Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਛੋਟੀਆਂ ਕਲਾਸਾਂ ਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ’ਤੇ ਜ਼ੋਰ ਸਕੂਲ ਬੋਰਡ ਵੱਲੋਂ ਮਾਰਚ 2020 ਵਿੱਚ ਲਈ ਜਾਵੇਗੀ 5ਵੀਂ ਤੇ 8ਵੀਂ ਸ਼੍ਰੇਣੀ ਦੇ ਬੱਚਿਆਂ ਦੀ ਪ੍ਰੀਖਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਛੋਟੀਆਂ ਕਲਾਸਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੌਜੂਦਾ ਪਾਠਕ੍ਰਮ ਵਿੱਚ ਲੋੜ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਭਵਿੱਖ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੂੰ ਅੰਗਰੇਜ਼ੀ ਮਾਧਿਅਮ ਦੀ ਪੜ੍ਹਾਈ ਕਰਵਾਉਣ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਬੋਰਡ ਦੇ ਮੁਖੀ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ ਸਟੇਟ ਕੌਂਸਲ ਆਫ਼ ਐਜੂਕੇਸ਼ਨ ਐਂਡ ਟਰੇਨਿੰਗ (ਐਸਸੀਈਆਰਟੀ) ਦੀ ਸਲਾਹ ਨਾਲ ਪੰਜਵੀਂ ਅਤੇ ਅੱਠਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਬੋਰਡ ਵੱਲੋਂ ਨਿਰਧਾਰਿਤ ਕੀਤੇ ਕਾਰਜਕ੍ਰਮ ਅਨੁਸਾਰ ਲਈਆਂ ਜਾਣਗੀਆਂ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਸ੍ਰੀ ਕੋਹੀਆ ਨੇ ਦੱਸਿਆ ਕਿ ਫਿਲਹਾਲ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਦੀ ਪ੍ਰੀਖਿਆ ਐਸਸੀਈਆਰਟੀ ਦੇ ਪੁਰਾਣੇ ਪਾਠਕ੍ਰਮ ਮੁਤਾਬਕ ਹੀ ਲਈ ਜਾਵੇਗੀ ਅਤੇ ਭਵਿੱਖ ਵਿੱਚ ਜੇਕਰ ਲੋੜ ਮਹਿਸੂਸ ਹੋਈ ਤਾਂ ਮੌਜੂਦਾ ਸਮੇਂ ਪਾਠਕ੍ਰਮ ਨੂੰ ਕੁਝ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ ਜਾਵੇਗਾ ਤਾਂ ਜੋ ਸਕੂਲੀ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਅਗਲੇ ਸਾਲ ਤੋਂ ਲਈ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਗਲੇ ਇਕ ਦੋ ਦਿਨਾਂ ਤੱਕ ਬੋਰਡ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਇੰਚਾਰਜਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਜਦੋਂਕਿ ਇਨ੍ਹਾਂ ਪ੍ਰੀਖਿਆਵਾਂ ਲਈ ਬਣਾਈਆਂ ਜਾਣ ਵਾਲੀਆਂ ਨਵੀਆਂ ਪ੍ਰੀਖਿਆ ਸ਼ਾਖਾਵਾਂ ਲਈ ਲੋੜੀਂਦਾ ਸਟਾਫ਼ ਮੁਹੱਈਆ ਕਰਵਾਉਣ ਲਈ ਨੀਤੀ ਬਣਾਉਣ ਬਾਰੇ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬੋਰਡ ਮੁਖੀ ਨੇ ਦੱਸਿਆ ਕਿ ਪੰਜਾਬ ਬੋਰਡ ਆਪਣੀ ਨੀਤੀ ਮੁਤਾਬਕ ਪ੍ਰੀਖਿਆ ਪਾਸ ਕਰਨ ਲਈ ਮਾਪਦੰਡ ਨਿਰਧਾਰਿਤ ਕਰੇਗਾ। ਇਸ ਤੋਂ ਇਲਾਵਾ ਪ੍ਰੀਖਿਆ ਪਾਸ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਵਿਦਿਆਰਥੀਆਂ ਦੀ ਦੋ ਮਹੀਨਿਆਂ ਦੇ ਅੰਦਰ-ਅੰਦਰ ਲਾਜ਼ਮੀ ਸਿੱਖਿਆ ਅਧਿਕਾਰ ਐਕਟ 2009’ ਤਹਿਤ ਮੁੜ ਕੰਪਾਰਟਮੈਂਟ ਪ੍ਰੀਖਿਆ ਲਈ ਜਾਵੇਗੀ। ਵਿਦਿਆਰਥੀ ਦੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਅਤੇ ਬੋਰਡ ਵੱਲੋਂ 2 ਮਹੀਨਿਆਂ ਵਿੱਚ ਲਈ ਜਾਣ ਵਾਲੀ ਕੰਪਾਰਟਮੈਂਟ ਪ੍ਰੀਖਿਆ ਤੋਂ ਪਹਿਲਾਂ ਹੀ ਅਜਿਹੇ ਵਿਦਿਆਰਥੀ ਨੂੰ ਅਗਲੀ ਜਮਾਤ ਵਿੱਚ ਆਰਜ਼ੀ ਤੌਰ ’ਤੇ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਵਿਦਿਆਰਥੀਆਂ ਨੂੰ ਸਬੰਧਤ ਸਕੂਲ ਵੱਲੋਂ ਸਾਰੀਆਂ ਜ਼ਰੂਰੀ ਹਦਾਇਤਾਂ ਅਤੇ ਅਕਾਦਮਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਂਜ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਦਿਆਰਥੀ ਬੋਰਡ ਵੱਲੋਂ ਸਾਲਾਨਾ ਪ੍ਰੀਖਿਆ ਤੋਂ ਬਾਅਦ ਲਈ ਜਾਣ ਵਾਲੀ ਕੰਪਾਰਟਮੈਂਟ ਪ੍ਰੀਖਿਆ ਵਿੱਚ ਵੀ ਪਾਸ ਨਹੀਂ ਹੁੰਦਾ ਹੈ ਤਾਂ ਉਸ ਨੂੰ ਪਿਛਲੀ ਕਲਾਸ ਵਿੱਚ ਹੀ ਰੱਖਿਆ ਜਾਵੇਗਾ। ਪੰਜਵੀਂ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਸਬੰਧੀ ਮਿਆਰੀ ਪ੍ਰਸ਼ਨ ਪੱਤਰ ਤਿਆਰ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਬੋਰਡ ਦੀਆਂ ਅਗਲੀਆਂ ਕਲਾਸਾਂ ਵਿੱਚ ਪੜ੍ਹਨ ਵਿੱਚ ਕੋਈ ਮੁਸ਼ਕਲ ਨਾ ਆਵੇ। ਜ਼ਿਕਰਯੋਗ ਹੈ ਕਿ 9 ਸਾਲ ਪਹਿਲਾਂ 2010 ਵਿੱਚ ਰਾਈਟ ਟੂ ਐਜੂਕੇਸ਼ਨ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ ਪਹਿਲੀ ਤੋਂ ਅੱਠਵੀਂ ਤੱਕ ਦੇ ਸਾਰੇ ਬੱਚਿਆਂ ਨੂੰ ਪਾਸ ਕਰਨ ਦਾ ਫੈਸਲਾ ਲਿਆ ਗਿਆ ਸੀ। ਸਰਕਾਰੀ ਚਿੱਠੀ ਮਿਲਣ ਤੋਂ ਬਾਅਦ ਪੰਜਾਬ ਬੋਰਡ ਨੇ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲੈਣੀ ਬੰਦ ਕਰ ਦਿੱਤੀ ਸੀ। ਆਰਟੀਈ ਤਹਿਤ ਸਰਕਾਰ ਨੇ ਇਹ ਫੈਸਲਾ ਲਿਆ ਸੀ ਕਿ ਪਹਿਲੀ ਤੋਂ ਅੱਠਵੀਂ ਕਿਸੇ ਬੱਚੇ ਨੂੰ ਫੇਲ ਨਾ ਕੀਤਾ ਜਾਵੇ। ਪਿਛਲੇ ਸਮੇਂ ਤੋਂ ਐਸੀਸੀਈਆਰਟੀ ਵੱਲੋਂ ਪੰਜਵੀਂ ਅਤੇ ਅੱਠਵੀਂ ਦੀ ਆਮ ਪ੍ਰੀਖਿਆ ਲਈ ਜਾ ਰਹੀ ਸੀ ਪਰ ਹੁਣ ਇਸ ਅਦਾਰੇ ਨੇ ਆਪਣੇ ਹੱਥ ਖੜੇ ਕਰ ਦਿੱਤੇ ਹਨ ਅਤੇ ਬੋਰਡ ਨੂੰ ਪੱਤਰ ਲਿਖ ਕੇ ਕਿਹਾ ਗਿਆ ਕਿ ਇਨ੍ਹਾਂ ਜਮਾਤਾਂ ਦੀ ਪ੍ਰੀਖਿਆ ਲਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