ਪੰਜਾਬ ਮੰਤਰੀ ਮੰਡਲ ਦਾ ਵਿਸਥਾਰ 18 ਦਸੰਬਰ ਤੋਂ ਬਾਅਦ: ਕੈਪਟਨ ਅਮਰਿੰਦਰ ਸਿੰਘ

ਉੱਪ ਮੁੱਖ ਮੰਤਰੀ ਲਈ ਕਾਂਗਰਸ ਵਿੱਚ ਕੋਈ ਰਵਾਇਤ ਨਹੀਂ

ਕਿਸਾਨਾਂ ਦੀ ਕਰਜ਼ਾ ਮੁਆਫੀ ਤੇ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਮਿਉਂਸਪਲ ਚੋਣਾਂ ਤੋਂ ਬਾਅਦ ਸ਼ੁਰੂ ਹੋਵੇਗੀ

ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 7 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਕੈਬਨਿਟ ਦਾ ਵਿਸਥਾਰ 18 ਦਸੰਬਰ ਨੂੰ ਗੁਜਰਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਨਾਲ ਹੀ ਉੱਪ ਮੁੱਖ ਮੰਤਰੀ ਦੀ ਨਿਯੁਕਤੀ ਕੀਤੇ ਜਾਣ ਨੂੰ ਰੱਦ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਅਜਿਹੀ ਕੋਈ ਰਵਾਇਤ ਨਹੀਂ ਹੈ। ਮੁੱਖ ਮੰਤਰੀ ਨੇ ਅੱਜ ਸੂਬੇ ਦੇ ਸ਼ਹਿਰੀ ਵਿਕਾਸ ਲਈ ਕਾਂਗਰਸ ਦਾ ਦ੍ਰਿਸ਼ਟੀ ਪੱਤਰ ਜਾਰੀ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਗੱਲ ਆਖੀ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਅੌਜਲਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੁਝਾਅ ਨੂੰ ਰੱਦ ਕਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਬਹੁਤ ਚੋਣ ਵਾਅਦੇ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ਜਿਸ ਨਾਲ ਮਿਊਂਸਪਲ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ’ਤੇ ਅਸਰ ਪੈ ਸਕਦਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਅੱਠ ਮਹੀਨਿਆਂ ਵਿੱਚ ਸਾਰੇ ਚੋਣ ਵਾਅਦੇ ਲਾਗੂ ਕਰਨਾ ਸੰਭਵ ਹੀ ਨਹੀਂ ਤੇ ਉਹ ਵੀ ਉਸ ਵੇਲੇ ਜਦੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਾਡੀ ਸਰਕਾਰ ਨੂੰ ਖਾਲੀ ਖਜ਼ਾਨਾ ਵਿਰਾਸਤ ਵਿੱਚ ਦਿੱਤਾ। ਉਨ੍ਹਾਂ ਆਖਿਆ ਕਿ ਸੂਬਾ ਇਸ ਵੇਲੇ ਕਰਜ਼ੇ ਸਮੇਤ ਆਪਣੇ ਵਸੀਲੇ ਜਟਾਉਣ ਲਈ ਜਦੋ-ਜਹਿਦ ਕਰ ਰਿਹਾ ਹੈ ਤਾਂ ਕਿ ਆਪਣੀਆਂ ਜ਼ਿੰਮੇਵਾਰੀਆਂ ਅਤੇ ਚੋਣ ਵਾਅਦਿਆਂ ਨੂੰ ਪੂਰਾ ਕਰ ਸਕੇ।
ਮੁੱਖ ਮੰਤਰੀ ਨੇ ਆਖਿਆ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਚੋਣਾਂ ਤੋਂ ਬਾਅਦ ਸ਼ੁਰੂ ਹੋ ਜਾਵੇਗੀ ਅਤੇ ਸਮਾਰਟ ਫੋਨ ਛੇਤੀ ਵੰਡਣੇ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ ਅਸਲ ਵਿੱਚ ਸਾਰੀਆਂ ਚੀਜ਼ਾਂ ਵਸੀਲਿਆਂ ’ਤੇ ਨਿਰਭਰ ਹਨ ਜਿਸ ਦਾ ਪ੍ਰਬੰਧ ਕਰਨ ਨੂੰ ਸਮਾਂ ਲਗਦਾ ਹੈ। ਉਨ੍ਹਾਂ ਆਖਿਆ ਕਿ ਸਨਅਤ ਦੇ ਪੈਰਾਂ ਸਿਰ ਹੋਣ ਨਾਲ ਸੂਬੇ ਲਈ ਵਸੀਲੇ ਪੈਦਾ ਹੋਣ ਨੂੰ ਉਤਸ਼ਾਹ ਮਿਲੇਗਾ ਅਤੇ ਉਨ੍ਹਾਂ ਦੀ ਸਰਕਾਰ ਨੇ ਮਾਰਚ ਮਹੀਨੇ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ 50,000 ਕਰੋੜ ਰੁਪਏ ਦੇ ਸਮਝੌਤੇ ਸਹੀਬੰਦ ਕੀਤੇ ਹਨ। ਜੀ.ਐਸ.ਟੀ. ਦੇ ਮਾਮਲੇ ’ਤੇ ਮੁੱਖ ਮੰਤਰੀ ਨੇ ਆਖਿਆ ਕਿ ਸਮੱਸਿਆ ਤਾਂ ਇਸ ਨੂੰੂ ਲਾਗੂ ਕਰਨ ਵਿੱਚ ਹੈ ਕਿਉਂ ਜੋ ਕੇਂਦਰ ਸਰਕਾਰ ਵੱਲੋਂ ਸਮੁੱਚੀ ਸਥਿਤੀ ’ਤੇ ਵਿਚਾਰ ਕੀਤੇ ਜਾਣ ਤੋਂ ਬਿਨਾਂ ਹੀ ਇਸ ਨੂੰ ਲਾਗੂ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਆਬਕਾਰੀ ਨੀਤੀ ਵਿੱਚ ਤਬਦੀਲੀ ਕਰਨ ’ਤੇ ਵਿਚਾਰ ਕਰ ਰਹੀ ਹੈ ਜਿਸ ਨੂੰ ਸੂਬੇ ਲਈ ਹੋਰ ਵਧੇਰੇ ਆਕਰਸ਼ਿਤ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਰਲਾ, ਤਾਮਿਲਨਾਡੂ ਅਤੇ ਰਾਜਸਥਾਨ ਦੀਆਂ ਨੀਤੀਆਂ ਨੂੰ ਵੀ ਘੋਖਿਆ ਜਾ ਰਿਹਾ ਹੈ। ਪੰਜਾਬ ਵਿੱਚ ਅਗਾਮੀ ਮਿਊਂਸਪਲ ਚੋਣਾਂ ਸਬੰਧੀ ਮੁੱਖ ਮੰਤਰੀ ਨੇ ਟਿਕਟਾਂ ਦੀ ਵੰਡ ਵਿੱਚ ‘ਪਰਿਵਾਰਵਾਦ’ ਦੇ ਦੋਸ਼ਾਂ ਨੂੰ ਮੂਲੋਂ ਰੱਦ ਕਰਦਿਆਂ ਆਖਿਆ ਕਿ ਟਿਕਟਾਂ ਦੀ ਵੰਡ ਲਈ ਕਾਇਮ ਕੀਤੀ ਕਮੇਟੀ ਵੱਲੋਂ ਹਾਸਲ ਹੋਈ ਫੀਡਬੈਕ ਦੇ ਆਧਾਰ ’ਤੇ ਹੀ ਕਾਬਲ ਵਿਧਾਇਕਾਂ ਤੇ ਹੋਰ ਵਿਅਕਤੀਆਂ ਦੀ ਚੋਣ ਕੀਤੀ ਜਾ ਰਹੀ ਹੈ।
