ਪੰਜਾਬ ਕਾਂਗਰਸ ਦਾ ਚੋਣ ਮਨੋਰਥ ਪੱਤਰ ਮਹਿਜ਼ ਡਰਾਮੇਬਾਜ਼ੀ: ਆਪ

ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਹੁੰਦਿਆਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਦੇ ਉਲਟ ਕੰਮ ਕੀਤਾ: ਫੂਲਕਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਾਂਗਰਸ ਵੱਲੋਂ ਦਿੱਲੀ ਵਿੱਚ ਜਾਰੀ ਕੀਤੇ ਗਏ ਪੰਜਾਬ ਕਾਂਗਰਸ ਚੋਣ ਮਨੋਰਥ ਪੱਤਰ ਨੂੰ ਡਰਾਮੇਬਾਜ਼ੀ ਦੱਸਦਿਆਂ ਕਿਹਾ ਕਿ ਇਹ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਇਸ ਦਸਤਾਵੇਜ਼ ਵਿੱਚ ਕੁੱਝ ਵੀ ਸੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਵੇਲੇ ਕਾਂਗਰਸ ਵੱਲੋਂ ਦਿੱਲੀ ਵਿੱਚ ਚੋਣ ਮਨੋਰਥ ਪੱਤਰ ਜਾਰੀ ਕਰਨ ਵੇਲੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਨਾ ਪਹੁੰਚਣਾ ਕਾਫੀ ਕੁੱਝ ਕਹਿ ਰਿਹਾ ਹੈ। ਕਿਉਂਕਿ ਉਹ ਐਸਵਾਈਐਲ ਉੱਤੇ ਸਵਾਲਾਂ ਤੋਂ ਬਚਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਬਾਰੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਕਿਉਂਕਿ ਕਪੂਰੀ ਵਿੱਚ ਕੈਪਟਨ ਅਮਰਿੰਦਰ ਦੀ ਮੌਜੂਦਗੀ ਵਿੱਚ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਟੱਕ ਲਗਾਇਆ ਸੀ ਅਤੇ ਕੈਪਟਨ ਖ਼ੁਦ ਚਾਂਦੀ ਦੀ ਕਹੀ ਦਿੱਤੀ ਸੀ।
ਕਾਂਗਰਸੀ ਆਗੂਆਂ ਨੂੰ ਚੁਣੌਤੀ ਦਿੰਦਿਆਂ ਫੂਲਕਾ ਨੇ ਕਿਹਾ ਕਿ ਜੇਕਰ ਕਾਂਗਰਸ ਐਸਵਾਈਐਲ ਦੇ ਮੁੱਦੇ ਉਤੇ ਗੰਭੀਰ ਹੈ ਤਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ 24 ਘੰਟਿਆਂ ਅੰਦਰ ਪੰਜਾਬ ਦੇ ਹੱਕ ਵਿੱਚ ਬਿਆਨ ਜਾਰੀ ਕਰਨਾ ਚਾਹੀਦਾ ਹੈ। ਫੂਲਕਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਕਾਂਗਰਸ ਨੇ ਚੋਣ ਮਨੋਰਥ ਪੱਥਰ ਪੰਜਾਬ ਦੀ ਬਜਾਏ ਦਿੱਲੀ ਤੋਂ ਜਾਰੀ ਕੀਤਾ, ਜਦਕਿ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਚੋਣ ਮਨੋਰਥ ਪੱਤਰ ਲੋਕਾਂ ਵਿੱਚ ਜਾ ਕੇ ਪੰਜਾਬ ਵਿੱਚ ਹੀ ਰਿਲੀਜ ਕੀਤੇ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਪਾਰਟੀ ਪੰਜਾਬ ਦੇ ਸੱਭਿਆਚਾਰ ਅਤੇ ਪ੍ਰੰਪਰਾਵਾਂ ਨਾਲ ਡੂੰਘਾਈ ਤੱਕ ਜੁੜੀ ਹੋਈ ਹੈ। ਆਗਾਮੀ ਵਿਧਾਨ ਚੋਣਾਂ ਲਈ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਫੂਲਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਘਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਹੈ। ਇਸ ਵਾਅਦੇ ਅਨੁਸਾਰ ਪੰਜਾਬ ਵਿੱਚ 55 ਲੱਖ ਨੌਕਰੀਆਂ ਮੁਹੱਈਆ ਕਰਵਾਉਣੀਆਂ ਪੈਣਗੀਆਂ, ਜੋ ਕਿ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁੱਝ ਵੀ ਨਹੀਂ ਹੈ।
ਸ੍ਰੀ ਫੂਲਕਾ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਕੇਂਦਰ ਸਰਕਾਰ ਦੀ ਵੀ ਵੱਧ ਤੋਂ ਵੱਧ 50 ਲੱਖ ਨੌਕਰੀਆਂ ਪ੍ਰਦਾਨ ਕਰਵਾਉਣ ਦੀ ਸਮਰਥਾ ਅਤੇ ਦਾਇਰਾ ਹੈ ਜਦੋਂ ਕਿ ਕੇਂਦਰ ਵੱਲੋਂ ਸਭ ਤੋਂ ਵੱਡੇ ਵਿਭਾਗਾਂ ਜਿਵੇਂ ਰੇਲਵੇ ਅਤੇ ਫੌਜ ਵਿੱਚ ਬਹੁਤ ਜ਼ਿਆਦਾ ਭਰਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਭਰਮਾਉਣ ਲਈ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਕੈਪਟਨ ਨੂੰ ਐਨਾ ਵੀ ਪਤਾ ਨਹੀਂ ਕਿ ਪੰਜਾਬ ਵਿੱਚ ਲਗਭਗ ਚਾਰ ਲੱਖ ਸਰਕਾਰੀ ਕਰਮਚਾਰੀ ਹਨ ਅਤੇ ਇੱਕ ਲੱਖ ਦੇ ਕਰੀਬ ਸੇਵਾਮੁਕਤ ਕਰਮਚਾਰੀ ਪੈਨਸ਼ਨ ਲੈਣ ਵਾਲੇ ਹਨ। ਫੂਲਕਾ ਨੇ ਕਿਹਾ ਲੋਕ ਕੈਪਟਨ ਅਮਰਿੰਦਰ ਸਿੰਘ ਦਾ ਭਰੋਸਾ ਕਿਓਂ ਕਰਨਗੇ ਕਿਉਂਕਿ 2002 ਦੀ ਵਿਧਾਨ ਸਭਾ ਚੋਣਾਂ ਵਿੱਚ ਉਨਾਂ ਨੇ ਆਪਣੇ ਮੈਨੀਫੈਸਟੋ ਵਿੱਚ ਰੋਜਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਮੁੱਖ ਮੰਤਰੀ ਬਣਦਿਆਂ ਹੀ ਇਸ ਦੇ ਉਲਟ ਕੰਮ ਕੀਤਾ।
