Nabaz-e-punjab.com

ਪੰਜਾਬ ਦੇ ਮੁਲਾਜ਼ਮ 8 ਜਨਵਰੀ ਨੂੰ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਕੌਮੀ ਹੜਤਾਲ

ਸਮੇਂ ਸਿਰ ਤਨਖ਼ਾਹਾਂ ਨਾ ਦੇਣ ਵਾਲੀ ਸਰਕਾਰ ਨੂੰ ਨੌ ਵਰਕ ਨੌ ਪੇਅ ਵਾਲਾ ਪੱਤਰ ਜਾਰੀ ਕਰਨ ਦਾ ਕੋਈ ਹੱਕ ਨਹੀਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਕੇਂਦਰ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ ਦੇਸ਼ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ 8 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਸੀਨੀਅਰ ਮੀਤ ਕਰਮਜੀਤ ਸਿੰਘ ਬੀਹਲਾ, ਰਾਮਜੀਦਾਸ ਚੌਹਾਨ, ਸੁਖਵਿੰਦਰ ਸਿੰਘ ਚਾਹਲ, ਦਰਸ਼ਨ ਬੇਲੂਮਾਜਰਾ, ਨੀਨਾ ਜੌਨ, ਮੁੱਖ ਸਲਾਹਕਾਰ ਵੇਦ ਪ੍ਰਕਾਸ਼ ਸ਼ਰਮਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਸ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਮੁਲਾਜ਼ਮ ਵਰਗ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ, ਗਰੀਬੀ, ਭੁੱਖਮਰੀ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਅਤੇ ਦੇਸ਼ ਨੂੰ ਆਰਥਿਕ ਮੰਦਵਾੜੇ ਵੱਲ ਧਕੇਲ ਦਿੱਤਾ ਹੈ। ਸਰਕਾਰ ਵੱਲੋਂ ਫਿਰਕੂ ਏਜੰਡੇ ਨੂੰ ਤਾਨਾਸ਼ਾਹੀ ਢੰਗ ਨਾਲ ਲਾਗੂ ਕਰਦਿਆਂ ਦੇਸ਼ ਵਿੱਚ ਦੰਗਿਆਂ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਸਰਕਾਰ ਵੀ ਮੁਲਾਜ਼ਮ, ਮਜ਼ਦੂਰਾਂ, ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਵਿੱਤ ਮੰਤਰੀ ਦੀ ਭੂਮਿਕਾ ਵੀ ਲੋਕ ਵਿਰੋਧੀ ਨਜ਼ਰ ਆ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਨੌ ਵਰਕ-ਨੌ ਪੇਅ ਦੇ ਹੁਕਮ ਜਾਰੀ ਕਰਕੇ ਆਪਣੀਆਂ ਮੰਗਾਂ ਲਈ ਸੰਘਰਸ਼ਸ਼ੀਲ ਲੋਕਾਂ ਦੇ ਜਮਹੂਰੀ ਹੱਕ ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ 8 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਮੁਲਾਜ਼ਮ ਹੜਤਾਲ ਕਰਕੇ ਸਰਕਾਰੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਮੁਲਾਜ਼ਮ ਆਗੂਆਂ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਨਾਕਾਮੀ ਅਤੇ ਨਾਲਾਇਕੀ ਦਾ ਵੇਰਵਾ ਦਿੰਦਿਆਂ ਕਿਹਾ ਕਿ ਜਿਹੜੀ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਅਤੇ ਭੱਤੇ ਨਹੀਂ ਦੇ ਸਕਦੀ, ਉਸ ਨੂੰ ਅਜਿਹੇ ਤਾਨਾਸ਼ਾਹੀ ਹੁਕਮ ਜਾਰੀ ਕਰਨ ਦਾ ਕੋਈ ਹੱਕ ਨਹੀਂ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…