ਗੁਜਰਾਤ ਚੋਣਾਂ ਵਿੱਚ ਕਾਂਗਰਸ ਦੀ ਸਥਿਤੀ ਬਾਰੇ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਾਰਟੀ ਦੇ ਸੀਨੀਅਰ ਸਾਥੀ ਪਾਸਿਓਂ ਹਾਸਲ ਹੋਈ ਜਾਣਕਾਰੀ ਮੁਤਾਬਕ ਉਸ ਸੂਬੇ ਵਿੱਚ ਕਾਂਟੇ ਦੀ ਟੱਕਰ ਹੈ ਅਤੇ ਸ਼ਾਂਤ ਬੈਠੇ ਵੋਟਰਾਂ ਵੱਲੋਂ ਸਮੀਕਰਨਾਂ ਵਿੱਚ ਵੱਡਾ ਬਦਲਾਅ ਲਿਆਂਦੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੂੰ ਸਾਗਰੀ ਤੂਫਾਨ ਦੀ ਚੇਤਾਵਨੀ ਦੇ ਕਾਰਨ ਆਪਣੀ ਤਜਵੀਜ਼ਤ ਗੁਜਰਤਾ ਫੇਰੀ ਰੱਦ ਕਰਨੀ ਪਈ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਦਿੱਤੇ ਜਾਣ ਨਾਲ ਚੋਣਾਂ ’ਤੇ ਲਾਜ਼ਮੀ ਤੌਰ ਉੱਤੇ ਹਾਂ-ਪੱਖੀ ਪ੍ਰਭਾਵ ਪਵੇਗਾ।
ਗਰਮਖਿਆਲੀ ਤਾਕਤਾਂ ਵੱਲੋਂ ਪੰਜਾਬ ਦੀ ਅਮਨ-ਸ਼ਾਂਤੀ ਤੇ ਸਥਿਰਤਾ ਨੂੰ ਭੰਗ ਕਰਨ ਦੀਆਂ ਹਾਲ ਹੀ ਵਿੱਚ ਕੀਤੀਆਂ ਗਈਆਂ ਕੋਸ਼ਿਸ਼ਾਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਤੱਤਾਂ ’ਤੇ ਕਾਰਵਾਈ ਕਰਨ ਲਈ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤਾਕਤਾਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ ’ਤੇ ਕੈਨੇਡਾ, ਅਮਰੀਕਾ, ਯੂ.ਕੇ. ਅਤੇ ਜਰਮਨੀ ਸਮੇਤ ਬਾਹਰੀ ਮੁਲਕਾਂ ਤੋਂ ਕੰਮ ਕਰ ਰਹੀਆਂ ਹਨ ਅਤੇ ਹਾਲ ਹੀ ਵਿੱਚ ਕੀਤੀਆਂ ਗ੍ਰਿਫਤਾਰੀਆਂ ਨੇ ਇਹ ਗੱਲ ਸਿੱਧ ਕਰ ਦਿੱਤੀ ਹੈ।
ਗਰਮਖਿਆਲੀ ਤਾਕਤਾਂ ਦੀ ਮਦਦ ਕਰਨ ਲਈ ਜੇਲ੍ਹਾਂ ’ਚ ਸਰਗਰਮ ਗੈਂਗਸਟਰਾਂ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਜੇਲ੍ਹਾਂ ਵਿੱਚ 2ਜੀ ਜੈਮਰਾਂ ਨੂੰ 4ਜੀ ਜੈਮਰਾਂ ਵਿੱਚ ਬਦਲਣ ਸਮੇਤ ਸੰਚਾਰ ਵਿਧੀ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ। ਸੂਬੇ ਵਿੱਚ ਕੇਬਲ ਅਧਿਕਾਰਾਂ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਪੱਖਪਾਤੀ ਭੂਮਿਕਾ ਨਹੀਂ ਨਿਭਾਏਗੀ ਸਗੋਂ ਪ੍ਰੈਸ ਦੀ ਆਜ਼ਾਦੀ ਦੇ ਹਿੱਤ ਵਿੱਚ ਹਰੇਕ ਨੂੰ ਬਰਾਬਰ ਮੌਕੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਓ:ਪੀ: ਸੋਨੀ, ਡਾ: ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਤਰਸੇਮ ਸਿੰਘ ਡੀ:ਸੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…