ਆਪ ਆਗੂ ਨੇ ਕਿਹਾ ਕਿ ਇਹ ਉਹੀ ਕੈਪਟਨ ਅਮਰਿੰਦਰ ਸਿੰਘ ਹੈ, ਜਿਸ ਨੇ 2002 ਵਿੱਚ ਸੱਤਾ ਸੰਭਾਲਦਿਆਂ ਹੀ ਨੌਕਰੀਆਂ ਉਤੇ ਪਾਬੰਦੀ ਲਗਾ ਦਿੱਤੀ ਸੀ। ਸਿਰਫ ਐਨਾ ਹੀ ਨਹੀਂ, ਕੈਪਟਨ ਅਮਰਿੰਦਰ ਸਿੰਘ ਨੇ ਪੈਨਸ਼ਨ ਬੰਦ ਕਰਨ ਅਤੇ ਕਰਮਚਾਰੀਆਂ ਲਈ ਜਾਰੀ ਹੋਰ ਭਲਾਈ ਸਕੀਮਾਂ ਨੂੰ ਬੰਦ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ। ਫੂਲਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾਅਵਾ ਕਰਦੇ ਹਨ ਕਿ ਉਹ ਕਿਸਾਨ ਹਿਤੈਸ਼ੀ ਹਨ ਪਰ ਉਨ੍ਹਾਂ ਦੇ ਮੁੱਖ ਮੰਤਰੀ ਰਹਿੰਦਿਆਂ ਜਦੋਂ ਕਿਸਾਨ ਨੂੰ ਮਜਬੂਰ ਹੋ ਕੇ ਖੁਦਕੁਸ਼ੀ ਕਰਨੀ ਪਈ, ਤਾਂ ਉਨਾਂ ਨੇ ਪੀੜਤ ਪਰਿਵਾਰ ਦੇ ਦੁਖ ਵੰਡਾਉਣ ਦੀ ਬਜਾਏ ਮੁਆਵਜੇ ਦੇ ਬਣਦਾ ਚੈਕ ਵੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਉਹੀ ਕੈਪਟਨ ਅਮਰਿੰਦਰ ਸਿੰਘ ਹੈ, ਜਿਸਨ ਸੱਤਾ ਸੰਭਾਲਦਿਆਂ ਹੀ ਕਿਸਾਨਾਂ ਨੂੰ ਮੁਫਤ ਵਿੱਚ ਦਿੱਤੀ ਜਾ ਰਹੀ ਬਿਜਲੀ ਦੀ ਸਹੂਲਤ ਨੂੰ ਵਾਪਿਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ 2002 ਤੋਂ 2007 ਤੱਕ ਮੁੱਖ ਮੰਤਰੀ ਦੇ ਅਹੁਦੇ ਉਤੇ ਰਹਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਕੋਈ ਸਾਰ ਨਹੀਂ ਲਈ ਜੋ ਕਿ ਵੱਡੇ ਕਰਜੇ ਦੇ ਬੋਝ ਥੱਲੇ ਦਬੇ ਹੋਏ ਸਨ।
ਸ੍ਰੀ ਫੂਲਕਾ ਨੇ ਕਿਹਾ ਕਿ ਆਪ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਦਾ ਕਰਜਾ ਦਸੰਬਰ 2018 ਤੱਕ ਮਾਫ ਕਰ ਦਿੱਤਾ ਜਾਵੇਗਾ, ਜਦਕਿ ਕਾਂਗਰਸ ਨੇ ਚੋਣ ਮਨੋਰਥ ਪੱਤਰ ਵਿੱਚ ਵੱਡੇ ਕਿਸਾਨਾਂ ਜਿਵੇਂ ਕੈਪਟਨ ਅਮਰਿੰਦਰ ਅਤੇ ਮਨਪ੍ਰੀਤ ਬਾਦਲ ਵਰਗੇ ਰਹੀਸਾਂ ਦਾ ਕਰਜਾ ਮਾਫ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਾਂਗਰਸ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਓਆਰਓਪੀ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਹੈ। ਜਦਕਿ 2004 ਤੋਂ 2014 ਤੱਕ ਦਸ ਸਾਲ ਕਾਂਗਰਸ ਕੇਂਦਰੀ ਸੱਤਾ ਉਤੇ ਕਾਬਜ ਰਹੀ, ਤਾਂ ਕਾਂਗਰਸ ਵੱਲੋਂ ਉਸ ਸਮੇਂ ਓਆਰਓਪੀ ਸਕੀਮ ਲਾਗੂ ਕਿਓਂ ਨਾ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਕਾਂਗਰਸ ਵੱਲੋਂ ਲੋਕਾਂ ਨੂੰ ਮੂਰਖ ਸਮਝਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…