nabaz-e-punjab.com

ਮੁੱਖ ਮੰਤਰੀ ਵੱਲੋਂ ਐਸਵਾਈਐਲ ਨਹਿਰ ਦੇ ਮੱੁਦੇ ਦੇ ਹੱਲ ਲਈ ਸੁਪਰੀਮ ਕੋਰਟ ਵੱਲੋਂ 2 ਮਹੀਨੇ ਦਾ ਸਮਾਂ ਦੇਣ ਦੇ ਫੈਸਲੇ ਦਾ ਸੁਆਗਤ

ਮਸਲੇ ਦਾ ਹੱਲ ਛੇਤੀ ਤੋਂ ਛੇਤੀ ਕੱਢਣ ਕਰਨ ਲਈ ਹਰਿਆਣਾ ਨਾਲ ਗੱਲਬਾਤ ਸ਼ੁਰੂ ਕਰਨ ਵਾਸਤੇ ਕੇਂਦਰ ਨੂੰ ਅੱਗੇ ਵਧਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਜੁਲਾਈ
ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵੱਲੋਂ ਦੋ ਮਹੀਨਿਆਂ ਦਾ ਸਮਾਂ ਦੇਣ ਦਾ ਸੁਆਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ ਹੱਲ ਛੇਤੀ ਕੱਢਣ ਲਈ ਹਰਿਆਣਾ ਨਾਲ ਗੱਲਬਾਤ ਤੋਰਨ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਸਮੱਸਿਆ ਦਾ ਹੱਲ ਆਪਸੀ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਜ਼ਰੂਰੀ ਵਸੀਲੇ ਤੋਂ ਕਿਸੇ ਨੂੰ ਵੀ ਵਾਂਝਾ ਨਹੀਂ ਰੱਖਣਾ ਚਾਹੁੰਦਾ ਪਰ ਸੂਬੇ ਵਿੱਚ ਪਾਣੀ ਦੀ ਗੰਭੀਰ ਥੁੜ੍ਹ ਇਸ ਅਹਿਮ ਸਰੋਤ ਨੂੰ ਕਿਸੇ ਨਾਲ ਸਾਂਝਾ ਕਰਨ ਤੋਂ ਰੋਕਦੀ ਹੈ। ਸੂਬਾ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਪਾਣੀ ਦੀ ਮੌਜੂਦਾ ਸਥਿਤੀ ਦਾ ਪਤਾ ਲਾਉਣ ਅਤੇ ਇਸ ਦੀ ਸੰਭਾਲ ਲਈ ਢੁਕਵੇਂ ਕਦਮ ਚੁੱਕਣ ਵਾਸਤੇ ਜ਼ਮੀਨਦੋਜ਼ ਪਾਣੀ ਪ੍ਰਬੰਧਨ ਬਾਰੇ ਵਿਭਾਗ ਦਾ ਗਠਨ ਵੱਖਰੇ ਤੌਰ ’ਤੇ ਕੀਤਾ ਗਿਆ।
ਮੁੱਖ ਮੰਤਰੀ ਨੇ ਆਖਿਆ ਕਿ ਉਪਰਲੇ ਇਲਾਕਿਆਂ ’ਚ ਗਲੇਸ਼ੀਅਰ ਦੇ ਪਿਘਲਣ ਨਾਲ ਪਿਛਲੇ ਕੁਝ ਸਾਲਾਂ ’ਚ ਪੰਜਾਬ ਦੇ ਦਰਿਆਵਾਂ ਵਿਚ ਪਾਣੀ ਘਟਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪਾਣੀ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਾਉਂਦਿਆਂ ਇਸ ਮਸਲੇ ਦਾ ਸੁਖਾਵਾਂ ਹੱਲ ਲੱਭਣ ਲਈ ਛੇਤੀ ਤੋਂ ਛੇਤੀ ਗੱਲਬਾਤ ਦਾ ਦੌਰ ਚਲਾਉਣ ਦੀ ਅਪੀਲ ਕੀਤੀ। ਇਸ ਮਸਲੇ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਲਈ ਕੇਂਦਰ ਸਰਕਾਰ ਵੱਲੋਂ ਦਿਖਾਈ ਦਿਲਚਸਪੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਸਬੰਧਤ ਧਿਰਾਂ ਵੱਲੋਂ ਮਿਲ-ਬੈਠ ਕੇ ਅਤੇ ਸਮੱਸਿਆ ਦੇ ਸਾਰੇ ਪਹਿਲੂ ਵਿਚਾਰ ਕੇ ਇਸ ਮਸਲੇ ਦਾ ਹੱਲ ਕੀਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਲੋਕਾਂ ਦੇ ਪ੍ਰਦਰਸ਼ਨ ਨੂੰ ਰੋਕਣ ਬਾਰੇ ਜਾਰੀ ਕੀਤੇ ਹੁਕਮਾਂ ਦਾ ਸਵਾਗਤ ਕਰਦਿਆਂ ਆਖਿਆ ਕਿ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਇਸ ਮਸਲੇ ’ਤੇ ਹਿੰਸਾ ਦਾ ਸੇਕ ਝੱਲ ਸਕਦਾ ਹੈ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…