀਟਿੰਗ ਦੌਰਾਨ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰਨਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਪ੍ਰੀਖਿਆ ਲਈ 2600 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਜਿਨ੍ਹਾਂ ਵਿੱਚ ਤਕਰੀਬਨ ਤਿੰਨ ਲੱਖ ਤੋਂ ਵੱਧ ਵਿਦਿਆਰਥੀ ਅਪੀਅਰ ਹੋਏ ਸੀ। ਜਿਨ੍ਹਾਂ ਵਿੱਚ ਰੈਗੂਲਰ, ਓਪਨ ਸਕੂਲਾਂ ਦੇ ਵਿਦਿਆਰਥੀਆਂ, ਰੀ-ਅਪੀਅਰ ਅਤੇ ਕਾਰਗੁਜ਼ਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦਸਵੀਂ ਦੇ ਕੁੱਲ 46 ਵਿਸ਼ਿਆਂ ’ਚੋਂ ਪੰਜਾਬੀ, ਹਿੰਦੀ, ਅੰਗਰੇਜ਼ੀ ਸਮੇਤ ਛੇ ਲਾਜ਼ਮੀ ਵਿਸ਼ੇ ਹਨ ਜਦੋਂਕਿ ਤਿੰਨ ਗਰੇਡਿੰਗ ਵਿਸ਼ੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਇੱਕ ਦਿਨ ਬਾਅਦ 27 ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ www,pseb.ac.in ਅਤੇ www.indiaresults.com ’ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਦੋਵੇਂ ਵੈੱਬ-ਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।