nabaz-e-punjab.com

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਅਲੀ ਏਜੰਟਾਂ ਨੂੰ ਠੱਲ੍ਹ ਪਾਉਣ ਲਈ ਵਿਸ਼ਵ ਪੱਧਰੀ ਉੱਘੇ ਸਲਾਹਕਾਰ /ਏਜੰਸੀ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਨਵੰਬਰ-
ਜਾਅਲੀ ਟ੍ਰੈਵਲ ਏਜੰਟਾਂ ਅਤੇ ਵਿਦੇਸ਼ਾਂ ‘ਚ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀਆਂ ਏਜੰਸੀਆਂ ਵਿਰੁੱਧ ਸਰਕਾਰ ਦੀ ਤਿੱਖੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੜ੍ਹਾਈ ਜਾਂ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਅੰਤਰਰਾਸ਼ਟਰੀ ਪੱਧਰ ਦੇ ਸਲਾਹਕਾਰ ਜਾਂ ਏਜੰਸੀ ਦੀਆਂ ਸੇਵਾਵਾਂ ਲੈਣ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਅੱਜ ਇਥੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ (ਪੀ.ਜੀ.ਆਰ.ਕੇ.ਏ.ਐਮ) ਦੀ ਗਵਰਨਿੰਗ ਕੌਂਸਿਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਵਿਭਿੰਨ ਰੋਜ਼ਗਾਰ ਉਤਪਤੀ ਸਕੀਮਾਂ ਨੂੰ ਲਾਗੂ ਕਰਨ ਲਈ ਪ੍ਰਭਾਵੀ ਤਾਲਮੇਲ ਨੂੰ ਯਕੀਨੀ ਬਣਾਉਣ ਵਾਸਤੇ ਪ੍ਰਭਾਵਸ਼ਾਲੀ ਤੇ ਅਸਰਦਾਇਕ ਰੂਪ-ਰੇਖਾ ਤਿਆਰ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਲਈ ਵਿਦੇਸ਼ਾਂ ਵਿੱਚ ਰੋਜ਼ਗਾਰ ਦੇ ਢੁੱਕਵੇ ਮੌਕੇ ਮੁਹੱਈਆ ਕਰਵਾਉਣ ਲਈ ਢੰਗ-ਤਰੀਕੇ ਲੱਭੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਵਿਸ਼ਵ ਪੱਧਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਧੀਆ ਪੜ੍ਹਾਈ ਦੀ ਸੰਭਾਵਨਾਵਾਂ ਦੇ ਨਾਲ-ਨਾਲ ਨੌਜਵਾਨਾਂ ਦੀ ਵਿਦਿਅਕ ਯੋਗਤਾ ਦੇ ਅਨੁਸਾਰ ਵਿਦੇਸ਼ਾਂ ਵਿੱਚ ਨੌਕਰੀਆਂ ਦੀ ਸ਼ਨਾਖਤ ਦਾ ਖਾਕਾ ਤਿਆਰ ਕਰਨ ਵਾਸਤੇ ਵੀ ਵਿਸ਼ਵ ਪੱਧਰ ਦੇ ਸਲਾਹਕਾਰ ਜਾਂ ਏਜੰਸੀ ਦੀਆਂ ਸੇਵਾਵਾਂ ਲੈਣ ਦਾ ਸੁਝਾਅ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਸਲਾਹਕਾਰ ਪੰਜਾਬੀ ਨੌਜਵਾਨਾਂ ਦੀ ਤਾਇਨਾਤੀ/ਨੌਕਰੀਆਂ ਦਿਵਾਉਣ ਦੇ ਲਈ ਵੀ ਸੁਵਿਧਾ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਨੂੰ ਪੜ੍ਹਾਈ ਵੀਜ਼ੇ ਲਈ ਵਿਦੇਸ਼ ਭੇਜੇਗਾ। ਉਨ੍ਹਾਂ ਨੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਆਈਲੇਟਜ ਦੀ ਕੋਚਿੰਗ ਪ੍ਰਾਪਤ ਕਰਨ ਲਈ ਕਸੌਟੀ ਸਥਾਪਤ ਕਰਨ ਅਤੇ 24 ਘੰਟੇ ਚਲਣ ਵਾਲੀ ਹੈਲਪਲਾਈਨ ਸ਼ੁਰੂ ਕਰਨ ਵਾਸਤੇ ਵਿਧੀ ਵਿਧਾਨ ਤਿਆਰ ਕਰਨ ਲਈ ਵਾਜ਼ਿਬ ਦਰ ਦੇ ਸਲਾਹਕਾਰ/ਏਜੰਸੀ ਦੀ ਸੇਵਾਵਾਂ ਪ੍ਰਾਪਤ ਕਰਨ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤਾ ਹੈ।
ਸੂਬੇ ਵਿੱਚ ਵਿਸ਼ਵ ਮੁਕਾਬਲੇਬਾਜੀ ਅਤੇ ਪ੍ਰਵਾਨਿਤ ਮਾਨਵੀ ਸ੍ਰੋਤਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬੇਰੁਜਗਾਰ ਨੌਜਵਾਨਾਂ ਦੇ ਲਈ ਵੇਜ਼ ਅਤੇ ਸਵੈ-ਰੋਜਗਾਰ ਸੁਵਿਧਾਵਾਂ ਲਈ ਲੋੜੀਂਦਾ ਢਾਂਚਾ ਪੈਦਾ ਕਰਨ ਦੇ ਨਾਲ-ਨਾਲ ਹੁਨਰ ਸਿਖਲਾਈ/ਹੁਨਰ ਦੇ ਪੱਧਰ ਨੂੰ ਉਚਿਆ ਕੇ ਰੋਜ਼ਗਾਰ ਪ੍ਰਾਪਤੀ ਮੌਕਿਆਂ ਵਿੱਚ ਸੁਧਾਰ ਲਿਆਉਣ ਵਾਸਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਰੋਜ਼ਗਾਰ ਉਤਪਤੀ ਲਈ ਸਮਰੱਥਾ ਰੱਖਦੇ ਖੇਤਰਾਂ ਦੀ ਸ਼ਨਾਖਤ ਕਰਨ ਅਤੇ ਸਰਕਾਰੀ ਦਖਲ ਦੇ ਨਾਲ ਇਨ੍ਹਾਂ ਮੌਕਿਆਂ ਦਾ ਫਾਇਦਾ ਉਠਾਉਣ ਲਈ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਦੀ ਵੀ ਵੱਧ ਤੋਂ ਵੱਧ ਵਰਤੋਂ ਕੀਤੇ ਜਾਣ ਲਈ ਪੀ.ਜੀ.ਆਰ.ਕੇ.ਏ.ਐਮ ਨੂੰ ਆਖਿਆ ਹੈ। ਇਸ ਦੇ ਨਾਲ ਹੀ ਬੇਰੁਜਗਾਰ ਨੌਜਵਾਨਾਂ ਦੀ ਵਧ ਤੋਂ ਵਧ ਗਿਣਤੀ ਵਿੱਚ ਮੌਜੂਦਾ ਡਿਜੀਟਲ ਪੋਰਟਲ ਉੱਤੇ ਰਜਿਸਟਰੇਸ਼ਨ ਦੇ ਖੇਤਰ ਨੂੰ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ ਤਾਂ ਜੋ ਉਹ ਘਰ-ਘਰ ਰੋਜ਼ਗਾਰ ਯੋਜਨਾ ਹੇਠ ਸੂਬਾ ਪੱਧਰੀ ਰੋਜ਼ਗਾਰ ਮੁਹਿੰਮ ਤੋਂ ਫਾਇਦਾ ਉਠਾ ਸਕੱਣ। ਮੀਟਿੰਗ ਦੇ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 1 ਅਪਰੈਲ, 2017 ਤੋਂ 31 ਅਕਤੂਬਰ, 2018 ਤੱਕ ਇਸ ਪ੍ਰੋਗਰਾਮ ਦੇ ਹੇਠ 4,01,300 ਨੌਜਵਾਨਾਂ ਨੇ ਲਾਭਦਾਇਕ ਰੋਜ਼ਗਾਰ ਪ੍ਰਾਪਤ ਕੀਤਾ ਹੈ। ਸੂਬੇ, ਦੇਸ਼ ਅਤੇ ਵਿਦੇਸ਼ਾਂ ਵਿੱਚ ਨੌਜਵਾਨਾਂ ਲਈ ਨੌਕਰੀ ਦੇ ਹੋਰ ਮੌਕੇ ਪੈਦਾ ਕਰਨ ਲਈ ਧਿਆਨ ਕੇਂਦ੍ਰਿਤ ਕਰਨ ਦੇ ਲਈ ਮੁੱਖ ਮੰਤਰੀ ਦੇ ਇਨ੍ਹਾਂ ਟੀਚਿਆਂ ਦੀ ਪ੍ਰਗਤੀ ਦਾ ਜ਼ਾਇਜਾ ਲੈਣ ਲਈ ਹਰੇਕ ਮਹੀਨੇ ਦੀ 10 ਤਰੀਖ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰੀ ਨੌਕਰੀਆਂ ਲਈ ਅਰਜ਼ੀ ਦੇਣ ਵਾਸਤੇ ਨੌਜਵਾਨਾਂ ਨੂੰ ਮਿਸ਼ਨ ਸਹੂਲਤਾਂ ਮੁਹੱਈਆ ਕਰਾਏਗਾ। ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਦੀ ਅਗਵਾਈ ਵਿੱਚ ਇਕ ਕਮੇਟੀ ਦਾ ਗਠਨ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ ਜਿਸ ਦੇ ਵਿੱਚ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੇ ਸਕੱਤਰ ਅਤੇ ਡਾਇਰੈਕਟਰ ਮੈਂਬਰ ਹੋਣਗੇ। ਇਹ ਦਫਤਰ ਦੀ ਇਮਾਰਤ, ਲੋੜੀਂਦੇ ਸਟਾਫ ਦੀ ਭਰਤੀ ਅਤੇ ਪੀ.ਜੀ.ਆਰ.ਕੇ.ਏ.ਐਮ ਲਈ ਵਿੱਤੀ ਲੋੜਾਂ ਬਾਰੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਵੇਗੀ। ਉਨ੍ਹਾਂ ਨੇ ਨੌਕਰੀਆਂ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲਿਆਂ, ਮੁਹੱਈਆ ਕਰਵਾਈਆਂ ਗਈਆਂ ਨੌਕਰੀਆਂ ਅਤੇ ਇਸ ਸਬੰਧੀ ਹੋਰ ਅੰਕੜਿਆਂ ਸਬੰਧੀ ਡਾਟਾ ਤਿਆਰ ਕਰਨ ਲਈ ਕਾਰਜ ਯੋਜਨਾ ਤਿਆਰ ਕਰਨ ਵਾਸਤੇ ਪੀ.ਜੀ.ਆਰ.ਕੇ.ਏ.ਐਮ ਨੂੰ ਆਖਿਆ ਹੈ ਜਿਸਦਾ ਅੱਗ ਹੋਰ ਵੀ ਲਾਭ ਹੋਵੇਗਾ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਪੀ.ਜੀ.ਆਰ.ਕੇ.ਏ.ਐਮ ਖਾਹਿਸ਼ਮੰਦਾ ਨੂੰ ਮਿਆਰੀ ਕੋਚਿੰਗ ਮੁਹੱਈਆ ਕਰਵਾਉਣ ਲਈ ਕੋਚਿੰਗ ਇੰਸਟੀਚਿਊੁਟ/ਏਜੰਸੀਆਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀ ਸੰਭਾਵਨਾਵਾਂ ਦਾ ਪਤਾ ਲਾਵੇਗਾ। ਇਸ ਦਾ ਉਦੇਸ਼ ਸਾਰਿਆ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ ਅਤੇ ਹਾਸ਼ੀਏ ‘ਤੇ ਪਹੁੰਚੇ ਅਤੇ ਹੱਕਦਾਰ ਖਾਹਿਸ਼ਮੰਦਾਂ ਲਈ ਵੱਧੀਆ ਮੌਕੇ ਪੈਦਾ ਕਰਨਾ ਹੈ ਤਾਂ ਜੋ ਉਹ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਲਏ ਜਾ ਰਹੇ ਮੁਕਾਬਲੇ ਦੇ ਇਮਤਿਹਾਨਾਂ ਵਿੱਚ ਵਧੀਆ ਕਾਰਗੁਜਾਰੀ ਦਿਖਾ ਸਕੱਣ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਉਦਯੋਗ, ਕਾਮਰਸ ਅਤੇ ਆਈ.ਟੀ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਕਿਰਤ ਤੇ ਰੋਜ਼ਗਾਰ ਆਰ ਵੈਂਕਟਾਰਤਨਮ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਗੁਰਕਿਰਤ ਕਿਰਪਾਲ ਸਿੰਘ, ਸਕੱਤਰ ਰੋਜ਼ਗਾਰ ਉਤਪਤੀ ਵਿਭਾਗ ਡੀ.ਕੇ ਤਿਵਾੜੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …