ਲੋਕਾਂ ਨੂੰ ਝੂਠ ਬੋਲ ਕੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ: ਮਜੀਠੀਆ

ਮੁਹਾਲੀ ਹਲਕੇ ਦਾ ਵਿਕਾਸ ਅਕਾਲੀ ਸਰਕਾਰ ਵੇਲੇ ਹੀ ਹੋਇਆ

ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ:
ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨੂੰ ਝੂਠ ਬੋਲ ਕੇ ਅਤੇ ਗੁਮਰਾਹ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਰਾਜ ਦੇ ਲੋਕਾਂ ਵਿੱਚ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਪ੍ਰਤੀ ਭਾਰੀ ਰੋਸ ਹੈ। ਅੱਜ ਇੱਥੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੇ ਦਫ਼ਤਰ ਵਿਖੇ ਮੁਹਾਲੀ ਹਲਕੇ ਦੇ ਵਿਕਾਸ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਚਰਚਾ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਪਹਿਲਾਂ ਤੋਂ ਵੀ ਵੱਧ ਗਈ ਹੈ ਅਤੇ ਪੰਜਾਬ ਦੀਆਂ ਸੜਕਾਂ ’ਤੇ ਨਸ਼ੇੜੀਆਂ ਅਤੇ ਅੌਰਤਾਂ ਦੀ ਵਾਇਰਲ ਹੋਈ ਤਾਜ਼ਾ ਵੀਡੀਓ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸ਼ਰ੍ਹੇਆਮ ਗੈਂਗਸਟਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਵੀ ਕਾਮੇਡੀ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ’ਤੇ ਲੋਕਾਂ ਦਾ ਧਿਆਨ ਹਟਾਉਣ ਲਈ ਬੇਲੋੜੀ ਬਿਆਨਬਾਜ਼ੀ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਹਲਕੇ ਦਾ ਜਿੰਨਾ ਵਿਕਾਸ ਹੋਇਆ ਹੈ ਉਹ ਪਿਛਲੀ ਅਕਾਲੀ ਸਰਕਾਰ ਵੇਲੇ ਹੀ ਹੋਇਆ ਹੈ ਅਤੇ ਆਪ ਸਰਕਾਰ ਨੇ ਆਪਣੇ ਡੇਢ ਸਾਲ ਦੇ ਸ਼ਾਸਨ ਦੌਰਾਨ ਮੁਹਾਲੀ ਵਿੱਚ ਵਿਕਾਸ ਲਈ ਡੱਕਾ ਵੀ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ, ਅੰਤਰਰਾਜੀ ਏਸੀ ਬੱਸ ਅੱਡਾ, ਚੌੜੀਆਂ ਸੜਕਾਂ, ਦਰਜਨਾਂ ਖੇਡ ਸਟੇਡੀਅਮ, ਕਿਸਾਨ ਚੈਂਬਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ, ਜ਼ਿਲ੍ਹਾ ਪਰਿਸ਼ਦ ਭਵਨ ਆਦਿ ਸਾਰੇ ਪ੍ਰਾਜੈਕਟ ਅਕਾਲੀ ਸਰਕਾਰ ਦੀ ਦੇਣ ਹਨ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਮਜੀਠੀਆ ਦਾ ਸਨਮਾਨ ਕੀਤਾ ਅਤੇ ਪਾਰਟੀ ਵਰਕਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸਰਕਾਰ ਦੀਆਂ ਵਧੀਕੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਾਬਕਾ ਵਿਧਾਇਕ ਐਨਕੇ ਸ਼ਰਮਾ, ਸਿਮਰਨਜੀਤ ਸਿੰਘ ਢਿੱਲੋਂ, ਕੈਪਟਨ ਰਮਨਦੀਪ ਸਿੰਘ ਬਾਵਾ, ਕੁਲਵੰਤ ਸਿੰਘ ਤ੍ਰਿਪੜੀ, ਨੰਬਰਦਾਰ ਹਰਵਿੰਦਰ ਸਿੰਘ, ਕਰਮਜੀਤ ਸਿੰਘ, ਜੀਤ ਸਿੰਘ, ਮਨਮੋਹਨ ਸਿੰਘ, ਅਮਿਤ ਵਰਮਾ, ਬਲਜੀਤ ਸਿੰਘ ਦੈੜੀ, ਦਫ਼ਤਰ ਇੰਚਾਰਜ ਅਮਨ ਪੂਨੀਆ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…