
ਪੰਜਾਬ ਦੇ ਮੁਲਾਜ਼ਮ ਮੋਤੀ ਮਹਿਲ ਦੀ ਥਾਂ ਹੁਣ ਚੰਨੀ ਦੀ ਕੋਠੀ ਦੇ ਬਾਹਰ ਲਗਾਉਣਗੇ ਪੱਕਾ ਮੋਰਚਾ
ਸੂਬਾ ਸਰਕਾਰ ’ਤੇ ਚੋਣ ਵਾਅਦਿਆਂ ਤੋਂ ਮੂੰਹ ਫੇਰਨ ਦਾ ਦੋਸ਼, ਸੰਘਰਸ਼ ਤੇਜ਼ ਕਰਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ:
ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੇ ਹੁਣ ਮੋਤੀ ਮਹਿਲ ਦਾ ਖਹਿੜਾ ਛੱਡ ਕੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ ਵਹੀਰਾਂ ਘੱਤ ਲਈਆਂ ਹਨ। ਮੁਲਾਜ਼ਮ ਵਰਗ ਵੱਲੋਂ ਹੁਣ ਚੰਨੀ ਦੀ ਕੋਠੀ ਦੇ ਬਾਹਰ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।
ਹਾਲਾਂਕਿ ਪੰਜਾਬ ਤੇ ਯੂਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪਹਿਲਾਂ ਉਲੀਕੇ ਪ੍ਰੋਗਰਾਮ ਅਨੁਸਾਰ ਦੋ ਅਕਤੂਬਰ ਤੋਂ ਕੈਪਟਨ ਦੀ ਕੋਠੀ ਦੇ ਬਾਹਰ ਪੱਕਾ ਮੋਰਚਾ ਲਗਾਉਣਾ ਸੀ ਪਰ ਹੁਣ ਜਦੋਂ ਚਰਨਜੀਤ ਸਿੰਘ ਚੰਨੀ ਨਵੇਂ ਮੁੱਖ ਮੰਤਰੀ ਬਣ ਗਏ ਹਨ ਤਾਂ ਮੁਲਾਜ਼ਮ ਵਰਗ ਵੱਲੋਂ ਪਹਿਲਾਂ ਉਲੀਕੇ ਪ੍ਰੋਗਰਾਮ ਤਹਿਤ ਚੰਨੀ ਦੀ ਮੋਰਿੰਡਾ ਸਥਿਤ ਨਿੱਜੀ ਰਿਹਾਇਸ਼ ਦੇ ਬਾਹਰ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਮੁਲਾਜ਼ਮਾਂ ਦੀ ਲਾਮਬੰਦੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ ਤੋਂ ਬਾਅਦ ਅੱਜ ਇੱਥੇ ਪਸਸਫ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਸੈਣੀ, ਵਿੱਤ ਸਕੱਤਰ ਹਰਜੀਤ ਬਸੋਤਾ, ਪ੍ਰੈਸ ਸਕੱਤਰ ਐਨਡੀ ਤਿਵਾੜੀ, ਗੁਲਜ਼ਾਰ ਖਾਨ, ਕੁਲਬੀਰ ਮੋਗਾ, ਗਗਨਦੀਪ ਬਠਿੰਡਾ ਅਤੇ ਸੀਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਤਨਖ਼ਾਹ ਕਮਿਸ਼ਨ ਕਮਿਸ਼ਨ ਸਬੰਧੀ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ, ਉਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਸਾਂਝਾ ਫਰੰਟ 1 ਜਨਵਰੀ 2016 ਤੋਂ ਰਿਵਾਇਜ਼ਡ ਕੈਟਾਗਰੀਆਂ ਲਈ 2.72, ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਲਈ 2.89 ਅਤੇ ਅਨ-ਰਿਵਾਇਜ਼ਡ ਕੈਟਾਗਰੀਆਂ ਲਈ 3.06 ਦੇ ਗੁਣਾਂਕ ਅਨੁਸਾਰ ਤਨਖ਼ਾਹ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਕਰਦਾ ਆ ਰਿਹਾ ਹੈ। ਇਸ ਲਈ ਇਸ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕਾਂਗਰਸ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਚੋਣ ਵਾਅਦੇ ਮੁਤਾਬਕ ਸਰਕਾਰ ਦੇ ਆਖ਼ਰੀ ਪੜਾਅ ਤੱਕ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨਾ, ਕਿਰਤ ਕਾਨੂੰਨਾਂ ਦੀ ਉਲੰਘਣਾ ਕਰਕੇ ਵਰਕਰਾਂ ਨੂੰ ਮਾਣ-ਭੱਤਾ ਨਾ ਦੇਣਾ, ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਨਾ ਕਰਨਾ, 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ, ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਪੰਜਾਬ ਦੀ ਬਜਾਏ ਕੇਂਦਰ ਦੇ ਤਨਖ਼ਾਹ ਸਕੇਲ ਥੋਪਣਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਮੁਲਾਜ਼ਮ ਵਿਰੋਧੀ ਹੈ। ਉਨ੍ਹਾਂ ਨਵੇ ਮੁੱਖ ਮੰਤਰੀ ਤੋਂ ਆਸ ਕੀਤੀ ਕਿ ਉਹ ਸਾਂਝੇ ਫਰੰਟ ਦੇ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਕੇ ਮੁਲਾਜ਼ਮ ਮੰਗਾਂ ਅਤੇ ਚੋਣ ਵਾਅਦੇ ਪੂਰੇ ਕਰਨਗੇ।
ਇਸ ਮੀਟਿੰਗ ਵਿੱਚ ਦਵਾਰਕਾ ਪ੍ਰਸ਼ਾਦ, ਰਣਧੀਰ ਸਿੰਘ, ਜਗਤਾਰ ਸਿੰਘ, ਮਾ. ਸੁੱਚਾ ਸਿੰਘ ਚਹਿਲ, ਮੰਗਤ ਰਾਮ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਸ਼ਮਸ਼ੇਰ ਸਿੰਘ, ਨੀਰਜ ਕੁਮਾਰ, ਅਮਰਜੀਤ ਸਿੰਘ, ਜਸਵਿੰਦਰ ਸ਼ਰਮਾ, ਸੁਖਦੀਪ ਸਿੰਘ, ਰਾਜੇਸ਼ ਕੁਮਾਰ, ਮਨਦੀਪ ਸਿੰਘ ਭਿੰਡਰ, ਅਮਰਦੀਪ ਸਿੰਘ ਅਤੇ ਰਮਨਜੀਤ ਸਿੰਘ ਵੀ ਹਾਜ਼ਰ ਸਨ।